Budget Session 2026: ਲੋਕ ਸਭਾ ਸਪੀਕਰ ਓਮ ਬਿਰਲਾ ਖ਼ਿਲਾਫ਼ ਬੇਭਰੋਸਗੀ ਮਤਾ; 118 ਸਾਂਸਦਾਂ ਨੇ ਕੀਤੇ ਦਸਤਖਤ
ਨਵੀ ਦਿੱਲੀ, 10 ਫਰਵਰੀ 2026 (ਵਿਸ਼ਵ ਵਾਰਤਾ) – ਸੰਸਦ ਵਿੱਚ ਜਾਰੀ ਹੰਗਾਮੇ ਦੇ ਵਿਚਕਾਰ, ਵਿਰੋਧੀ ਧਿਰ ਨੇ ਲੋਕ ਸਭਾ ਸਪੀਕਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਵਿਰੋਧੀ ਧਿਰ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਦੇ ਖ਼ਿਲਾਫ਼ ਬੇਭਰੋਸਗੀ ਮਤੇ ਦਾ ਨੋਟਿਸ ਪੇਸ਼ ਕਰ ਦਿੱਤਾ ਹੈ। 118 ਸੰਸਦ ਮੈਂਬਰਾਂ ਨੇ ਇਸ ‘ਤੇ ਦਸਤਖ਼ਤ ਕੀਤੇ ਹਨ। ਕਾਂਗਰਸ ਸੰਸਦ ਮੈਂਬਰ ਗੌਰਵ ਗੋਗੋਈ ਨੇ ਕਿਹਾ ਕਿ ਸਪੀਕਰ ਨੂੰ ਹਟਾਉਣ ਲਈ ਸੰਵਿਧਾਨ ਦੀ ਧਾਰਾ 94-ਸੀ ਤਹਿਤ ਲੋਕ ਸਭਾ ਸਕੱਤਰੇਤ ਨੂੰ ਨੋਟਿਸ ਦਿੱਤਾ ਗਿਆ ਹੈ।
ਨੋਟਿਸ ਵਿੱਚ ਵਿਰੋਧੀ ਧਿਰ ਨੇ ਕਿਹਾ ਹੈ ਕਿ ਲੋਕ ਸਭਾ ਸਪੀਕਰ ਲਗਾਤਾਰ ਵਿਰੋਧੀ ਸਾਂਸਦਾਂ ਨੂੰ ਜਨਤਕ ਹਿੱਤ ਦੇ ਮੁੱਦੇ ਉਠਾਉਣ ਤੋਂ ਰੋਕ ਰਹੇ ਹਨ। ਨੋਟਿਸ ਵਿੱਚ ਦੱਸਿਆ ਗਿਆ ਕਿ ਧਾਰਾ 94(ਸੀ) ਦੇ ਤਹਿਤ ਨੋਟਿਸ ਦਿੱਤਾ ਗਿਆ ਹੈ ਕਿਉਂਕਿ ਸਪੀਕਰ ਖੁੱਲ੍ਹੇਆਮ ਪੱਖਪਾਤ ਕਰ ਰਹੇ ਹਨ, ਵਿਰੋਧੀ ਧਿਰ ਦੇ ਅੱਠ ਸਾਂਸਦਾਂ ਨੂੰ ਮਨਮਾਨੇ ਢੰਗ ਨਾਲ ਮੁਅੱਤਲ ਕਰ ਦਿੱਤਾ ਗਿਆ; ਉਹਨਾਂ ਨੂੰ ਸਿਰਫ਼ ਲੋਕਤੰਤਰੀ ਅਧਿਕਾਰਾਂ ਦੀ ਵਰਤੋਂ ਕਰਨ ਲਈ ਸਜ਼ਾ ਦਿੱਤੀ ਜਾ ਰਹੀ ਹੈ। ਕਈ ਮੌਕਿਆਂ ‘ਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਬੋਲਣ ਦੀ ਇਜਾਜ਼ਤ ਹੀ ਨਹੀਂ ਦਿੱਤੀ ਗਈ, ਜਦਕਿ ਇਹ ਉਹਨਾਂ ਦਾ ਮੌਲਿਕ ਅਧਿਕਾਰ ਹੈ।
ਇਸ ਤੋਂ ਪਹਿਲਾਂ ਬਜਟ ਸੈਸ਼ਨ ਦੇ 10ਵੇਂ ਦਿਨ ਮੰਗਲਵਾਰ ਨੂੰ ਲੋਕ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਕੋਈ ਕਾਰਵਾਈ ਨਹੀਂ ਹੋ ਸਕੀ। ਸਵੇਰੇ 11 ਵਜੇ ਸਦਨ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਨੇ ਜ਼ੋਰਦਾਰ ਹੰਗਾਮਾ ਕੀਤਾ। ਮਹਿਜ਼ 1 ਮਿੰਟ ਬਾਅਦ ਚੇਅਰ ‘ਤੇ ਮੌਜੂਦ ਪੀ.ਸੀ. ਮੋਹਨ ਨੇ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ।
ਦੁਪਹਿਰ 12 ਵਜੇ ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ ਹੋਈ। ਇਸ ਦੌਰਾਨ ਵੀ ਵਿਰੋਧੀ ਧਿਰ ਦਾ ਹੰਗਾਮਾ ਜਾਰੀ ਰਿਹਾ। ਸਾਂਸਦ ‘ਵੀ ਵਾਂਟ ਜਸਟਿਸ’ (ਸਾਨੂੰ ਇਨਸਾਫ਼ ਚਾਹੀਦਾ ਹੈ) ਦੇ ਨਾਅਰੇ ਲਗਾਉਂਦੇ ਰਹੇ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























