ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਐੱਸ.ਏ.ਐੱਸ. ਨਗਰ ਵਿੱਚ 66.76 ਫੀਸਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਮੁਕੰਮਲ: ਡੀ ਸੀ ਕੋਮਲ ਮਿੱਤਲ
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਕ ਪਾਰਟੀਆਂ ਨਾਲ ਮੀਟਿੰਗ ਕਰਕੇ ਸਹਿਯੋਗ ਦੀ ਮੰਗ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜੂਨ (ਵਿਸ਼ਵ ਵਾਰਤਾ);- ਭਾਰਤ ਦੇ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੇਂਸਿਵ ਰਿਵੀਜ਼ਨ ਫੇਜ-3 (ਐਸ.ਆਈ.ਆਰ) ਕਰਵਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਵੋਟਰ ਸੂਚੀ ਵਿੱਚੋਂ ਹਟਾਉਣਾ ਹੈ।
ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿਤੱਲ, ਆਈ.ਏ.ਐੱਸ ਨੇ ਅੱਜ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਦੌਰਾਨ ਦਿੱਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪ੍ਰੀ-ਐਸ ਆਈ ਆਰ ਵੋਟਰ ਮੈਪਿੰਗ ਦੌਰਾਨ ਜ਼ਿਲ੍ਹਾ ਐੱਸ.ਏ.ਐੱਸ ਨਗਰ ਵਿੱਚ ਮਿਤੀ 3 ਜੂਨ 2026 ਤੱਕ ਲਗਭਗ 66.76% ਫੀਸਦੀ ਮੈਪਿੰਗ ਦਾ ਕੰਮ ਪੂਰਾ ਕੀਤਾ ਜਾ ਚੁੱਕਾ ਹੈ। ਜ਼ਿਲ੍ਹੇ ਦੇ ਕੁੱਲ 8,54,381 ਵੋਟਰਾਂ ਵਿੱਚੋਂ 5,70,722 ਵੋਟਰਾਂ ਦਾ ਸਾਲ 2003 ਦੀ ਵੋਟਰ ਸੂਚੀ ਨਾਲ ਮਿਲਾਣ ਕੀਤਾ ਜਾ ਚੁੱਕਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿਤੱਲ ਨੇ ਦੱਸਿਆ ਕਿ ਜ਼ਿਲ੍ਹਾ ਐੱਸ.ਏ.ਐੱਸ ਨਗਰ ਦੇ ਵਿਧਾਨ ਸਭਾ ਹਲਕਾ 52 ਖਰੜ ਵਿੱਚ ਐਸ.ਡੀ.ਐਮ ਖਰੜ, 53- ਐੱਸ.ਏ.ਐੱਸ ਨਗਰ ਵਿੱਚ ਐਸ.ਡੀ.ਐਮ ਐੱਸ.ਏ.ਐੱਸ ਨਗਰ, 112-ਡੇਰਾਬੱਸੀ ਵਿੱਚ ਐਸ.ਡੀ.ਐਮ ਡੇਰਾਬੱਸੀ ਬਤੌਰ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਡਿਊਟੀ ਨਿਭਾ ਰਹੇ ਹਨ। ਜ਼ਿਲ੍ਹੇ ’ਚ ਕੁੱਲ 838 ਪੋਲਿੰਗ ਬੂਥ, 838 ਬੀ.ਐਲ.ਓਜ਼ ਅਤੇ 83 ਸੈਕਟਰ ਅਫ਼ਸਰ ਤੈਨਾਤ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਈ.ਆਰ.ਓਜ, ਏ.ਈ.ਆਰ.ਓਜ, ਸੁਪਰਵਾਈਜ਼ਰ, ਅਤੇ ਬੀ.ਐਲ.ਓਜ, ਨੂੰ ਟਰੇਨਿੰਗ ਅਤੇ ਇਨੁਮਰੇਸ਼ਨ ਫਾਰਮ ਦੀ ਡਾਊਨਲਡਿੰਗ ਅਤੇ ਪ੍ਰਿਟਿੰਗ ਦਾ ਕੰਮ 15 ਜੂਨ 2026 ਤੋਂ 24 ਜੂਨ 2026 ਤੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰੀ-ਪਿੰਟਡ ਇਨੁਮਰੇਸ਼ਨ ਫਾਰਮ ਦੀ ਦੋ ਪਰਤਾਂ ਵਿੱਚ ਵੰਡ ਮਿਤੀ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਕੀਤੀ ਜਾਵੇਗਾ। ਬੀ.ਐਲ.ਓਜ਼ ਵੱਲੋਂ ਇਕ ਪਰਤ ਵਿੱਚ ਵੋਟਰ ਦੀ ਜਾਣਕਾਰੀ, ਫੋਟੋ ਅਤੇ 2003 ਦੀ ਵੋਟਰ ਸੂਚੀ ਵਿੱਚ ਦਰਜ ਵੇਰਵੇ ਭਰੇ ਜਾਣਗੇ ਅਤੇ ਇਸ ਨੂੰ ਸਬੰਧਤ ਈ.ਆਰ.ਓ. ਦਫ਼ਤਰ ਵਿੱਚ ਜਮ੍ਹਾਂ ਕਰਵਾਇਆ ਜਾਵੇਗਾ, ਜਦਕਿ ਦੂਜੀ ਪਰਤ ਵੋਟਰ ਨੂੰ ਰਸੀਦ ਵਜੋਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਮੂਹ ਈ.ਆਰ.ਓ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਰੇਸ਼ਨਲਾਈਜੇਸ਼ਨ ਮਿਤੀ 24 ਜੁਲਾਈ 2026 ਤੱਕ ਕੀਤੀ ਜਾਵੇਗੀ। ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 3 ਅਗਸਤ 2026 ਨੂੰ ਕੀਤੀ ਜਾਵੇਗੀ। ਇਸ ਤੋਂ ਬਾਅਦ ਮਿਤੀ 03 ਅਗਸਤ 2026 ਤੋਂ 02 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ ਅਤੇ ਮਿਤੀ 28 ਸਤੰਬਰ 2026 ਤੱਕ ਇਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਮਿਤੀ 01 ਅਕਤੂਬਰ 2026 ਨੂੰ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੂਥ ਲੈਵਲ ਏਜੰਟ (BLA) ਜ਼ਰੂਰ ਨਿਯੁਕਤ ਕਰਨ ਤਾਂ ਜੋ ਇਹ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਕਿਹਾ ਕਿ ਚੋਣ ਦਫ਼ਤਰ ਵੱਲੋਂ ਸਪੇਸ਼ਲ ਇੰਟੇਂਸਿਵ ਰਿਵੀਜਨ ਦੇ ਹਰੇਕ ਪੜਾਅ ’ਚ ਰਾਜਨੀਤਿਕ ਪਾਰਟੀਆਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੇਂਸਿਵ ਰਿਵੀਜਨ ਦੌਰਾਨ ਬੀ.ਐਲ.ਓ ਨੂੰ ਪੂਰਾ ਸਹਿਯੋਗ ਦੇਣ।
ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਯੋਗਤਾ ਮਿਤੀ 1 ਜਨਵਰੀ 2003 ਦੀਆਂ ਵੋਟਰ ਸੂਚੀਆਂ ਨੂੰ ਮੌਜੂਦਾ ਵੋਟਰ ਸੂਚੀਆਂ ਨਾਲ ਜੋੜਿਆ ਗਿਆ ਹੈ ਤਾਂ ਜੋ ਪੁਰਾਣੇ ਰਿਕਾਰਡ ਲੱਭਣ ਵਿੱਚ ਕੋਈ ਮੁਸ਼ਕਲ ਨਾ ਆਵੇ ਉਨ੍ਹਾਂ ਹੋਰ ਦੱਸਿਆ ਕਿ ਬੀ ਐਲ ਓ ਘਰ-ਘਰ ਜਾ ਕੇ ਵੋਟਰਾਂ ਤੋਂ ਫਾਰਮ ਭਰਵਾਉਣਗੇ ਅਤੇ ਫਾਰਮ ਮੁੜ ਪ੍ਰਾਪਤ ਕਰਨ ਲਈ ਵੋਟਰਾਂ ਨਾਲ ਤਿੰਨ ਵਾਰ ਸੰਪਰਕ ਕਰਨਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਐਸ ਆਈ ਆਰ ਦੌਰਾਨ ਆਧਾਰ ਕਾਰਡ ਨੂੰ ਕੇਵਲ ਪਹਿਚਾਣ ਦੇ ਸਰੋਤ ਵਜੋਂ ਮੰਨਿਆ ਜਾਵੇਗਾ, ਨਾ ਕਿ ਪਹਿਚਾਣ ਦੇ ਸਬੂਤ ਵਜੋਂ।























