Gurdaspur: ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ ‘ਚ ਵੜ੍ਹਿਆ ਹੜ੍ਹਾਂ ਦਾ ਪਾਣੀ
– ਕਰੀਬ 400 ਵਿਦਿਆਰਥੀ ਅਤੇ ਅਧਿਆਪਕ ਫਸੇ
ਗੁਰਦਾਸਪੁਰ, 27 ਅਗਸਤ 2025 (ਵਿਸ਼ਵ ਵਾਰਤਾ): ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ 150 ਤੋਂ ਵੱਧ ਪਿੰਡ ਹੜ੍ਹ ਦੀ ਮਾਰ ਹੇਠ ਹਨ। ਇਸ ਵਿਚਾਲੇ ਹੀ ਜਾਣਕਾਰੀ ਮਿਲੀ ਹੈ ਕਿ ਗੁਰਦਾਸਪੁਰ (Gurdaspur) ਦੇ ਅਧੀਨ ਆਉਂਦੇ ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ ਵਿੱਚ 400 ਤੋਂ ਵੱਧ ਵਿਦਿਆਰਥੀ ਅਤੇ ਅਧਿਆਪਕ ਹੜ੍ਹ ਵਿੱਚ ਫਸ ਗਏ ਹਨ। ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਵੀਡੀਓ ਅਤੇ ਫੋਟੋਆਂ ਤੋਂ ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਪੰਜ ਤੋਂ ਛੇ ਫੁੱਟ ਪਾਣੀ ਸਕੂਲ ਅੰਦਰ ਵੜ ਗਿਆ।ਸਕੂਲ ਦੇ ਅੰਦਰ ਅਤੇ ਬਾਹਰ ਕਈ ਫੁੱਟ ਤੱਕ ਪਾਣੀ ਭਰੇ ਹੋਣ ਕਾਰਨ ਸਥਿਤੀ ਗੰਭੀਰ ਬਣੀ ਹੋਈ ਹੈ। ਇਸ ਕਾਰਨ ਮਾਪੇ ਚਿੰਤਤ ਹਨ।
ਜਾਣਕਾਰੀ ਅਨੁਸਾਰ ਬੱਚਿਆਂ ਨੂੰ ਉਪਰਲੀ ਮੰਜ਼ਿਲ ‘ਤੇ ਰੱਖਿਆ ਗਿਆ ਹੈ। ਸਕੂਲ ਦੇ 40 ਅਧਿਆਪਕ ਅਤੇ ਹੋਰ ਸਟਾਫ਼ ਖੁਦ ਵੀ ਸਕੂਲ ਵਿੱਚ ਫਸ ਗਏ ਹਨ। ਸਾਰਿਆਂ ਨੂੰ ਸੁਰੱਖਿਅਤ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਕੱਢਣ ਲਈ ਐਨਡੀਆਰਐਫ ਅਤੇ ਫੌਜ ਦੀਆਂ ਟੀਮਾਂ ਭੇਜੀਆਂ ਗਈਆਂ ਹਨ। ਡੀਸੀ ਦਲਵਿੰਦਰ ਜੀਤ ਸਿੰਘ ਨੇ ਕਿਹਾ ਕਿ ਪ੍ਰਿੰਸੀਪਲ ਵੱਲੋਂ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਗਿਆ ਸੀ। ਸੂਚਨਾ ਮਿਲਦੇ ਹੀ ਬੱਸਾਂ ਭੇਜੀਆਂ ਗਈਆਂ ਸਨ, ਪਰ ਰਸਤੇ ‘ਚ ਬਹੁਤ ਪਾਣੀ ਭਰਿਆ ਹੋਇਆ ਸੀ। ਇਸ ਤੋਂ ਬਾਅਦ ਐਨਡੀਆਰਐਫ ਅਤੇ ਫੌਜ ਦੀਆਂ ਟੀਮਾਂ ਭੇਜੀਆਂ ਗਈਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























