Bomb Controversy : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਹਾਈ ਕੋਰਟ ਤੋਂ ਰਾਹਤ
ਚੰਡੀਗੜ੍ਹ, 16ਅਪ੍ਰੈਲ(ਵਿਸ਼ਵ ਵਾਰਤਾ) Bomb Controversy : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਬਾਜਵਾ ਦੇ ਬੰਬ ਵਾਲੇ ਬਿਆਨ ਨੂੰ ਲੈ ਕੇ 22 ਅਪ੍ਰੈਲ ਤੱਕ ਉਸਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਨੇ ਮੋਹਾਲੀ ਸਾਈਬਰ ਪੁਲਿਸ ਸਟੇਸ਼ਨ ਵਿਖੇ ਦਰਜ ਕੀਤੇ ਗਏ ਮਾਮਲੇ ਨੂੰ ਰੱਦ ਕਰਨ ਲਈ ਹਾਈ ਕੋਰਟ ਦਾ ਰੁਖ਼ ਕੀਤਾ ਸੀ। ਬਾਜਵਾ ਨੇ ਕਿਹਾ ਸੀ ਕਿ ਇਹ ਮਾਮਲਾ ਰਾਜਨੀਤੀ ਤੋਂ ਪ੍ਰੇਰਿਤ ਹੈ। 13 ਅਪ੍ਰੈਲ ਨੂੰ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ, ਬਾਜਵਾ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਵਿੱਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿੱਚੋਂ 18 ਦੀ ਵਰਤੋਂ ਕੀਤੀ ਜਾ ਚੁੱਕੀ ਹੈ ਅਤੇ 32 ਬਾਕੀ ਹਨ। ਜਿਸ ਮਗਰੋਂ ਪੰਜਾਬ ਸਰਕਾਰ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਹੈ। ਉਸੇ ਦਿਨ 13 ਅਪ੍ਰੈਲ ਨੂੰ ਬਾਜਵਾ ਵਿਰੁੱਧ ਮੋਹਾਲੀ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ।
ਇਸੇ ਸੰਬੰਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਭਗ ਢਾਈ ਮਿੰਟ ਦਾ ਇੱਕ ਵੀਡੀਓ ਜਾਰੀ ਕੀਤਾ ਸੀ।
ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਬਾਜਵਾ ਨੂੰ ਬੰਬਾਂ ਬਾਰੇ ਜਾਣਕਾਰੀ ਦੇ ਸਰੋਤ ਦਾ ਖੁਲਾਸਾ ਕਰਨਾ ਚਾਹੀਦਾ ਹੈ, ਨਹੀਂ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਇਹ ਸਪਸ਼ਟ ਕਰਨਾ ਪਵੇਗਾ ਕਿ ਇਹ ਜਾਣਕਾਰੀ ਉਨ੍ਹਾਂ ਕੋਲ ਕਿੱਥੋਂ ਆਈ ਹੈ, ਨਹੀਂ ਤਾਂ ਦਹਿਸ਼ਤ ਫੈਲਾਉਣ ਸਬੰਧੀ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।
ਬੀਤੇ ਕੱਲ੍ਹ ਬਾਜਵਾ ਤੋਂ ਮੋਹਾਲੀ ਪੁਲਿਸ ਸਟੇਸ਼ਨ ਵਿੱਚ 6 ਘੰਟੇ ਪੁੱਛਗਿੱਛ ਕੀਤੀ ਗਈ ਸੀ। ਬਾਜਵਾ ਤੋਂ ਮੋਹਾਲੀ ਪੁਲਿਸ ਨੇ ਦੁਪਹਿਰ 2.30 ਵਜੇ ਤੋਂ ਰਾਤ 8 ਵਜੇ ਤੱਕ ਪੁੱਛਗਿੱਛ ਕੀਤੀ। ਕਾਂਗਰਸੀ ਆਗੂਆਂ ਨੇ ਸਾਈਬਰ ਪੁਲਿਸ ਸਟੇਸ਼ਨ ਦੇ ਬਾਹਰ ਬੈਠ ਕੇ ਵਿਰੋਧ ਪ੍ਰਦਰਸ਼ਨ ਕੀਤਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/