Chandigarh ‘ਚ ਹੋਵੇਗੀ ਹੁਣ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ
– ਹਾਈਕੋਰਟ ਨੇ ਫ਼ਰੀਦਕੋਟ ਤੋਂ ਚੰਡੀਗੜ੍ਹ ਕੇਸ ਤਬਦੀਲ ਕਰਨ ਦੇ ਦਿੱਤੇ ਹੁਕਮ
ਚੰਡੀਗੜ੍ਹ, 9 ਅਪ੍ਰੈਲ (ਵਿਸ਼ਵ ਵਾਰਤਾ) – ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਹੁਣ ਚੰਡੀਗੜ੍ਹ ਅਦਾਲਤ ਵਿੱਚ ਹੋਵੇਗੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਇਹ ਮਾਮਲਾ ਫ਼ਰੀਦਕੋਟ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤਾ ਗਿਆ ਹੈ। ਇਹ ਫੈਸਲਾ ਮੁਲਜ਼ਮ ਐਸ.ਐਸ.ਪੀ (SSP) ਚਰਨਜੀਤ ਸਿੰਘ ਦੀ ਪਟੀਸ਼ਨ ‘ਤੇ ਲਿਆ ਗਿਆ ਹੈ।
ਇਸ ਮਾਮਲੇ ਵਿੱਚ ਬਚਾਅ ਪੱਖ ਦੇ ਵਕੀਲ ਗੁਪਤਾ ਨੇ ਦੱਸਿਆ ਕਿ ਹੁਣ ਕੋਟਕਪੂਰਾ ਗੋਲੀਕਾਂਡ ਨਾਲ ਜੁੜੇ ਮਾਮਲਿਆਂ ਦੀ ਸੁਣਵਾਈ ਵੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲਿਆਂ ਵਾਂਗ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਹੀ ਹੋਵੇਗੀ, ਜਿਸ ਨਾਲ ਇਨ੍ਹਾਂ ਮਾਮਲਿਆਂ ਦੀ ਅਗਲੇਰੀ ਕਾਰਵਾਈ ਇੱਕੋ ਥਾਂ ‘ਤੇ ਕੇਂਦਰਿਤ ਹੋ ਜਾਵੇਗੀ। ਸਾਰੀਆਂ ਘਟਨਾਵਾਂ ਇੱਕ-ਦੂਜੇ ਨਾਲ ਜੁੜੀਆਂ ਹੋਈਆਂ ਹਨ । ਹਾਈਕੋਰਟ ਦੇ ਇਸ ਫ਼ੈਸਲੇ ਨਾਲ ਹੁਣ ਦੋਵੇਂ ਸੰਬੰਧਿਤ ਮਾਮਲਿਆਂ ਦੀ ਸੁਣਵਾਈ ਇਕੋ ਥਾਂ ‘ਤੇ ਹੋਣ ਨਾਲ ਕਾਰਵਾਈ ਵਿਚ ਤੇਜ਼ੀ ਆਉਣ ਦੀ ਉਮੀਦ ਹੈ।
ਦੱਸ ਦਈਏ ਕਿ 12 ਅਕਤੂਬਰ 2015 ਨੂੰ ਫ਼ਰੀਦਕੋਟ ਦੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ। ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਰੋਸ ਪ੍ਰਦਰਸ਼ਨ ਕੀਤੇ, ਜਿਨ੍ਹਾਂ ਨੂੰ ਪੁਲਿਸ ਨੇ ਖਤਮ ਕਰਵਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ 14 ਅਕਤੂਬਰ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਬਲ ਦਾ ਪ੍ਰਯੋਗ ਕੀਤਾ। ਬਹਿਬਲ ਕਲਾਂ ਵਿੱਚ ਪੁਲਿਸ ਨੇ ਫਾਇਰਿੰਗ ਕੀਤੀ ਸੀ, ਜਿਸ ਵਿੱਚ 2 ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੁਣ ਵੱਡੇ ਹੁਕਮ ਜਾਰੀ ਕਰਦਿਆਂ ਕੋਟਕਪੂਰਾ ਗੋਲੀਕਾਂਡ ਮਾਮਲੇ ਦਾ ਟਰਾਇਲ ਫਰੀਦਕੋਟ ਦੀ ਟਰਾਇਲ ਕੋਰਟ ਤੋਂ ਚੰਡੀਗੜ੍ਹ ਦੀ ਟਰਾਇਲ ਕੋਰਟ ‘ਚ ਤਬਦੀਲ ਕਰਨ ਦੇ ਹੁਕਮ ਦਿੱਤੇ ਹਨ। ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦਾ ਟਰਾਇਲ ਪਹਿਲਾ ਹੀ ਫਰੀਦਕੋਟ ਤੋਂ ਚੰਡੀਗੜ੍ਹ ਤਬਦੀਲ ਕੀਤਾ ਜਾ ਚੁੱਕਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























