CM ਮਾਨ ਨੇ 8ਵੀਂ ਜਮਾਤ ‘ਚੋਂ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ
ਚੰਡੀਗੜ੍ਹ, 12 ਅਪ੍ਰੈਲ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ 8ਵੀਂ ਜਮਾਤ ਵਿੱਚੋਂ ਟਾਪ ਕਰਨ ਵਾਲੀਆਂ ਤਿੰਨੋਂ ਵਿਦਿਆਰਥਣਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਕਾਤ ਕੀਤੀ ਹੈ। ਇਨ੍ਹਾਂ ਤਿੰਨੋਂ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਮਹਿਮਾਨ ਵਜੋਂ ਬੁਲਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਵਿਦਿਆਰਥਣਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਤਜ਼ਰਬਿਆਂ ਬਾਰੇ ਜਾਣਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਖ਼ਾਸ ਮੌਕੇ ‘ਤੇ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈਆਂ ਵੀ ਦਿੱਤੀਆਂ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ “ਇਸ ਵਾਰ ਦੇ ਨਤੀਜਿਆਂ ਵਿੱਚ ਪਹਿਲਾ ਸਥਾਨ ਇੱਕ ਭੱਠੇ ‘ਤੇ ਕੰਮ ਕਰਨ ਵਾਲੇ ਮੁਨੀਮ ਦੀ ਹੋਣਹਾਰ ਧੀ ਨੇ ਹਾਸਲ ਕੀਤਾ ਹੈ, ਜਦਕਿ ਦੂਜੇ ਅਤੇ ਤੀਜੇ ਸਥਾਨ ‘ਤੇ ਕ੍ਰਮਵਾਰ ਟਾਈਲਾਂ ਦੀ ਦੁਕਾਨ ਚਲਾਉਣ ਵਾਲੇ ਅਤੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਦੀਆਂ ਧੀਆਂ ਨੇ ਸ਼ਾਨਦਾਰ ਕਾਮਯਾਬੀ ਹਾਸਲ ਕੀਤੀ ਹੈ। ਇਹ ਨਤੀਜੇ ਸਾਫ਼ ਦਰਸਾਉਂਦੇ ਹਨ ਕਿ ਆਮ ਅਤੇ ਸਧਾਰਨ ਪਰਿਵਾਰਾਂ ਦੇ ਬੱਚੇ ਹੁਣ ਸਿੱਖਿਆ ਦੇ ਖੇਤਰ ਵਿੱਚ ਨਵੇਂ ਕੀਰਤੀਮਾਨ ਸਥਾਪਤ ਕਰ ਰਹੇ ਹਨ। ਇਨ੍ਹਾਂ ਬੱਚਿਆਂ ਦਾ ਆਤਮ-ਵਿਸ਼ਵਾਸ, ਮਿਹਨਤ ਅਤੇ ਲਗਨ ਵੇਖ ਕੇ ਬੇਹੱਦ ਖੁਸ਼ੀ ਅਤੇ ਮਾਣ ਮਹਿਸੂਸ ਹੋਇਆ।”

ਉਨ੍ਹਾਂ ਅੱਗੇ ਕਿਹਾ ਕਿ “ਸਾਡੀ ਸਰਕਾਰ ਬੱਚਿਆਂ ਦੇ ਸੁਪਨਿਆਂ ਨੂੰ ਉਡਾਣ ਦੇਣ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਬੁਲੰਦੀਆਂ ਤੱਕ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮਿਆਰੀ ਸਿੱਖਿਆ, ਆਧੁਨਿਕ ਸਕੂਲ ਅਤੇ ਇੱਕ ਪ੍ਰੇਰਣਾਦਾਇਕ ਮਾਹੌਲ ਸਿਰਜਣ ਲਈ ਅਸੀਂ ਲਗਾਤਾਰ ਯਤਨਸ਼ੀਲ ਹਾਂ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























