Fazilka News: ਡੇਂਗੂ ਅਤੇ ਮਲੇਰੀਆ ਵਿਰੋਧੀ ਅਤੇ ਜਾਗਰੂਕਤਾ ਗਤੀਵਿਧੀਆਂ ਵਿੱਚ ਤੇਜ਼ੀ ਲਿਆਂਦੀ ਜਾਵੇ: ਡਾ ਐਰਿਕ
ਫਾਜਿਲਕਾ 10 ਅਕਤੂਬਰ (ਵਿਸ਼ਵ ਵਾਰਤਾ):- ਡਾਇਰੈਕਟਰ ਸਿਹਤ ਵਿਭਾਗ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਵਿੱਚ ਡੇਂਗੂ ਦੇ ਵੱਧ ਰਹੇ ਮਰੀਜਾਂ ਨੂੰ ਮੁੱਖ ਰੱਖਦੇ ਹੋਏ ਡਾ ਐਰਿਕ ਅਤੇ ਡਾ ਕਵਿਤਾ ਦੀ ਪ੍ਰਧਾਨਗੀ ਵਿੱਚ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਨੇ ਜਿਲ੍ਹੇ ਦੇ ਸਾਰੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਅਤੇ ਵਰਕਰ ਦੀ ਵਿਸ਼ੇਸ਼ ਮੀਟਿੰਗ ਦਫ਼ਤਰ ਸਿਵਲ ਸਰਜਨ ਦਫ਼ਤਰ ਵਿਖੇ ਕੀਤੀ ਗਈ।
ਇਸ ਸਮੇਂ ਡਾ ਐਰਿਕ ਨੇ ਸਮੂਹ ਸਟਾਫ਼ ਨੂੰ ਕਿਹਾ ਕਿ ਪੰਜਾਬ ਵਿੱਚ ਵੱਧ ਰਹੇ ਕੇਸਾਂ ਅਤੇ ਮੱਛਰਾਂ ਦੀ ਪੈਦਾਇਸ ਕਰਕੇ ਜਿਲ੍ਹੇ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਜਾਣ ਅਤੇ ਆਮ ਲੋਕਾਂ ਖਾਸ ਕਰਕੇ ਸਲੱਮ ਏਰੀਏ ਵਿੱਚ ਮਲੇਰੀਆ ਅਤੇ ਡੇੱਗੂ ਪ੍ਰਤੀ ਪੈਂਫਲਿਟ ਵੰਡ ਕੇ ਅਤੇ ਗਰੁੱਪ ਮੀਟਿੰਗਾਂ ਕਰਕੇ ਜਾਗਰੂਕ ਕੀਤਾ ਜਾਵੇ।
ਇਸ ਸਮੇਂ 11 ਅਕਤੂਬਰ ਨੂੰ ਅਰਬਨ ਅਤੇ ਰੂਰਲ ਏਰੀਏ ਵਿੱਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਟੀਮਾਂ ਦਾ ਗਠਨ ਕੀਤਾ ਅਤੇ ਵਿਚਾਰ ਚਰਚਾ ਕੀਤੀ ਗਈ।
ਇਸ ਸਮੇਂ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਨੇ ਕਿਹਾ ਕਿ ਡੇਂਗੂ ਪਾਜ਼ੇਟਿਵ ਕੇਸਾਂ ਦੇ ਘਰਾਂ ਵਿੱਚ ਜਾ ਕੇ ਮਰੀਜਾਂ ਦੀ ਦੇਖਰੇਖ ਕੀਤੀ ਜਾਵੇ ਅਤੇ ਨਾਲ ਲੱਗਦੇ ਘੱਟੋ ਘੱਟ 50 ਘਰਾਂ ਦਾ ਸਰਵੇ ਕੀਤਾ ਜਾਵੇ। ਉਹਨਾਂ ਕਿਹਾ ਕਿ ਮਲੇਰੀਆ ਅਤੇ ਡੇਂਗੂ ਬੁਖਾਰ ਮੱਛਰ ਦੇ ਕੱਟਣ ਨਾਲ ਫੈਲਦਾ ਹੈ।ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਕੂਲਰਾਂ ਨੂੰ ਹਫ਼ਤੇ ਵਿਚ ਇੱਕ ਵਾਰ ਸਾਫ਼ ਕਰਕੇ ਸੁਕਾ ਕੇ ਦੁਬਾਰਾ ਵਰਤੋਂ ਕਰੋ, ਮੱਛਰਦਾਨੀਆਂ ਦੀ ਵਰਤੋਂ ਕਰੋ, ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਉਹਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਅੱਖਾਂ ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੀ ਸਿਹਤ ਸੰਸਥਾ ਵਿੱਚ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਟੇਸਟ ਕਰਵਾਇਆ ਜਾਵੇ । ਮਲੇਰੀਆ ਅਤੇ ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਸਮੇਂ ਵਿਨੋਦ ਖੁਰਾਣਾ, ਹਰਮੀਤ ਸਿੰਘ, ਅਨੀਤਾ ਰਾਣੀ ਹਾਜ਼ਰ ਸਨ।