Breaking News : ਪੰਚਾਇਤੀ ਚੋਣਾਂ ਮਾਮਲਾ – ਹਾਈ ਕੋਰਟ ਨੇ ਚੋਣਾਂ ਰੱਦ ਕਰਨ ਤੋਂ ਕੀਤਾ ਇਨਕਾਰ, 250 ਸੀਟਾਂ ਤੇ ਲੱਗੀ ਰੋਕ ਨੂੰ ਵੀ ਹਟਾਇਆ
ਕੱਲ੍ਹ ਨੂੰ ਹੀ ਹੋਣਗੀਆਂ ਸੂਬੇ ਭਰ ਵਿੱਚ ਪੰਚਾਇਤਾਂ ਲਈ ਚੋਣਾਂ
ਚੰਡੀਗੜ੍ਹ, 14ਅਕਤੂਬਰ(ਵਿਸ਼ਵ ਵਾਰਤਾ)ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰੀਬ 700 ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ‘ਤੇ ਲੱਗੀ ਰੋਕ ਵੀ ਹਟਾ ਦਿੱਤੀ ਹੈ। ਕੱਲ੍ਹ ਸਵੇਰੇ 8 ਵਜੇ ਤੋਂ ਉਥੇ ਵੀ ਵੋਟਿੰਗ ਹੋਵੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਕਰਦਿਆਂ ਹੋਇਆਂ ਕਰੀਬ 250 ਪੰਚਾਇਤਾਂ ਦੀਆਂ ਚੋਣਾਂ ‘ਤੇ 14 ਅਕਤੂਬਰ ਤੱਕ ਰੋਕ ਲਗਾ ਦਿੱਤੀ ਗਈ ਸੀ, ਜੋ ਕਿ ਹੁਣ ਹਟਾ ਦਿੱਤੀ ਗਈ ਹੈ। ਪੰਜਾਬ ਵਿੱਚ ਕੱਲ੍ਹ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਗੁਰਮਿੰਦਰ ਸਿੰਘ ਨੇ ਕਿਹਾ ਕਿ ਇਹ ਆਮ ਲੋਕਾਂ ਲਈ ਵੱਡੀ ਰਾਹਤ ਹੈ। ਪੰਚਾਇਤੀ ਚੋਣਾਂ ਸਬੰਧੀ ਸੁਣਵਾਈ ਅੱਜ ਸਵੇਰ ਤੋਂ ਹੀ ਹਾਈ ਕੋਰਟ ਵਿੱਚ ਸ਼ੁਰੂ ਹੋ ਗਈ ਸੀ। ਇਸ ਦੌਰਾਨ ਹਰੇਕ ਪਟੀਸ਼ਨ ਨੂੰ ਵੱਖਰੇ ਆਧਾਰ ‘ਤੇ ਚੁਣੌਤੀ ਦਿੱਤੀ ਗਈ। ਪੰਜਾਬ ਦੇ ਐਡਵੋਕੇਟ ਜਨਰਲ ਆਪਣੀ ਟੀਮ ਨਾਲ ਅਦਾਲਤ ਵਿੱਚ ਹਾਜ਼ਰ ਸਨ।