ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ
– ਮੰਤਰੀ ਸੌਂਦ ਨੇ ਲੋਕ ਮਿਲਣੀ ਸਮਾਗਮਾਂ ਦੌਰਾਨ ਪਿੰਡ ਗੰਢੂਆ ਨੂੰ 10 ਲੱਖ ਰੁਪਏ ਅਤੇ ਗੱਗੜਮਾਜਰਾ ਨੂੰ 13 ਲੱਖ ਰੁਪਏ ਦੀ ਦਿੱਤੀ ਗ੍ਰਾਂਟ
ਲੁਧਿਆਣਾ, 16 ਜੂਨ (ਵਿਸ਼ਵ ਵਾਰਤਾ): ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਗਲਵਾਰ ਨੂੰ ਹਲਕਾ ਖੰਨਾ ਦੇ ਪਿੰਡ ਗੰਢੂਆ ਅਤੇ ਗੱਗੜਮਾਜਰਾ ਵਿੱਚ ਲੋਕ ਮਿਲਣੀ ਕੀਤੀ। ਇਸ ਮੌਕੇ ਉਨ੍ਹਾਂ ਨੇ ਵੱਡੀ ਗਿਣਤੀ ਵਿੱਚ ਪਹੁੰਚੇ ਪਿੰਡ ਵਾਸੀਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਰੋਜ਼ਮਰਾ ਜ਼ਿੰਦਗੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੇ ਤੁਰੰਤ ਅਤੇ ਟਿਕਾਊ ਹੱਲ ਲਈ ਸੰਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡ ਗੱਗੜਮਾਜਰਾ ਮਾਜਰਾ ਦੇ ਵਿਕਾਸ ਕਾਰਜਾਂ ਲਈ 13 ਲੱਖ ਰੁਪਏ ਦੀ ਗਰਾਂਟ ਦਿੱਤੀ, ਜਿਸ ਵਿੱਚ 5 ਲੱਖ ਰੁਪਏ ਬੱਸ ਸਟੈਂਡ ਲਈ, 3 ਲੱਖ ਰੁਪਏ ਗਲੀਆਂ ਲਈ ਅਤੇ 5 ਲੱਖ ਰੁਪਏ ਛੱਪੜ ਲਈ ਦਿੱਤੇ ਗਏ। ਇਸੇ ਤਰ੍ਹਾਂ ਮੰਤਰੀ ਵੱਲੋਂ ਪਿੰਡ ਗੰਢੂਆ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ ਜਿਸ ਵਿੱਚ 5 ਲੱਖ ਰੁਪਏ ਧਰਮਸ਼ਾਲਾ ਲਈ ਅਤੇ 5 ਲੱਖ ਰੁਪਏ ਖੇਡ ਗਰਾਊਂਂਡ ਲਈ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਹੋਣਗੀਆਂ।
ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਹਲਕਾ ਖੰਨਾ ਵਿੱਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ ਅਤੇ ਹਰ ਪਿੰਡ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਵੀਆਂ ਸੜਕਾਂ, ਸੀਵਰੇਜ ਲਾਈਨਾਂ, ਪਾਣੀ ਸਪਲਾਈ ਪ੍ਰੋਜੈਕਟ, ਟੋਬੇ/ਛੱਪੜਾ ਅਤੇ ਖੇਡ ਮੈਦਾਨਾਂ ਆਦਿ ਕੰਮਾਂ ‘ਤੇ ਤੇਜ਼ੀ ਨਾਲ ਕੰਮ ਹੋ ਰਿਹਾ ਹੈ ਤਾਂ ਜੋ ਲੋਕਾਂ ਨੂੰ ਬਿਹਤਰ ਜੀਵਨ ਸਤਰ ਮੁਹੱਈਆ ਕਰਵਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਉਹ ਖੁਦ ਖੰਨਾ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ ਅਤੇ ਸਮੇਂ-ਸਮੇਂ ‘ਤੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗਾਂ ਕਰਕੇ ਕੰਮ ਦੀ ਗਤੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਦੇਣਾ ਹੈ।
ਬਾਅਦ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਲੋਕ ਮਿਲਣੀ ਸਮਾਗਮਾਂ ਦਾ ਉਦੇਸ਼ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ ਅਤੇ ਜ਼ਮੀਨੀ ਪੱਧਰ ‘ਤੇ ਮਸਲਿਆਂ ਦਾ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਸਿੱਧੇ ਤੌਰ ‘ਤੇ ਲੋਕਾਂ ਨਾਲ ਜੁੜਨ ਲਈ ਆਯੋਜਿਤ ਕੀਤੇ ਗਏ ਹਨ।
ਮੰਤਰੀ ਸੌਂਦ ਨੇ ਕਿਹਾ, “ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨ ਲਈ, ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ ਜੋ ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਹੈ, ਜਿਸ ਨੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਂਦੇ ਹੋਏ ਜਨਤਾ ‘ਤੇ ਵਿੱਤੀ ਬੋਝ ਨੂੰ ਕਾਫ਼ੀ ਘਟਾ ਦਿੱਤਾ ਹੈ।”
ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਕਿ ਬਕਾਮਾਲ ਹੈ। ਮੰਤਰੀ ਸੌਂਦ ਨੇ ਕਿਹਾ, “ਪਹਿਲਾਂ ਕਿਸਾਨਾਂ ਨੂੰ ਬਿਜਲੀ ਦੀ ਉਡੀਕ ਵਿੱਚ ਰਾਤਾਂ ਖੇਤਾਂ ਵਿੱਚ ਗੁਜ਼ਾਰਨੀਆਂ ਪੈਂਦੀਆਂ ਸਨ, ਪਰ ਅੱਜ ਉਨ੍ਹਾਂ ਨੂੰ ਦਿਨ ਦੇ ਸਮੇਂ ਬਿਜਲੀ ਮਿਲ ਰਹੀ ਹੈ।”
ਮੰਤਰੀ ਸੌਂਦ ਨੇ ਸਿੰਚਾਈ ਅਤੇ ਪਾਣੀ ਪ੍ਰਬੰਧਨ ਵਿੱਚ ਆਏ ਸੁਧਾਰਾਂ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ, “ਜਦੋਂ ਪੰਜਾਬ ਸਰਕਾਰ ਨੇ ਕਾਰਜਭਾਰ ਸੰਭਾਲਿਆ ਸੀ, ਉਸ ਵੇਲੇ ਸਿਰਫ਼ 21 ਫ਼ੀਸਦੀ ਨਹਿਰੀ ਪਾਣੀ ਖੇਤ ਸਿੰਜਣ ਲਈ ਵਰਤਿਆ ਜਾ ਰਿਹਾ ਸੀ। ਅੱਜ ਪੰਜਾਬ ਵਿੱਚ 70 ਫ਼ੀਸਦੀ ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ।
ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣ ਲਈ 6,900 ਕਿਲੋਮੀਟਰ ਖਾਲਿਆਂ ਅਤੇ 18,349 ਖੇਲਾਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਹੋਇਆ ਹੈ।”ਰੋਜ਼ਗਾਰ ਅਤੇ ਸਿੱਖਿਆ ਸੁਧਾਰਾਂ ਬਾਰੇ ਸਰਕਾਰ ਦੀਆਂ ਪ੍ਰਾਪਤੀਆਂ ਉਜਾਗਰ ਕਰਦੇ ਹੋਏ ਮੰਤਰੀ ਸੌਂਦ ਨੇ ਕਿਹਾ, “65,000 ਤੋਂ ਵੱਧ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਿਸ਼ ਦੇ ਦਿੱਤੀਆਂ ਗਈਆਂ ਹਨ, ਜਿਸ ਨਾਲ ਸਮਾਜ ਦੇ ਹਰ ਵਰਗ ਵਿੱਚ ਸੰਤੁਸ਼ਟੀ ਹੈ।
ਉਨ੍ਹਾਂ ਕਿਹਾ, “ਸਿੱਖਿਆ ਖੇਤਰ ਵਿੱਚ, ਪੰਜਾਬ ਭਰ ਵਿੱਚ ਸਕੂਲ ਆਫ ਐਮੀਨੈਂਸ ਸਥਾਪਿਤ ਕੀਤੇ ਗਏ ਹਨ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ। ਇਨ੍ਹਾਂ ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਵਿਗਿਆਨਕ ਤੌਰ ‘ਤੇ ਸਿੱਖਣ ਲਈ ਆਧੁਨਿਕ ਲੈਬੋਰਟਰੀਆਂ ਅਤੇ ਸਰੀਰਕ ਤੌਰ ਤੇ ਤੰਦਰੁਸਤੀ ਲਈ ਖੇਡ ਮੈਦਾਨ ਹਨ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























