ਕੇਂਦਰੀ ਮੰਤਰੀ ਚਿਰਾਗ ਪਾਸਵਾਨ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
– ਦੇਸ਼ ਦੀ ਖੁਸ਼ਹਾਲੀ ਲਈ ਕੀਤੀ ਅਰਦਾਸ
ਅੰਮ੍ਰਿਤਸਰ, 19 ਜੁਲਾਈ (ਵਿਸ਼ਵ ਵਾਰਤਾ ): ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਅੱਜ ਅੰਮ੍ਰਿਤਸਰ ਪੁੱਜੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਦੇਸ਼ – ਦੁਨੀਆ ਦੀ ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਸਨਮਾਨ ਵਜੋਂ ਪੱਗ ਵੀ ਬੰਨੀ ਹੋਈ ਸੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਕਿਹਾ ਕਿ ਜਦੋਂ ਵੀ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਂਦੇ ਹਨ, ਤਾਂ ਉਨ੍ਹਾਂ ਨੂੰ ਇੱਕ ਵੱਖਰੀ ਹੀ ਊਰਜਾ ਅਤੇ ਆਤਮਿਕ ਸ਼ਕਤੀ ਦਾ ਅਹਿਸਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਅਤੇ ਸਮਾਜ ਦੀਆਂ ਪ੍ਰਸਥਿਤੀਆਂ ਨੂੰ ਦੇਖਦੇ ਹੋਏ ਪਹਿਲਾਂ ਨਾਲੋਂ ਵੱਧ ਸ਼ਕਤੀ ਦੀ ਲੋੜ ਹੈ ਅਤੇ ਇਹੀ ਅਰਦਾਸ ਲੈ ਕੇ ਉਹ ਗੁਰੂ ਘਰ ਪਹੁੰਚੇ ਹਨ।
ਚਿਰਾਗ ਪਾਸਵਾਨ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਅਤੇ ਲੋਕ ਜਨਸ਼ਕਤੀ ਪਾਰਟੀ ਦੇ ਸੰਸਥਾਪਕ ਸਵ. ਰਾਮਵਿਲਾਸ ਪਾਸਵਾਨ ਉਨ੍ਹਾਂ ਦੇ ਆਦਰਸ਼ ਅਤੇ ਨੇਤਾ ਹਨ। ਉਨ੍ਹਾਂ ਦੱਸਿਆ ਕਿ ਲੋਕ ਜਨਸ਼ਕਤੀ ਪਾਰਟੀ ਪੂਰੇ ਦੇਸ਼ ਵਿੱਚ ਆਪਣੇ ਸੰਗਠਨ ਦਾ ਵਿਸਥਾਰ ਕਰ ਰਹੀ ਹੈ ਅਤੇ ਪੰਜਾਬ ਵਿੱਚ ਵੀ ਨਵੀਂ ਸੋਚ ਦੇ ਨਾਲ ਲੋਕਾਂ ਦੇ ਵਿਚਕਾਰ ਜਾਵੇਗੀ।























