ਕੰਗਨਾ ਦੀ ਫਿਲਮ ‘Emergency’ ਪੰਜਾਬ ਦੇ ਸਿਨੇਮਾਘਰਾਂ ‘ਚ ਨਹੀਂ ਚੱਲਣ ਦਿੱਤੀ ਜਾਵੇਗੀ, SGPC ਦਾ ਐਲਾਨ
ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਲਾਨ ਕੀਤਾ ਹੈ ਕਿ ਭਾਜਪਾ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਨੂੰ ਪੰਜਾਬ ਵਿੱਚ ਪ੍ਰਦਰਸ਼ਿਤ ਨਹੀਂ ਹੋਣ ਦਿੱਤਾ ਜਾਵੇਗਾ। ਨਾਲ ਹੀ, ਲੋਕ ਸਭਾ ਸਪੀਕਰ ਤੋਂ ਮੰਗ ਕੀਤੀ ਗਈ ਹੈ ਕਿ ਕੰਗਨਾ ਦੀ ਲੋਕ ਸਭਾ ਮੈਂਬਰਸ਼ਿਪ ਉਸ ਦੀ ਸਿੱਖ ਅਤੇ ਕਿਸਾਨ ਵਿਰੋਧੀ ਬਿਆਨਬਾਜ਼ੀ ਲਈ ਖਤਮ ਕੀਤੀ ਜਾਵੇ।
ਸ਼ਨਿਚਰਵਾਰ ਨੂੰ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਤੋਂ ਬਾਅਦ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੰਗਣਾ ਦੀ ਫਿਲਮ ਨੂੰ ਸਿਨੇਮਾਘਰਾਂ ‘ਚ ਨਹੀਂ ਲੱਗਣ ਦਿੱਤਾ ਜਾਵੇਗਾ ਅਤੇ ਇਸ ਦੇ ਵਿਰੋਧ ‘ਚ ਪ੍ਰਦਰਸ਼ਨ ਕੀਤੇ ਜਾਣਗੇ।
ਸੈਂਸਰ ਬੋਰਡ ਨੂੰ ਫਿਲਮ ‘ਤੇ ਪੂਰਨ ਪਾਬੰਦੀ ਲਗਾਉਣੀ ਚਾਹੀਦੀ ਹੈ, ਜਦਕਿ ਕੇਂਦਰ ਸਰਕਾਰ ਦੇ ਕਹਿਣ ‘ਤੇ ਫਿਲਮ ‘ਐਮਰਜੈਂਸੀ’ ਨੂੰ ਰਿਲੀਜ਼ ਕਰਨ ਦੇ ਯਤਨ ਕੀਤੇ ਜਾ ਰਹੇ ਹਨ, ਜਿਸ ‘ਚ ਜਰਨੈਲ ਸਿੰਘ ਭਿੰਡਰਾਂਵਾਲਾ ਨੂੰ ਮਾਮੂਲੀ ਕਟੌਤੀ ਕਰਕੇ ਅੱਤਵਾਦੀ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਅੱਤਵਾਦ ਦੇ ਦੌਰ ਦੌਰਾਨ ਪੰਜਾਬ ਸਰਕਾਰ ਦੀਆਂ ਕਾਰਵਾਈਆਂ ਦਾ ਪਰਦਾਫਾਸ਼ ਕਰਦੀ ਫਿਲਮ ‘ਪੰਜਾਬ 95’ ਦੇ 120 ਤੋਂ ਵੱਧ ਸੀਨ ਕੱਟੇ ਗਏ ਹਨ।
ਕੇਂਦਰ ਸਰਕਾਰ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਹੋਣ ਦੀ ਸ਼ਰਤ ਖਤਮ ਕਰਨੀ ਚਾਹੀਦੀ ਹੈ ਅਤੇ ਇਸ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਹੈ। ਸ਼ਰਧਾਲੂਆਂ ਨੂੰ ਆਧਾਰ ਕਾਰਡ ਜਾਂ ਕਿਸੇ ਹੋਰ ਸ਼ਨਾਖਤੀ ਕਾਰਡ ਦੇ ਆਧਾਰ ‘ਤੇ ਹੀ ਗੁਰਦੁਆਰਾ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀ ਇਜਾਜ਼ਤ ਦਿੱਤੀ ਜਾਵੇ।