ਮੋਗਾ, 26 ਅਕਤੂਬਰ (ਵਿਸ਼ਵ ਵਾਰਤਾ) ਮੋਗਾ ਦੇ ਅੰਗਦਪੁਰਾ ਮੁਹੱਲੇ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਦੁਕਾਨ ਦੇ ਬਾਹਰ ਬੈਠੇ 4 ਤੋਂ 5 ਨੌਜਵਾਨਾਂ ’ਤੇ ਕਾਲੀ ਸਕਾਰਪੀਓ ਵਿੱਚ ਸਵਾਰ ਹੋ ਕੇ ਆਏ ਕੁਝ ਲੋਕਾਂ ਨੇ ਤਾਬੜਤੋੜ ਫਾਇਰਿੰਗ ਕਰ ਦਿੱਤੀ।
ਇਸ ਘਟਨਾ ਵਿੱਚ 4 ਨੌਜਵਾਨ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਏ, ਜਦਕਿ ਇੱਕ ਹੋਰ ਨੌਜਵਾਨ ਨੂੰ ਗੋਲੀ ਦੇ ਛਰ੍ਹੇ ਲੱਗਣ ਦੀ ਜਾਣਕਾਰੀ ਮਿਲੀ ਹੈ। ਜ਼ਖ਼ਮੀਆਂ ਵਿੱਚੋਂ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇੱਕ ਨੌਜਵਾਨ ਦੇ ਸਿਰ, ਦੋ ਨੌਜਵਾਨਾਂ ਦੇ ਪੇਟ ਅਤੇ ਇੱਕ ਨੌਜਵਾਨ ਦੀ ਬਾਂਹ ਵਿੱਚ ਗੋਲੀ ਲੱਗੀ ਹੈ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਮੁੱਢਲੀ ਜਾਣਕਾਰੀ ਮੁਤਾਬਕ ਦੋਵਾਂ ਧਿਰਾਂ ਵਿਚਾਲੇ ਪੁਰਾਣੀ ਰੰਜਿਸ਼ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਹਾਲਾਂਕਿ, ਘਟਨਾ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੁਲਿਸ ਜਾਂਚ ਤੋਂ ਬਾਅਦ ਹੀ ਹੋ ਸਕੇਗੀ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਇਸ ਤੋਂ ਇਲਾਵਾ ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਟੀਮ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ ਹੈ।
ਮੋਗਾ ਦੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਅੰਗਦਪੁਰਾ ਮੁਹੱਲੇ ਵਿੱਚ ਫਾਇਰਿੰਗ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ ਸੀ। ਮੁੱਢਲੀ ਜਾਣਕਾਰੀ ਅਨੁਸਾਰ ਕਾਲੀ ਸਕਾਰਪੀਓ ਵਿੱਚ ਸਵਾਰ ਹੋ ਕੇ ਆਏ ਲੋਕਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।
ਉਨ੍ਹਾਂ ਦੱਸਿਆ ਕਿ ਜ਼ਖ਼ਮੀ ਨੌਜਵਾਨਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੀੜਤ ਪਰਿਵਾਰ ਵੱਲੋਂ ਕੁਝ ਲੋਕਾਂ ਦੇ ਨਾਮ ਵੀ ਦੱਸੇ ਗਏ ਹਨ। ਪੁਲਿਸ ਸਬੰਧਤ ਲੋਕਾਂ ਦੇ ਬਿਆਨ ਦਰਜ ਕਰ ਰਹੀ ਹੈ ਅਤੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਐੱਸਐੱਸਪੀ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫੋਰੈਂਸਿਕ ਟੀਮ ਦੀ ਮਦਦ ਨਾਲ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਾਂਚ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।























