CBSE ਤੋਂ ਬਾਅਦ ਰਾਜ ਸਰਕਾਰਾਂ ਵੀ ਕਰ ਸਕਦੀਆਂ ਹਨ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਰੱਦ
ਪੰਜਾਬ,ਹਰਿਆਣਾ ਅਤੇ ਹਿਮਾਚਲ ਬੋਰਡ ਵੀ ਜਲਦ ਲੈ ਸਕਦੇ ਹਨ ਫੈਸਲਾ
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਵਿਦਿਆਰਥੀਆਂ ਦੀ ਸੁਰੱਖਿਆ ਸਾਡੀ ਪਹਿਲ
ਚੰਡੀਗੜ੍ਹ, 1ਜੂਨ(ਨਵਜੋਤ ਕੌਰ ਪਨੂੰਆਂ)- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਉੱਚ ਪੱਧਰੀ ਮੀਟਿੰਗ ਵਿੱਚ ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਸਾਡੀ ਪਹਿਲ ਹੈ ਅਤੇ ਕੋਰੋਨਾ ਮਹਾਮਾਰੀ ਦੌਰਾਨ ਵਿਦਿਆਰਥੀ, ਮਾਪੇ ਅਤੇ ਅਧਿਆਪਕ ਅਜਿਹੀ ਸਥਿਤੀ ਵਿਚ ਵਿਦਿਆਰਥੀਆਂ ਦੀ ਸਿਹਤ ਪ੍ਰਤੀ ਕੁਦਰਤੀ ਤੌਰ ‘ਤੇ ਚਿੰਤਤ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਜਿਹੀ ਤਣਾਅ ਭਰੀ ਸਥਿਤੀ ਵਿਚ ਪ੍ਰੀਖਿਆ ਲਈ ਆਉਣ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ।
ਇਸ ਫੈਸਲੇ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਹੁਣ ਰਾਜ ਸਰਕਾਰਾਂ ਵੀ ਆਪਣੇ-ਆਪਣੇ ਸੂਬਿਆਂ ਦੇ ਬੋਰਡ ਦੀਆਂ ਪ੍ਰੀਖਿਆਵਾਂ ਸੀਬੀਐਸਈ ਦੀ ਤਰਜ ਤੇ ਰੱਦ ਕਰ ਸਕਦੀਆਂ ਹਨ। ਪੰਜਾਬ ਸਮੇਤ ਕਈ ਸੂਬਿਆਂ ਨੇ ਪਹਿਲਾਂ ਹੀ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਅਤੇ ਹੋਰ ਕਈ ਸਰਕਾਰੀ ਨੌਕਰੀਆਂ ਦੀ ਭਰਤੀ ਦੇ ਪੇਪਰ ਮਹਾਂਮਾਰੀ ਨੂੰ ਦੇਖਦੇ ਹੋਏ ਮੁਲਤਵੀ ਕਰ ਦਿੱਤੇ ਹਨ।