Chandigarh Court ‘ਚ ਅੱਜ No Work Day ; ਪੜੋ ਵੱਡਾ ਕਾਰਨ
ਚੰਡੀਗੜ੍ਹ, 4 ਅਗਸਤ 2025(ਵਿਸ਼ਵ ਵਾਰਤਾ): ਚੰਡੀਗੜ੍ਹ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਸੋਮਵਾਰ, 4 ਅਗਸਤ ਨੂੰ “ਨੋ ਵਰਕ ਡੇ” ਵਜੋਂ ਘੋਸ਼ਿਤ ਕੀਤਾ ਹੈ। ਇਹ ਫੈਸਲਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਚੰਡੀਗੜ੍ਹ ਦੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਸਾਰਿਆਂ ਦੀ ਸਹਿਮਤੀ ਨਾਲ ਲਿਆ ਗਿਆ ਹੈ।
ਚੰਡੀਗੜ੍ਹ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਇਹ ਫੈਸਲਾ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਵੱਲੋਂ ਦਿੱਤੇ ਗਏ ਰਾਜ ਪੱਧਰੀ ਬੰਦ ਦੇ ਸੱਦੇ ਦੇ ਸਮਰਥਨ ਵਿੱਚ ਲਿਆ ਹੈ। ਕਾਰਜਕਾਰਨੀ ਨੇ ਕਿਹਾ ਕਿ ਉਹ ਪੂਰੀ ਤਰ੍ਹਾਂ ਅੰਮ੍ਰਿਤਸਰ ਬਾਰ ਦੇ ਨਾਲ ਹਨ ਅਤੇ ਪ੍ਰਸ਼ਾਸਨ ਤੋਂ ਮੰਗ ਕਰਦੇ ਹਨ ਕਿ ਹਮਲਾਵਰਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।
ਇਸ ਦੇ ਨਾਲ ਹੀ ਸਕੱਤਰ ਅਮੀਸ਼ ਸ਼ਰਮਾ ਨੇ ਕਿਹਾ ਕਿ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਵਿੱਚ ਵਕੀਲ ਲਖਵਿੰਦਰ ਸਿੰਘ ਨੂੰ 21 ਜੁਲਾਈ ਨੂੰ ਬਦਮਾਸ਼ਾਂ ਨੇ ਘੇਰ ਕੇ ਗੋਲੀਆਂ ਮਾਰ ਦਿੱਤੀਆਂ ਸਨ। ਗੋਲੀਬਾਰੀ ਵਿੱਚ ਲਖਵਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਏ। ਸ਼ਨੀਵਾਰ ਨੂੰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਪੂਰੇ ਸੂਬੇ ਦੇ ਵਕੀਲਾਂ ‘ਚ ਗੁੱਸਾ ਹੈ।






















