ਵੱਡੀ ਕਾਰਵਾਈ! ਦਿੱਲੀ ‘ਚ 6 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ
ਨਵੀ ਦਿੱਲੀ, 2 ਅਗਸਤ 2026 (ਵਿਸ਼ਵ ਵਾਰਤਾ): ਦਿੱਲੀ ਪੁਲਿਸ ਦੇ ਸਪੈਸ਼ਲ ਸਟਾਫ਼ ਦੀ ਫੌਰਨਰ ਸੈੱਲ ਨੇ ‘ਆਪ੍ਰੇਸ਼ਨ ਵਿਸਟਾ 1.0’ ਦੇ ਤਹਿਤ 6 ਬੰਗਲਾਦੇਸ਼ੀ ਨਾਗਰਿਕਾਂ ਨੂੰ ਫੜਿਆ ਹੈ। ਇਹਨਾਂ ਸਾਰਿਆਂ ‘ਤੇ ਵੀਜ਼ਾ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ ਹੈ।
ਪੁਲਿਸ ਦੇ ਮੁਤਾਬਕ, ਸਾਰੇ ਬੰਗਲਾਦੇਸ਼ੀ ਨਾਗਰਿਕ ਡਬਲ ਐਂਟਰੀ ਵੀਜ਼ੇ ‘ਤੇ ਭਾਰਤ ਆਏ ਸਨ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਹਨਾਂ ਨੇ ਵੀਜ਼ੇ ਦੀਆਂ ਸ਼ਰਤਾਂ ਦੀ ਉਲੰਘਣਾ ਕੀਤੀ ਹੈ। ਇਸ ਤੋਂ ਬਾਅਦ ਫੌਰਨਰ ਸੈੱਲ ਨੇ ਸਾਰਿਆਂ ਨੂੰ ਹਿਰਾਸਤ ਵਿੱਚ ਲੈ ਕੇ ਉਹਨਾਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਾਰੇ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕਰਕੇ ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫ਼ਤਰ (FRRO) ਦੇ ਸਾਹਮਣੇ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਉਹਨਾਂ ਨੂੰ ਸੇਵਾ ਧਾਮ ਡਿਟੈਂਸ਼ਨ ਸੈਂਟਰ ਭੇਜ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਇਹਨਾਂ ਨੂੰ ਡਿਪੋਰਟ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਅਨੁਸਾਰ, ਮੱਧ ਦਿੱਲੀ ਦੇ ਹੋਟਲਾਂ ਅਤੇ ਗੈਸਟ ਹਾਊਸਾਂ ਵਿੱਚ ਵਿਦੇਸ਼ੀ ਨਾਗਰਿਕਾਂ ਦੀ ਵੈਰੀਫਿਕੇਸ਼ਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ। ਇਸੇ ਦੌਰਾਨ ਨਬੀ ਕਰੀਮ ਸਥਿਤ ਹੋਟਲ ਸਾਰਥਕ ਪਲੇਸ ਵਿੱਚ ਠਹਿਰੇ 6 ਬੰਗਲਾਦੇਸ਼ੀ ਨਾਗਰਿਕਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਉਹਨਾਂ ਦੇ ਪਾਸਪੋਰਟ, ਵੀਜ਼ਾ ਅਤੇ ਇਮੀਗ੍ਰੇਸ਼ਨ ਰਿਕਾਰਡ ਦੀ ਪੜਤਾਲ ਕੀਤੀ ਗਈ। ਜਾਂਚ ਵਿੱਚ ਸਾਹਮਣੇ ਆਇਆ ਕਿ ਸਾਰਿਆਂ ਕੋਲ ਡਬਲ ਐਂਟਰੀ ਵੀਜ਼ਾ ਸੀ, ਪਰ ਉਹਨਾਂ ਨੇ ਹਰੇਕ ਯਾਤਰਾ ਲਈ ਤੈਅ ਕੀਤੀ ਗਈ 15 ਦਿਨਾਂ ਦੀ ਵੱਧ ਤੋਂ ਵੱਧ ਮਿਆਦ ਤੋਂ ਵੱਧ ਸਮਾਂ ਭਾਰਤ ਵਿੱਚ ਰਹਿ ਕੇ ਵੀਜ਼ੇ ਦੀਆਂ ਸ਼ਰਤਾਂ ਦੀ ਉਲੰਘਣਾ ਕੀਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























