CM ਮਾਨ ਅੱਜ ਕਰਨਗੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
ਚੰਡੀਗੜ੍ਹ, 4ਦਸੰਬਰ(ਵਿਸ਼ਵ ਵਾਰਤਾ) ਅੱਜ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਥਾਪਤ ਸ਼ਹੀਦ ਭਗਤ ਸਿੰਘ ਦਾ ਬੁੱਤ ਜਨਤਾ ਨੂੰ ਸਮਰਪਿਤ ਕਰਨਗੇ। ਇਹ ਬੁੱਤ 35 ਫੁੱਟ ਉੱਚਾ ਹੈ। ਉਦਘਾਟਨ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਤਿਆਰੀਆਂ ਕਰ ਲਈਆਂ ਗਈਆਂ ਹਨ। ਹਾਲਾਂਕਿ ਇਸ ਤੋਂ ਪਹਿਲਾਂ ਪੰਜਾਬ ਭਾਜਪਾ ਵੱਲੋਂ ਵੀ ਬੁੱਤ ਦੇ ਉਦਘਾਟਨ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ ਸੀ।
ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਦੀ ਸਥਾਪਨਾ ਕੀਤੀ ਗਈ ਹੈ। ਜਿੱਥੇ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਇਆ ਗਿਆ ਹੈ। ਦੱਸਣਯੋਗ ਹੈ ਕਿ ਸ਼ਹੀਦ ਭਗਤ ਸਿੰਘ ਦੇ ਬੁੱਤ ਦੇ ਉਦਘਾਟਨ ਨੂੰ ਲੈ ਕੇ ਵੀ ਵਿਵਾਦ ਖੜ੍ਹਾ ਹੋ ਗਿਆ ਸੀ। ਦਰਅਸਲ ਇਸ ਬੁੱਤ ਦਾ ਉਦਘਾਟਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 28 ਸਤੰਬਰ ਨੂੰ ਹੋਣਾ ਸੀ। ਪਰ ਉਸ ਸਮੇਂ ਮੁੱਖ ਮੰਤਰੀ ਦੀ ਤਬੀਅਤ ਠੀਕ ਨਹੀਂ ਸੀ। ਇਸ ਤੋਂ ਬਾਅਦ ਪੰਚਾਇਤੀ ਚੋਣਾਂ ਅਤੇ ਫਿਰ ਚਾਰ ਸੀਟਾਂ ‘ਤੇ ਵਿਧਾਨ ਸਭਾ ਉਪ ਚੋਣਾਂ ਦਾ ਐਲਾਨ ਕੀਤਾ ਗਿਆ। ਇਸ ਕਾਰਨ ਚੋਣ ਜ਼ਾਬਤਾ ਲੱਗ ਗਿਆ ਅਤੇ ਇਹ ਕੰਮ ਠੱਪ ਹੋ ਗਿਆ। ਪਰ ਜਿਉਂ ਹੀ ਜ਼ਿਮਨੀ ਚੋਣਾਂ ਖਤਮ ਹੋਈਆਂ ਤਾਂ ਭਾਜਪਾ ਨੇ ਇਸ ਮੁੱਦੇ ‘ਤੇ ਸਰਕਾਰ ਨੂੰ ਘੇਰ ਲਿਆ। ਭਾਜਪਾ ਦਾ ਇਲਜ਼ਾਮ ਸੀ ਕਿ ਬੁੱਤ ਨੂੰ ਤਿਆਰ ਹੋਏ 6 ਮਹੀਨੇ ਹੋ ਗਏ ਹਨ। ਪਰ ਸਰਕਾਰ ਇਸ ਦਾ ਉਦਘਾਟਨ ਨਹੀਂ ਕਰ ਰਹੀ ਹੈ। ਜਿਸ ਤੋਂ ਬਾਅਦ ਭਾਜਪਾ ਨੇ ਸਰਕਾਰ ਨੂੰ ਬੁੱਤ ਦਾ ਉਦਘਾਟਨ ਕਰਨ ਲਈ 72 ਘੰਟਿਆਂ ਦਾ ਅਲਟੀਮੇਟਮ ਦਿੱਤਾ ਸੀ, ਭਾਜਪਾ ਵਾਲੇ 2 ਦਸੰਬਰ ਨੂੰ ਬੁੱਤ ਦਾ ਉਦਘਾਟਨ ਕਰਨ ਜਾ ਰਹੇ ਸਨ। ਇਸ ਤੋਂ ਪਹਿਲਾਂ ਸਰਕਾਰ ਨੇ ਇਸ ਦੇ ਉਦਘਾਟਨ ਦਾ ਸਮਾਂ ਦੇ ਦਿੱਤਾ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/