Latest News || ਪੀਐਮ ਮੋਦੀ ਦਾ ਪੋਲੈਂਡ ਦੌਰਾ : ਭਾਰਤ ਅਤੇ ਪੋਲੈਂਡ ਨੇ ਦੁਵੱਲੇ ਸਬੰਧਾਂ ਨੂੰ ਰਣਨੀਤਕ ਸਬੰਧਾਂ ਵਿੱਚ ਬਦਲਣ ਦਾ ਕੀਤਾ ਫੈਸਲਾ
ਨਵੀਂ ਦਿੱਲੀ 23 ਅਗਸਤ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਮੋਦੀ ਨੇ ਵਾਰਸਾ ਵਿੱਚ ਪੋਲਿਸ਼ ਪ੍ਰਧਾਨ ਮੰਤਰੀ ਡੋਨਾਲਡ ਟਸਕ ਨਾਲ ਵਫ਼ਦ ਪੱਧਰੀ ਗੱਲਬਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਦੋਵੇਂ ਦੇਸ਼ ਕੂਟਨੀਤਕ ਸਬੰਧਾਂ ਦੀ 70ਵੀਂ ਵਰ੍ਹੇਗੰਢ ਮਨਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪੋਲੈਂਡ ਦੇ ਸਬੰਧ ਲੋਕਤੰਤਰ ਅਤੇ ਕਾਨੂੰਨ ਦੇ ਸ਼ਾਸਨ ਦੀਆਂ ਸਾਂਝੀਆਂ ਕਦਰਾਂ-ਕੀਮਤਾਂ ‘ਤੇ ਆਧਾਰਿਤ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਦਾ ਦਿਨ ਭਾਰਤ ਅਤੇ ਪੋਲੈਂਡ ਦੇ ਸਬੰਧਾਂ ਵਿੱਚ ਵਿਸ਼ੇਸ਼ ਤੌਰ ‘ਤੇ ਮਹੱਤਵਪੂਰਨ ਹੈ ਕਿਉਂਕਿ 45 ਸਾਲਾਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਭਾਰਤੀ ਪ੍ਰਧਾਨ ਮੰਤਰੀ ਨੇ ਪੋਲੈਂਡ ਦਾ ਦੌਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਟਸਕ ਲੰਬੇ ਸਮੇਂ ਤੋਂ ਭਾਰਤ ਦੇ ਦੋਸਤ ਰਹੇ ਹਨ ਅਤੇ ਉਨ੍ਹਾਂ ਨੇ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਵਧਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੇ ਲੋਕ 2022 ਵਿੱਚ ਯੂਕਰੇਨ ਸੰਘਰਸ਼ ਦੌਰਾਨ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਵਿੱਚ ਪੋਲੈਂਡ ਦੀ ਸਹਾਇਤਾ ਨੂੰ ਕਦੇ ਨਹੀਂ ਭੁੱਲ ਸਕਦਾ। ਪੀਐਮ ਮੋਦੀ ਨੇ ਕਿਹਾ ਕਿ ਭਾਰਤ ਅਤੇ ਪੋਲੈਂਡ ਅੰਤਰਰਾਸ਼ਟਰੀ ਪੱਧਰ ‘ਤੇ ਨੇੜਿਓਂ ਸਹਿਯੋਗ ਕਰਨ ਦੇ ਇੱਛੁਕ ਹਨ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ ਸੰਯੁਕਤ ਰਾਸ਼ਟਰ ਅਤੇ ਹੋਰ ਅੰਤਰਰਾਸ਼ਟਰੀ ਸੰਸਥਾਵਾਂ ਵਿੱਚ ਸੁਧਾਰ ਦੀ ਲੋੜ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਆਲਮੀ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਇਹ ਸੁਧਾਰ ਸਮੇਂ ਦੀ ਲੋੜ ਹੈ।
ਪੀਐਮ ਨੇ ਪੋਲਿਸ਼ ਕੰਪਨੀਆਂ ਨੂੰ ਭਾਰਤ ਦੇ ਮੇਕ ਇਨ ਇੰਡੀਆ ਪ੍ਰੋਗਰਾਮ ਵਿੱਚ ਨਿਵੇਸ਼ ਕਰਨ ਅਤੇ ਵਿਸ਼ਵ ਲਈ ਨਿਰਮਾਣ ਕਰਨ ਦਾ ਸੱਦਾ ਦਿੱਤਾ। ਸ਼੍ਰੀ ਮੋਦੀ ਨੇ ਕਿਹਾ ਕਿ ਪੋਲੈਂਡ ਜਨਵਰੀ 2025 ਵਿੱਚ ਯੂਰਪੀ ਸੰਘ ਦੀ ਪ੍ਰਧਾਨਗੀ ਸੰਭਾਲੇਗਾ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪੋਲੈਂਡ ਦੀ ਸਹਾਇਤਾ ਨਾਲ ਭਾਰਤ ਅਤੇ ਯੂਰਪੀਅਨ ਯੂਨੀਅਨ ਦਰਮਿਆਨ ਸਬੰਧਾਂ ਵਿੱਚ ਵਾਧਾ ਹੋਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਯੂਕਰੇਨ ਅਤੇ ਪੱਛਮੀ ਏਸ਼ੀਆ ਵਿੱਚ ਚੱਲ ਰਿਹਾ ਸੰਘਰਸ਼ ਸਾਡੇ ਸਾਰਿਆਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ, ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਦ੍ਰਿੜਤਾ ਨਾਲ ਵਿਸ਼ਵਾਸ ਕਰਦਾ ਹੈ ਕਿ ਯੁੱਧ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਕਟ ਸਮੇਂ ਬੇਕਸੂਰ ਲੋਕਾਂ ਦਾ ਕਤਲ ਸਮੁੱਚੀ ਮਨੁੱਖਤਾ ਲਈ ਸਭ ਤੋਂ ਵੱਡੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸ਼ਾਂਤੀ ਅਤੇ ਸਥਿਰਤਾ ਨੂੰ ਜਲਦੀ ਬਹਾਲ ਕਰਨ ਲਈ ਗੱਲਬਾਤ ਅਤੇ ਕੂਟਨੀਤੀ ਦਾ ਸਮਰਥਨ ਕਰਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਇਸ ਦੇ ਲਈ ਆਪਣੇ ਮਿੱਤਰ ਦੇਸ਼ਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ।