ED ਵੱਲੋਂ ਵੱਡੀ ਕਾਰਵਾਈ – ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ,21ਮਾਰਚ(ਵਿਸ਼ਵ ਵਾਰਤਾ)- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਈਡੀ ਦੀ ਟੀਮ 10ਵਾਂ ਸੰਮਨ ਅਤੇ ਸਰਚ ਵਾਰੰਟ ਲੈ ਕੇ ਅੱਜ ਵੀਰਵਾਰ ਸ਼ਾਮ 7 ਵਜੇ ਕੇਜਰੀਵਾਲ ਦੇ ਘਰ ਪਹੁੰਚੀ ਸੀ। ਜਾਂਚ ਏਜੰਸੀ ਨੇ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਰਾਤ 9 ਵਜੇ ਇਹ ਕਾਰਵਾਈ ਕੀਤੀ।
ਈਡੀ ਟੀਮ ਦੇ ਨਾਲ ਦਿੱਲੀ ਪੁਲਿਸ ਦੇ ਡੀਸੀਪੀ ਪੱਧਰ ਦੇ ਅਧਿਕਾਰੀ ਮੌਜੂਦ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਵੀਰਵਾਰ ਦੁਪਹਿਰ 2.30 ਵਜੇ ਹਾਈ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਗ੍ਰਿਫਤਾਰੀ ‘ਤੇ ਰੋਕ ਲਗਾਉਣ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ।ਦਿੱਲੀ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰੀ ਤੋਂ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਕੁਝ ਘੰਟਿਆਂ ਬਾਅਦ ਈਡੀ ਦੀ ਟੀਮ ਉਨ੍ਹਾਂ ਦੇ ਘਰ ਪਹੁੰਚੀ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕੇਜਰੀਵਾਲ ਨੂੰ 9 ਸੰਮਨ ਭੇਜੇ ਹਨ, ਪਰ ਕੇਜਰੀਵਾਲ ਪੇਸ਼ ਨਹੀਂ ਹੋਏ। ਇਸ ਦੇ ਨਾਲ ਹੀ ਕੇਜਰੀਵਾਲ ਨੇ ਅਦਾਲਤ ਤੋਂ ਭਰੋਸਾ ਮੰਗਿਆ ਸੀ ਕਿ ਜੇਕਰ ਉਹ ਪੁੱਛਗਿੱਛ ਲਈ ਈਡੀ ਕੋਲ ਜਾਂਦੇ ਹਨ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ। ਅਦਾਲਤ ਨੇ ਸਪੱਸ਼ਟ ਕੀਤਾ ਕਿ ਕੇਜਰੀਵਾਲ ਨੂੰ ਈਡੀ ਦੇ ਸਾਹਮਣੇ ਪੇਸ਼ ਹੋਣਾ ਪਵੇਗਾ, ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਕੋਈ ਰੋਕ ਨਹੀਂ ਹੈ।