ਮਾਨਸਾ, 30 ਅਗਸਤ( ਵਿਸ਼ਵ ਵਾਰਤਾ)-ਮਜ਼ਦੂਰ-ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਬਨਾਉਣ ਸਮੇਤ ਹੋਰ ਭੱਖਦੀਆਂ ਮੰਗਾਂ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਵਿਧਾਨ ਸਭਾ ਦੇ ਸੈਸ਼ਨ ਦੌਰਾਨ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਮੋਰਚਾ ਲਾ ਕੇ 2 ਸਤੰਬਰ ਨੂੰ ਵਿਧਾਨ ਸਭਾ ਵੱਲ ਮਾਰਚ ਕਰਨ ਦੇ ਕੀਤੇ ਐਲਾਨ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਹਿਲੀ ਸਤੰਬਰ ਨੂੰ ਹੀ ਦੋਨਾਂ ਜਥੇਬੰਦੀਆਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਇਸੇ ਮਸਲੇ ਨੂੰ ਲੈਕੇ ਚੰਡੀਗੜ੍ਹ ਦੇ ਐਸਐਸਪੀ ਵੱਲੋਂ ਜਥੇਬੰਦੀਆਂ ਨੂੰ 31 ਅਗਸਤ ਨੂੰ ਮੀਟਿੰਗ ਕਰਨ ਦਾ ਵੱਖਰੇ ਤੌਰ ’ਤੇ ਸੱਦਾ ਦਿੱਤਾ ਗਿਆ ਹੈ। ਜਥੇਬੰਦੀਆਂ ਨੇ ਮੀਟਿੰਗ ਦਾ ਸੱਦਾ ਪ੍ਰਵਾਨ ਕਰਨ ਦੇ ਨਾਲ-ਨਾਲ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ 1 ਸਤੰਬਰ ਨੂੰ ਪਰਿਵਾਰਾਂ ਸਮੇਤ ਚੰਡੀਗੜ੍ਹ ਵਿਖੇ ਲੱਗ ਰਹੇ ਖੇਤੀ ਨੀਤੀ ਮੋਰਚੇ ’ਚ ਪਹੁੰਚਣ ਦਾ ਜ਼ੋਰਦਾਰ ਬੁਲਾਵਾ ਦਿੱਤਾ ਗਿਆ ਹੈ।
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ , ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ,ਝੰਡਾ ਸਿੰਘ ਜੇਠੂਕੇ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਦੱਸਿਆ ਕਿ ਦੋਨਾਂ ਜਥੇਬੰਦੀਆਂ ਵੱਲੋਂ ਪਿਛਲੇ ਡੇਢ ਸਾਲ ਤੋਂ ਸਰਕਾਰ ਨੂੰ ਖੇਤੀ ਨੀਤੀ ਦੇ ਖਰੜੇ ਸੌਂਪਕੇ ਹਕੂਮਤੀ ਆਪ ਪਾਰਟੀ ਵੱਲੋਂ ਚੋਣ ਵਾਅਦੇ ਅਨੁਸਾਰ ਖੇਤੀ ਸੰਕਟ ਦੇ ਹੱਲ ਲਈ ਨਵੀਂ ਖੇਤੀ ਨੀਤੀ ਬਨਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ,ਪਰ ਸਰਕਾਰ ਵੱਲੋਂ ਕੋਈ ਹੁੰਗਾਰਾ ਨਹੀਂ ਭਰਿਆ ਗਿਆ।
ਆਗੂਆਂ ਨੇ ਕਿਹਾ ਕਿ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਲੱਗਣ ਵਾਲੇ ਮੋਰਚੇ ਦੀਆਂ ਜਥੇਬੰਦੀਆਂ ਵੱਲੋਂ ਹਰ ਤਰ੍ਹਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਮਸਲਿਆਂ ਨੂੰ ਲੈਕੇ ਪਹਿਲਾਂ ਪੰਜਾਬ ਦੇ ਜ਼ਿਲ੍ਹਾ ਹੈਡ-ਕੁਆਟਰਾਂ ਉਤੇ 27 ਤੋਂ 31 ਅਗਸਤ ਤੱਕ ਡੀ.ਸੀ ਦਫ਼ਤਰਾਂ ਅੱਗੇ ਧਰਨੇ ਲਾਏ ਜਾਣੇ ਸਨ, ਜਿਸ ਨੂੰ ਬਾਅਦ ਵਿੱਚ ਪੰਜਾਬ ਸਰਕਾਰ ’ਤੇ ਦਬਾਅ ਬਣਾਉਣ ਲਈ ਸਰਬਸੰਮਤੀ ਨਾਲ ਚੰਡੀਗੜ੍ਹ ਮੋਰਚੇ ਵਿੱਚ ਤਬਦੀਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਪਰ ਮਸਲਿਆਂ ਦੇ ਹੱਲ ਲਈ ਦਬਾਅ ਤੋਂ ਬਿਨਾਂ ਜਥੇਬੰਦੀਆਂ ਦਾ ਹੁਣ ਕੋਈ ਹੋਰ ਚਾਰਾ ਨਹੀਂ ਰਿਹਾ, ਜਿਸ ਕਰਕੇ ਚੰਡੀਗੜ੍ਹ ਵੱਲ ਕਿਸਾਨਾਂ ਦੇ ਕਾਫ਼ਲੇ ਕੂਚ ਕਰਨਗੇ।