Faridkot DC ਤੇ ਐਸ ਐਸ ਪੀ ਛੁੱਟੀ ਵਾਲੇ ਦਿਨ ਵੀ ਰਹੇ ਫੀਲਡ ‘ਚ
ਜ਼ਿਲ੍ਹਾ ਪ੍ਰਸਾਸ਼ਨ ਦੀ ਸਖਤੀ ਨਾਲ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ‘ਚ ਆਈ ਕਮੀ
28 ਐਫ.ਆਈ.ਆਰ, ਮਾਲ ਰਿਕਾਰਡ ‘ਚ ਰੈਡ ਐਂਟਰੀ ਦੇ ਕੇਸ ਹੋਏ ਦਰਜ
ਫ਼ਰੀਦਕੋਟ, 3 ਨਵੰਬਰ 2024 (ਵਿਸ਼ਵ ਵਾਰਤਾ) – ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਨੀਤ ਕੁਮਾਰ (Faridkot DC) ਅਤੇ ਐੱਸ.ਐੱਸ.ਪੀ ਡਾ. ਪ੍ਰੱਗਿਆ ਜੈਨ ਵੱਲੋਂ ਕੀਤੀ ਗਈ ਯੋਗ ਅਗਵਾਈ ਅਤੇ ਪ੍ਰਸ਼ਾਸ਼ਨ ਦੀਆਂ ਟੀਮਾਂ ਵੱਲੋਂ ਚਲਾਈ ਗਈ ਜਾਗਰੂਕਤਾ ਮੁਹਿੰਮ ਤੇ ਵਰਤੀ ਗਈ ਚੋਕਸੀ ਕਾਰਨ ਇਸ ਨਾਲ ਜ਼ਿਲੇ ਵਿਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿਚ ਕਮੀ ਆਈ ਹੈ ਅਤੇ ਕਿਸਾਨ ਬਿਨਾਂ ਅੱਗ ਲਗਾਏ ਆਪਣੇ ਖੇਤ ਵਿੱਚ ਝੋਨੇ ਦੀ ਰਹਿੰਦ ਖੂੰਹਦ ਦਾ ਨਿਪਟਾਰਾ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਅਤੇ ਐੱਸ.ਐੱਸ.ਪੀ ਡਾ. ਪ੍ਰੱਗਿਆ ਜੈਨ ਵੱਲੋਂ ਅੱਜ ਛੁੱਟੀ ਵਾਲੇ ਦਿਨ ਵੀ ਆਪਣੇ ਅਧਿਕਾਰੀਆਂ ਨਾਲ ਫੀਲਡ ਵਿਚ ਜਾ ਕੇ ਅੱਗ ਲੱਗਣ ਦੀਆਂ ਘਟਨਾਵਾਂ ਤੇ ਨਿਗਰਾਨੀ ਰੱਖੀ ਗਈ ਅਤੇ ਕੁਝ ਥਾਵਾਂ ਤੇ ਖੇਤਾਂ ਵਿਚ ਲਗਾਈ ਅੱਗ ਨੂੰ ਬੁਝਾਇਆ ਗਿਆ।
ਜ਼ਿਕਰਯੋਗ ਹੈ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜੰਗੀ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ।ਜਿਸ ਵਿੱਚ ਜਾਗਰੂਕਤਾ ਮੁਹਿੰਮ ਦੇ ਨਾਲ ਨਾਲ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਕੇ ਉਨ੍ਹਾਂ ਦੇ ਚਾਲਾਨ ਕੱਟੇ ਜਾਣਾ ਸ਼ਾਮਲ ਹੈ।ਖੇਤੀਬਾੜੀ ਵਿਭਾਗ ਵੱਲੋਂ ਵੀ ਕਿਸਾਨਾਂ ਨੂੰ ਵਾਤਾਵਰਨ ਦੀ ਸੰਭਾਲ ਅਤੇ ਪਰਾਲੀ ਨੂੰ ਜਮੀਨ ਵਿੱਚ ਮਿਲਾਉਣ ਦੇ ਫਾਇਦਿਆਂ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।
ਝੋਨੇ ਦੇ ਸੀਜ਼ਨ ਦੌਰਾਨ 17 ਕਲੱਸਟਰ ਅਫਸਰਾਂ ਦੀ ਨਿਗਰਾਨੀ ਹੇਠ ਹਰ ਪਿੰਡ ਲਈ ਨਿਯੁੱਕਤ ਨੋਡਲ ਅਧਿਕਾਰੀਆਂ ਦੁਆਰਾ ਹੁਣ ਤੱਕ 28 ਵਿਅਕਤੀਆਂ ਤੇ ਐਫ.ਆਈ.ਆਰ ਦਰਜ ਕਰਨ ਦੇ ਨਾਲ ਮਾਲ ਰਿਕਾਰਡ ਵਿਚ ਰੈਡ ਐਂਟਰੀ ਕੀਤੀ ਗਈ ਹੈ। ਇਸੇ ਤਰ੍ਹਾਂ 75000 ਰੁਪਏ ਦੇ ਜੁਰਮਾਨੇ ਲਗਾਏ ਗਏ, ਜਿਸ ਵਿਚੋਂ 62500 ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ।
ਪੰਜਾਬ ਰਿਮੋਰਟ ਸੈਂਸਰਿੰਗ ਸੈਂਟਰ ਲੁਧਿਆਣਾ ਵੱਲੋਂ ਜਿਲ੍ਹੇ ਵਿੱਚ ਹੁਣ ਤੱਕ 65 ਕੇਸ ਦਰਜ ਕੀਤੇ ਗਏ ਹਨ,ਜਿਨਾਂ ਦੇ ਵਿੱਚੋਂ 28 ਕੇਸ ਅੱਗ ਲੱਗਣ ਦੇ ਅਤੇ 37 ਕੇਸ ਅੱਗ ਲੱਗਣ ਦੇ ਨਹੀਂ ਹਨ। ਇਸ ਦੇ ਨਾਲ ਹੀ ਹੁਣ ਤੱਕ ਸੁਪਰ ਐਸਐਮਐਸ ਤੋਂ ਬਿਨਾਂ ਚੱਲਣ ਵਾਲੀਆਂ ਛੇ ਕੰਬਾਈਨਾਂ ਦੇ ਚਲਾਨ ਕੱਟੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਅੱਠ ਨੋਡਲ ਅਫਸਰ ਜਿਨ੍ਹਾਂ ਦੇ ਏਰੀਏ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ ਹਨ, ਉਨ੍ਹਾਂ ਨੂੰ ਵੀ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।