chhatbir zoo fire :ਛੱਤਬੀੜ ਚਿੜੀਆਘਰ ‘ਚ ਵੱਡਾ ਹਾਦਸਾ; ਗੱਡੀਆਂ ਨੂੰ ਲੱਗੀ ਭਿਆਨਕ ਅੱਗ
– 20 ਦੇ ਕਰੀਬ ਵਾਹਨ ਸੜ ਕੇ ਸੁਆਹ
ਮੋਹਾਲੀ, 28 ਅਕਤੂਬਰ 2025 (ਵਿਸ਼ਵ ਵਾਰਤਾ): ਮਹਿੰਦਰ ਚੌਧਰੀ ਜ਼ੂਓਲੋਜੀਕਲ ਪਾਰਕ (ਛੱਤਬੀੜ ਚਿੜੀਆਘਰ) ਵਿੱਚ ਸੈਲਾਨੀਆਂ ਨੂੰ ਘੁਮਾਉਣ ਲਈ ਵਰਤੇ ਜਾਣ ਵਾਲੇ ਇਲੈਕਟ੍ਰਾਨਿਕ ਵਾਹਨਾਂ ਵਿੱਚ ਅਚਾਨਕ ਅੱਗ ਲੱਗ ਗਈ। ਧਮਾਕੇ ਨਾਲ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਉੱਥੇ ਖੜ੍ਹੇ ਜ਼ਿਆਦਾਤਰ ਵਾਹਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਨੂੰ ਸ਼ੁਰੂ ਕਰ ਦਿੱਤਾ ਗਿਆ। ਜਦੋਂ ਤੱਕ ਅੱਗ ‘ਤੇ ਕਾਬੂ ਪਾਇਆ ਗਿਆ, ਉਦੋਂ ਤੱਕ 20 ਵਾਹਨ ਅੱਗ ਵਿੱਚ ਪੂਰੀ ਤਰ੍ਹਾਂ ਸੜ ਚੁੱਕੇ ਸਨ।
ਅੱਗ ਲੱਗਣ ਦਾ ਕਾਰਨ ਫਿਲਹਾਲ ਸਪਸ਼ੱਟ ਨਹੀਂ ਹੈ। ਕਿਹਾ ਜਾ ਰਿਹਾ ਹੈ ਕਿ ਇਹ ਅੱਗ ਉਸ ਸਮੇਂ ਲੱਗੀ ਜਦੋਂ ਗੱਡੀਆਂ ਚਾਰਜਿੰਗ ਸਟੇਸ਼ਨ ‘ਤੇ ਖੜ੍ਹੀਆਂ ਸਨ। ਗੱਡੀਆਂ ਚਾਰਜ ਕੀਤੀਆਂ ਜਾ ਰਹੀਆਂ ਸਨ। ਇਸ ਦੌਰਾਨ ਅਚਾਨਕ ਗੱਡੀਆਂ ਵਿੱਚੋਂ ਧੂੰਆਂ ਉੱਠਣ ਲੱਗਾ। ਕੁਝ ਹੀ ਦੇਰ ਵਿੱਚ ਉਨ੍ਹਾਂ ਨੂੰ ਅੱਗ ਲੱਗ ਗਈ। ਅਤੇ ਦੇਖਦੇ ਹੀ ਦੇਖਦੇ ਅੱਗ ਦੀਆਂ ਲਪਟਾਂ ਉੱਠਣ ਲੱਗੀਆਂ ਅਤੇ ਉੱਥੇ ਖੜ੍ਹੇ ਸਾਰੇ ਵਾਹਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।ਪਾਰਕ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਬੈਟਰੀ ਜ਼ਿਆਦਾ ਚਾਰਜ ਹੋਣ ਕਾਰਨ ਫਟ ਗਈ। ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ।























