ਹੰਗਾਮੇ ਮਗਰੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਪਹੁੰਚੇ ਡੀ.ਜੀ.ਪੀ. ਗੌਰਵ ਯਾਦਵ
ਕਾਨੂੰਨ ਨੂੰ ਹੱਥ ਵਿੱਚ ਲੈਣ ਵਾਲੇ ਖਿਲਾਫ ਹੋਵੇਗੀ ਸਖ਼ਤ ਕਾਰਵਾਈ – DGP
ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) ਲਵਲੀ ਯੂਨੀਵਰਸਿਟੀ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਜ਼ਮੀਨੀ ਪੱਧਰ ‘ਤੇ ਸਥਿਤੀ ਦਾ ਜਾਇਜ਼ਾ ਲੈਣ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿਖੇ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਜਿਸ ਨੇ ਵੀ ਕਾਨੂੰਨ ਹੱਥ ਵਿਚ ਲਿਆ, ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਅੱਜ ਮੁੱਖ ਮੰਤਰੀ ਭਗਵੰਤ ਨੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ ਤੇ ਨਾਲ ਹੀ ਡੀ.ਜੀ.ਪੀ. ਗੌਰਵ ਯਾਦਵ ਨੂੰ ਜ਼ਮੀਨੀ ਪੱਧਰ ‘ਤੇ ਜਾਣ ਅਤੇ ਸਥਿਤੀ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਵੀ ਦਿੱਤੇ ਗਏ ਸਨ। ਦੱਸਣਯੋਗ ਹੈ ਕਿ ਹੰਗਾਮੇ ਤੋਂ ਬਾਅਦ, ਯੂਨੀਵਰਸਿਟੀ ਪ੍ਰਸ਼ਾਸਨ ਨੇ ਸੰਸਥਾ ਨੂੰ 10 ਦਿਨਾਂ ਲਈ ਬੰਦ ਕਰ ਦਿੱਤਾ ਅਤੇ ਮਿਡ-ਟਰਮ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ। ਇਸ ਛੁੱਟੀ ਦੌਰਾਨ ਘਰ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਗਈ ਕਿ ਉਹ ਆਪਣੇ ਮਾਪਿਆਂ ਨੂੰ ਬੁਲਾ ਕੇ ਉਨ੍ਹਾਂ ਨਾਲ ਜਾਣ। ਜਿਹੜੇ ਵਿਦਿਆਰਥੀ ਕੈਂਪਸ ਵਿੱਚ ਰਹਿਣ ਦੀ ਚੋਣ ਕਰਦੇ ਹਨ, ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਬਿਨਾਂ ਲੋੜ ਤੋਂ ਆਪਣੇ ਹੋਸਟਲ ਤੋਂ ਬਾਹਰ ਨਾ ਨਿਕਲਣ ਅਤੇ ਸਿਰਫ਼ ਜ਼ਰੂਰੀ ਕੰਮਾਂ ਲਈ ਹੀ ਬਾਹਰ ਜਾਣ।
ਇਸ ਤੋਂ ਇਲਾਵਾ, ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ, ਜੋ ਐਤਵਾਰ ਸਵੇਰੇ 6 ਵਜੇ ਤੋਂ ਲਗਭਗ 18 ਘੰਟਿਆਂ ਲਈ ਜਾਮ ਰਿਹਾ ਸੀ, ਅੱਧੀ ਰਾਤ ਦੇ ਕਰੀਬ ਦੁਬਾਰਾ ਖੋਲ੍ਹ ਦਿੱਤਾ ਗਿਆ।























