Delhi ਆਬਕਾਰੀ ਨੀਤੀ ਮਾਮਲਾ : ਕੇਜਰੀਵਾਲ-ਸਿਸੋਦੀਆ ਨੇ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ
– ਕੀਤੀ ਇਹ ਅਪੀਲ
ਨਵੀ ਦਿੱਲੀ, 11 ਮਾਰਚ (ਵਿਸ਼ਵ ਵਾਰਤਾ) : ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਇੱਕ ਨਵਾਂ ਮੋੜ ਆਇਆ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਇਸ ਕੇਸ ਦੇ ਕਈ ਹੋਰ ਮੁਲਜ਼ਮਾਂ ਨੇ ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਇੱਕ ਸਾਂਝਾ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਨੇ ਆਬਕਾਰੀ ਨੀਤੀ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਕਰ ਰਹੇ ਜੱਜ ਨੂੰ ਬਦਲਣ ਦੀ ਬੇਨਤੀ ਕੀਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਚਿੱਠੀ ਵਿੱਚ ਮੰਗ ਕੀਤੀ ਕਿ ਸ਼ਰਾਬ ਨੀਤੀ ਨਾਲ ਜੁੜੇ ਮਾਮਲਿਆਂ ਦੀ ਸੁਣਵਾਈ ਜਸਟਿਸ ਸਵਰਣਕਾਂਤਾ ਸ਼ਰਮਾ ਦੀ ਬੈਂਚ ਤੋਂ ਹਟਾ ਕੇ ਕਿਸੇ ਹੋਰ ਨਿਰਪੱਖ ਬੈਂਚ ਨੂੰ ਸੌਂਪੀ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਨਿਆਂ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਅਤੇ ਜਨਤਾ ਦਾ ਭਰੋਸਾ ਬਣਾਈ ਰੱਖਣ ਲਈ ਬੈਂਚ ਦਾ ਤਬਾਦਲਾ ਹੋਣਾ ਬੇਹੱਦ ਜ਼ਰੂਰੀ ਹੈ।
ਇਸ ਪੱਤਰ ਵਿੱਚ ਜਸਟਿਸ ਸਵਰਣਕਾਂਤਾ ਸ਼ਰਮਾ ਵਿਰੁੱਧ ਪੱਖਪਾਤੀ ਰਵੱਈਏ ਦੇ ਗੰਭੀਰ ਦੋਸ਼ ਲਗਾਏ ਹਨ। ਪੱਤਰ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਜਸਟਿਸ ਸ਼ਰਮਾ ਨੇ ਇਸ ਮਾਮਲੇ ਵਿੱਚ ਪਹਿਲਾਂ ਜੋ ਵੀ ਹੁਕਮ ਦਿੱਤੇ ਸਨ, ਉਨ੍ਹਾਂ ਵਿੱਚੋਂ ਲਗਭਗ ਸਾਰਿਆਂ ਨੂੰ ਸੁਪਰੀਮ ਕੋਰਟ ਨੇ ਪਲਟ ਦਿੱਤਾ ਹੈ। ਆਪਣੇ ਪੱਤਰ ਵਿੱਚ, ਉਨ੍ਹਾਂ ਨੇ ਮਾਮਲੇ ਦੀ ਨਿਰਪੱਖ ਸੁਣਵਾਈ ਯਕੀਨੀ ਬਣਾਉਣ ਦੀ ਗੱਲ ਕਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/


















