Farmers Protest : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 22 ਵੇਂ ਦਿਨ ‘ਚ ਦਾਖ਼ਲ
ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਹੋਵੇਗੀ ਸੁਣਵਾਈ
ਚੰਡੀਗੜ੍ਹ, 17 ਦਸੰਬਰ(ਵਿਸ਼ਵ ਵਾਰਤਾ) ਕਿਸਾਨ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਪਿਛਲੇ 10 ਮਹੀਨਿਆਂ ਤੋਂ ਸ਼ੰਭੂ ਤੇ ਖਨੌਰੀ ਸਰਹੱਦਾਂ ਤੇ ਡਟੇ ਹੋਏ ਹਨ। ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਲਗਾਤਾਰ 22 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਹਨ। ਉਹਨਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ, ਜਿਸ ਨੂੰ ਲੈ ਕੇ ਡਾਕਟਰ ਫਿਕਰਮੰਦ ਹਨ। ਜਿਸ ਦੇ ਚਲਦਿਆਂ ਡੱਲੇਵਾਲ ਨੂੰ ਲੈਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 13 ਦਸੰਬਰ ਨੂੰ ਇਸ ਮਾਮਲੇ ਦੀ ਸੁਣਵਾਈ ਹੋਈ ਸੀ, ਜਿਸ ਵਿੱਚ ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਨੂੰ ਤੁਰੰਤ ਖੋਲ੍ਹਣ ਦੇ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਹਾਈ ਪਾਵਰ ਕਮੇਟੀ ਨੂੰ ਹਦਾਇਤ ਕੀਤੀ ਸੀ ਕਿ ਉਹ ਕਿਸਾਨਾਂ ਨੂੰ ਸਮਝਾਉਣ ਕਿ ਕੀ ਉਨ੍ਹਾਂ ਦੇ ਧਰਨੇ ਨੂੰ ਹਾਈਵੇਅ ਦੀ ਬਜਾਏ ਕਿਸੇ ਹੋਰ ਥਾਂ ‘ਤੇ ਤਬਦੀਲ ਕਰਨਾ ਹੈ ਜਾਂ ਕੁਝ ਸਮਾਂ ਮੁਲਤਵੀ ਕਰੋ। ਇਸ ਦੌਰਾਨ ਅਦਾਲਤ ਨੇ ਡੱਲੇਵਾਲ ਦੀ ਸਿਹਤ ‘ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਸਰਕਾਰ ਨੂੰ ਉਨ੍ਹਾਂ ਨੂੰ ਤੁਰੰਤ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਨੇ ਡੱਲੇਵਾਲ ਨੂੰ ਮਰਨ ਵਰਤ ਤੋੜਨ ਦੀ ਹਦਾਇਤ ਕਰਦਿਆਂ ਕਿਹਾ ਕਿ ਉਹਨਾਂ ਦੀ ਜਾਨ ਕੀਮਤੀ ਹੈ।ਇਸ ਤੋਂ ਬਾਅਦ ਸੁਪਰੀਮ ਕੋਰਟ ਦੇ ਹੁਕਮਾਂ ‘ਤੇ 15 ਦਸੰਬਰ ਨੂੰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਕੇਂਦਰੀ ਗ੍ਰਹਿ ਨਿਰਦੇਸ਼ਕ ਮਯੰਕ ਮਿਸ਼ਰਾ ਡੱਲੇਵਾਲ ਨੂੰ ਮਿਲਣ ਲਈ ਖਨੌਰੀ ਸਰਹੱਦ ਪੁੱਜੇ ਸਨ।
ਡੀਜੀਪੀ ਨੇ ਮੀਟਿੰਗ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਐਮਰਜੈਂਸੀ ਸਹੂਲਤ ਲੈਣ ਦੀ ਅਪੀਲ ਕੀਤੀ। ਮੀਟਿੰਗ ਤੋਂ ਬਾਅਦ ਡੀਜੀਪੀ ਨੇ ਕਿਹਾ ਕਿ ਸਾਨੂੰ ਜਗਜੀਤ ਡੱਲੇਵਾਲ ਦੀ ਸਿਹਤ ਦੀ ਫਿਕਰ ਹੈ, ਉਨ੍ਹਾਂ ਦੀ ਜਾਨ ਕੀਮਤੀ ਹੈ। ਉਨ੍ਹਾਂ ਕਿਹਾ ਕਿ ਇੱਥੇ ਐਂਬੂਲੈਂਸ ਤੇ ਡਾਕਟਰਾਂ ਦੀ ਟੀਮ ਤਾਇਨਾਤ ਹੈ। ਅਸੀਂ ਸਾਰਿਆਂ ਨਾਲ ਤਾਲਮੇਲ ਕਰ ਰਹੇ ਹਾਂ ਅਤੇ ਗੱਲਬਾਤ ਨੂੰ ਅੱਗੇ ਲਿਜਾਣ ਲਈ ਮਾਹੌਲ ਤਿਆਰ ਕਰ ਰਹੇ ਹਾਂ। ਉਮੀਦ ਹੈ ਜਲਦ ਕੋਈ ਪਾਜ਼ੀਟਿਵ ਹੱਲ ਨਿਕਲੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/