Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ
ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) ਚੰਡੀਗੜ੍ਹ ਮੋਰਚਾ ਲਾਈ ਬੈਠੇ ਕਿਸਾਨਾਂ ਦੀ ਅੱਜ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਹੋਈ। ਜਿਸ ਵਿੱਚ ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਕਈ ਮੰਗਾਂ ਨੂੰ ਲੈ ਕੇ ਸਹਿਮਤੀ ਪ੍ਰਗਟਾਈ ਗਈ ਹੈ। ਉਨ੍ਹਾਂ ਕਿਹਾ ਕਿ ਕੁਝ ਮੰਗਾਂ ਬਾਰੇ ਸਰਕਾਰ ਵੱਲੋਂ ਲਿਖਤੀ ਰੂਪ ਵਿੱਚ ਜਾਣਕਾਰੀ ਕਿਸਾਨ ਆਗੂਆਂ ਨੂੰ ਦਿੱਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਸਰਕਾਰ ਵੱਲੋਂ ਲਿਖਤੀ ਪੱਤਰ ਉਨ੍ਹਾਂ ਦੇ ਹੱਥ ਵਿੱਚ ਆ ਜਾਵੇਗਾ, ਉਸ ਤੋਂ ਬਾਅਦ ਹੀ ਕਿਸਾਨ ਜਥੇਬੰਦੀਆਂ ਅਗਲੀ ਰਣਨੀਤੀ ਬਾਰੇ ਫੈਸਲਾ ਕਰਨਗੀਆਂ।ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਇੱਕ ਮਹੀਨੇ ਦੇ ਅੰਦਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਅਤੇ ਸਬੰਧਤ ਮੰਗਾਂ ’ਤੇ ਵਿਚਾਰ ਕੀਤਾ ਜਾਵੇਗਾ। ਮੀਟਿੰਗ ਦੌਰਾਨ ਸਰਕਾਰ ਨੇ ਕਿਸਾਨਾਂ ਦੀਆਂ ਮੋਟਰਾਂ ਅਤੇ ਕੇਬਲਾਂ ਚੋਰੀ ਕਰਨ ਵਾਲੇ ਅਨਸਰਾਂ ‘ਤੇ ਨਕੇਲ ਕੱਸਣ ਦਾ ਵੀ ਭਰੋਸਾ ਦਿੱਤਾ। ਇਨ੍ਹਾਂ ਸਾਰੀਆਂ ਮੰਗਾਂ ਸਬੰਧੀ ਭਲਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਜਾਂ ਡਾ. ਬਲਬੀਰ ਸਿੰਘ ਜਾਂ ਫਿਰ ਦੋਵੇਂ ਮੰਤਰੀ ਦੁਪਹਿਰ 2 ਵਜੇ ਕਿਸਾਨਾਂ ਦੀ ਸਟੇਜ ‘ਤੇ ਆ ਕੇ ਐਲਾਨ ਕਰਨਗੇ।
ਮੀਟਿੰਗ ਵਿੱਚ ਨਹਿਰੀ ਸਿਸਟਮ ਦੇ ਮੁੱਦੇ ‘ਤੇ ਵੀ ਚਰਚਾ ਹੋਈ। ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਕਿ ਉਸ ਨੇ ਨਹਿਰੀ ਸਿਸਟਮ ਵਿੱਚ ਬਹੁਤ ਸੁਧਾਰ ਕੀਤਾ ਹੈ।























