Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ
ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ ਸਟਰੀਟ ‘ਤੇ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਵਿਵਾਦ ਖੜ੍ਹਾ ਹੋ ਗਿਆ ਹੈ। ਅਸਲ ‘ਚ ਸ਼ੈਰੀ ਮਾਨ ਦੇ ਸ਼ਰਾਬ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਨੂੰ ਗਾਉਣ ‘ਤੇ ਪਾਬੰਦੀ ਦੀ ਮੰਗ ਕੀਤੀ ਗਈ ਹੈ ਅਤੇ ਇਸ ਸੰਬੰਧੀ ਡਾ. ਪੰਡਿਤਰਾਓ ਧਰੇਨਵਰ ਵੱਲੋਂ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਕੋਲ ਸ਼ਿਕਾਇਤ ਦਿੱਤੀ ਗਈ ਹੈ।
ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ “ਲਾਕੇ ਤਿੰਨ ਪੈੱਗ ਬੱਲੀਏ, ਹੋਸਟਲ ਵਾਲਾ ਕਮਰਾ” ਵਰਗੇ ਗੀਤ ਸ਼ਰਾਬ ਨੂੰ ਉਤਸ਼ਾਹਿਤ ਕਰ ਸਕਦੇ ਹਨ। ਇਸ ਦਾ ਬੱਚਿਆਂ ਅਤੇ ਨੌਜਵਾਨਾਂ ‘ਤੇ ਮਾੜਾ ਪ੍ਰਭਾਵ ਪੈ ਸਕਦਾ ਹੈ।
ਜਿਸ ਤੋਂ ਬਾਅਦ ਸ਼ਿਕਾਇਤ ਦਾ ਨੋਟਿਸ ਲੈਂਦੇ ਹੋਏ, ਕਮਿਸ਼ਨ ਨੇ ਐਸਏਐਸ ਨਗਰ ਦੇ ਡੀਸੀ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਨਿਯਮਾਂ ਅਨੁਸਾਰ ਤੁਰੰਤ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਕਮਿਸ਼ਨ ਨੇ ਬੱਚਿਆਂ ਅਤੇ ਨੌਜਵਾਨ ਪੀੜ੍ਹੀ ਵਿੱਚ ਸ਼ਰਾਬ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ਨੂੰ ਰੋਕਣ ਦੀ ਮੰਗ ਕੀਤੀ ਹੈ।























