CM ਭਗਵੰਤ ਮਾਨ ਨੇ ਹੁਸੈਨੀਵਾਲਾ ਵਿਰਾਸਤੀ ਕੰਪਲੈਕਸ ਦਾ ਰੱਖਿਆ ਨੀਂਹ ਪੱਥਰ
ਫ਼ਿਰੋਜ਼ਪੁਰ, 23 ਮਾਰਚ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਫ਼ਿਰੋਜ਼ਪੁਰ ਪਹੁੰਚੇ। ਉੱਥੇ ਉਨ੍ਹਾਂ ਨੇ ਹੁਸੈਨੀਵਾਲਾ ਵਿਖੇ ਸ਼ਹੀਦੀ ਯਾਦਗਾਰ ‘ਤੇ ਪਹੁੰਚ ਕੇ ਨਾ ਸਿਰਫ਼ ਸ਼ਹੀਦ ਭਗਤ ਸਿੰਘ, ਸ਼ਿਵਰਾਮ ਰਾਜਗੁਰੂ ਅਤੇ ਸੁਖਦੇਵ ਥਾਪਰ ਨੂੰ ਸ਼ਰਧਾਂਜਲੀ ਭੇਟ ਕੀਤੀ, ਸਗੋਂ ਇਸ ਮੌਕੇ ਇੱਕ ਵੱਡੇ ਜਨਤਕ ਇਕੱਠ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਦਿਹਾੜਾ ਸਿਰਫ਼ ਸ਼ਹੀਦਾਂ ਨੂੰ ਯਾਦ ਕਰਨ ਦਾ ਨਹੀਂ, ਸਗੋਂ ਉਨ੍ਹਾਂ ਦੇ ਇਨਕਲਾਬੀ ਵਿਚਾਰਾਂ, ਜ਼ੁਲਮ ਅਤੇ ਬੇਇਨਸਾਫ਼ੀ ਖ਼ਿਲਾਫ਼ ਡਟ ਕੇ ਖੜ੍ਹਨ ਵਾਲੀ ਸੋਚ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਦਿਨ ਹੈ।

ਇਸ ਮੌਕੇ ਉਨ੍ਹਾਂ 24.99 ਕਰੋੜ ਦੀ ਲਾਗਤ ਨਾਲ਼ ਬਣਨ ਜਾ ਰਹੇ ਹੁਸੈਨੀਵਾਲਾ ਵਿਰਾਸਤੀ ਕੰਪਲੈਕਸ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਪੰਜਾਬ ਅਤੇ ਦੇਸ਼ ਦੀ ਸੇਵਾ ਲਈ ਜੁਟੇ ਰਹਿਣ ਦਾ ਸੰਕਲਪ ਦੁਹਰਾਇਆ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸ਼ਹੀਦਾਂ ਦੇ ਦਿਖਾਏ ਮਾਰਗ ‘ਤੇ ਚੱਲ ਕੇ ਪੰਜਾਬ ਤਰੱਕੀ ਦੀ ਰਾਹ ‘ਤੇ ਅੱਗੇ ਵਧ ਰਿਹਾ ਹੈ।

ਉਨ੍ਹਾਂ ਨੇ ਲੋਕਾਂ ਨੂੰ ਇਸ ਦਿਨ ਨੂੰ ‘ਸੰਕਲਪ ਦਿਵਸ’ ਵਜੋਂ ਮਨਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਦੱਸੇ ਰਾਹ ‘ਤੇ ਚੱਲਣਾ ਚਾਹੀਦਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਹਿਲਾਂ ਨਾਲੋਂ ਬਹੁਤ ਸੁਧਾਰ ਹੋਇਆ ਹੈ, ਇਸ ਲਈ ਜਨਤਾ ਉਨ੍ਹਾਂ ‘ਤੇ ਭਰੋਸਾ ਬਣਾਈ ਰੱਖੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਸੁਧਾਰ ਹੋਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਸਾਡੇ ਦਿਲਾਂ ‘ਤੇ ਰਾਜ ਕਰਦੇ ਹਨ। ਜਿਨ੍ਹਾਂ ਨੇ ਕੁਰਬਾਨੀਆਂ ਦਿੱਤੀਆਂ ਹਨ, ਅੱਜ ਪੂਰੀ ਦੁਨੀਆ ਉਨ੍ਹਾਂ ਨੂੰ ਯਾਦ ਕਰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਜਿਸ 22-23 ਸਾਲ ਦੀ ਉਮਰ ਵਿੱਚ ਕੋਈ ਨੌਜਵਾਨ ਆਪਣੇ ਪਿਤਾ ਤੋਂ ਮੋਟਰਸਾਈਕਲ ਮੰਗਦਾ ਹੈ, ਉਸ ਉਮਰ ਵਿੱਚ ਭਗਤ ਸਿੰਘ ਨੇ ਅੰਗਰੇਜ਼ਾਂ ਤੋਂ ਮੁਲਕ ਮੰਗਿਆ ਸੀ ਕਿ ਇਹ ਸਾਡਾ ਮੁਲਕ ਹੈ ਅਤੇ ਇਹ ਸਾਡਾ ਦੇਸ਼ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਭਗਤ ਸਿੰਘ ਦੀਆਂ ਯਾਦਾਂ ਨੂੰ ਤਾਜ਼ਾ ਕਰਨ ਦਾ ਦਿਨ ਹੈ। ਉਨ੍ਹਾਂ ਦੀ ਸੋਚ ‘ਤੇ ਚੱਲ ਕੇ ਪੰਜਾਬ ਨੂੰ ਅੱਗੇ ਵਧਣ ਤੋਂ ਕੋਈ ਨਹੀਂ ਰੋਕ ਸਕਦਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























