ਚੰਡੀਗੜ੍ਹ 23 ਜੂਨ( ਵਿਸ਼ਵ ਵਾਰਤਾ) ( Government Employees News): ਪੰਜਾਬ ਦੀ ਮਾਨ ਸਰਕਾਰ ਨੇ ਵਿੱਤ ਵਿਭਾਗ ਅਤੇ ਸੂਬੇ ਦੇ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸੂਬਾ ਸਰਕਾਰ ਨੇ ਇਹਨਾਂ ਕਰਮਚਾਰੀਆਂ ਦੇ ਲਈ ਛੇਵੇਂ ਤਨਖਾਹ ਕਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ ਹੈ। ਉਹਨਾਂ ਦੱਸਿਆ ਹੈ ਕਿ, ਵਿੱਤ ਵਿਭਾਗ ਅਤੇ ਸੂਬੇ ਦੇ ਵਿੱਚ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ਦੇ ਉੱਪਰ ਛੇਵਾਂ ਤਨਖਾਹ ਕਮਿਸ਼ਨ ਲਾਗੂ ਕਰ ਦਿੱਤਾ ਗਿਆ। ਪੰਜਾਬ ਸਰਕਾਰ ਦੇ ਇਸ ਫੈਸਲੇ ਦੇ ਨਾਲ ਕਈ ਵਿਭਾਗਾਂ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਕਾਲਜਾਂ ਦੇ ਕਰਮਚਾਰੀਆਂ ਨੂੰ ਲਾਭ ਮਿਲੇਗਾ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪ੍ਰਸ਼ਾਸਨਿਕ ਵਿਭਾਗਾਂ ਨੂੰ ਇਹਨਾਂ ਕਰਮਚਾਰੀਆਂ ਅਤੇ ਰਿਟਾਇਰਡ ਕਰਮਚਾਰੀਆਂ ਦੇ ਲਈ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਸੰਬੰਧਿਤ ਵਿਭਾਗਾਂ ਦੇ ਘਾਟੇ ਦਾ ਅਨੁਮਾਨ ਲਗਾਉਣ ਦੇ ਲਈ ਪਿਛਲੇ ਤਿੰਨ ਸਾਲਾਂ ਦੇ ਵਿੱਤੀ ਅੰਕੜਿਆਂ ਦੀ ਸਮੀਖਿਆ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ, ਪ੍ਰਸ਼ਾਸਨਿਕ ਵਿਭਾਗਾਂ ਦੇ ਤੋਂ ਬਾਅਦ ਵਿੱਤ ਵਿਭਾਗ ਇਹਨਾਂ ਸੰਸਥਾਵਾਂ ਨੂੰ ਵਿੱਤੀ ਮਨਜ਼ੂਰੀ ਦੇਣ ਦੇ ਲਈ ਵੀ ਕਦਮ ਚੁੱਕੇਗਾ। ਇਸ ਕਦਮ ਦੇ ਨਾਲ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਦੇ ਵਿੱਚ ਸੁਧਾਰ ਕਰੇਗੀ। ਇਸ ਮੌਕੇ ਵਿੱਤ ਮੰਤਰੀ ਨੇ ਸਿੱਖਿਆ ਦੇ ਖੇਤਰ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਵੀ ਦੱਸਿਆ ਹੈ। ਉਹਨਾਂ ਕਿਹਾ ਕਿ, ਪਿਛਲੇ ਦੋ ਸਾਲਾਂ ਦੇ ਵਿੱਚ ਸੂਬੇ ਦੇ ਵਿੱਚ ਸਿੱਖਿਆ ਦੀ ਕ੍ਰਾਂਤੀ ਦੇਖੀ ਜਾ ਰਹੀ ਹੈ। ਚੀਮਾ ਨੇ ਕਿਹਾ ਕਿ ਸਿੱਖਿਆ ਖੇਤਰ ਦੇ ਵਿੱਚ ਕ੍ਰਾਂਤੀ ਦੇ ਲਈ ਉਹਨਾਂ ਦੀ ਸਰਕਾਰ ਅੱਗੇ ਵੀ ਕਦਮ ਚੁੱਕਦੀ ਰਹੇਗੀ।