ਚੰਡੀਗੜ੍ਹ, 25 ਅਗਸਤ ( ਵਿਸ਼ਵ ਵਾਰਤਾ )-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਭਾਜਪਾ ਸੰਸਦ ਕੰਗਨਾ ਰਣੌਤ ਦੇ ਵਿਵਾਦਿਤ ਬਿਆਨਾਂ ਲਈ ਉਨ੍ਹਾਂ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਬਿਆਨ ਦੇ ਰਹੀ ਹੈ। CHANDIGARH NEWS
ਐਤਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਬਿਆਨ ‘ਚ ਨੀਲ ਗਰਗ ਨੇ ਕਿਹਾ ਕਿ ਕੰਗਨਾ ਰਣੌਤ ਕਦੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਵਾਲੇ ਬਿਆਨ ਦਿੰਦੀ ਹੈ ਅਤੇ ਕਦੇ ਪੰਜਾਬੀਆਂ ਨੂੰ ਅੱਤਵਾਦੀ ਦੱਸਦੀ ਹੈ। ਉਨ੍ਹਾਂ ਦੇ ਬਿਆਨਾਂ ਤੋਂ ਇੰਜ ਜਾਪਦਾ ਹੈ ਕਿ ਉਨ੍ਹਾਂ ਨੂੰ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਦਾ ਸਮਰਥਨ ਹਾਸਲ ਹੈ ਜਾਂ ਪਾਰਟੀ ਵਲੋਂ ਜਾਣਬੁੱਝ ਕੇ ਉਨ੍ਹਾਂ ਨੂੰ ਅਜਿਹੇ ਬਿਆਨ ਦੇਣ ਲਈ ਕਿਹਾ ਜਾ ਰਿਹਾ ਹੈ।
ਗਰਗ ਨੇ ਕਿਹਾ ਕਿ ਭਾਜਪਾ ਕਿਸਾਨ ਅੰਦੋਲਨ ਦੇ ਸਮੇਂ ਤੋਂ ਹੀ ਪੰਜਾਬ ਨੂੰ ਨਿਸ਼ਾਨਾ ਬਣਾ ਰਹੀ ਹੈ। ਜੋ ਵੀ ਮੋਦੀ ਸਰਕਾਰ ਵਿਰੁੱਧ ਆਵਾਜ਼ ਉਠਾਉਂਦਾ ਹੈ, ਉਸ ਨੂੰ ਕੇਂਦਰ ਸਰਕਾਰ ਵੱਲੋਂ ਬਦਨਾਮ ਕਰਨ ਜਾਂ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਪੰਜਾਬ ਨਾਲ ਵੀ ਅਜਿਹਾ ਹੀ ਕੀਤਾ ਜਾ ਰਿਹਾ ਹੈ।
‘ਆਪ’ ਨੇਤਾ ਨੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੂੰ ਕੰਗਨਾ ਦੇ ਵਿਵਾਦਿਤ ਬਿਆਨਾਂ ‘ਤੇ ਕਾਬੂ ਪਾਉਣ ਦੀ ਅਪੀਲ ਕੀਤੀ। ਇਸ ਨਾਲ ਪੰਜਾਬੀਆਂ ਨੂੰ ਹੀ ਨਹੀਂ ਸਗੋਂ ਪੂਰੇ ਦੇਸ਼ ਨੂੰ ਗਲਤ ਸੰਦੇਸ਼ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਗੜਦਾ ਸਮਾਜਿਕ ਮਾਹੌਲ ਸਿਰਫ਼ ਇੱਕ ਸਮਾਜ ਜਾਂ ਸੂਬੇ ਨੂੰ ਨੁਕਸਾਨ ਨਹੀਂ ਪਹੁੰਚਾਉਂਦਾ, ਇਹ ਕਿਸੇ ਨਾ ਕਿਸੇ ਤਰ੍ਹਾਂ ਹਰ ਕਿਸੇ ਨੂੰ ਨੁਕਸਾਨ ਪਹੁੰਚਾਉਂਦਾ ਹੈ।