ਗੁਰਦਾਸਪੁਰ: ਹਸਪਤਾਲ ਧਮਾਕਾ ਮਾਮਲਾ ਪੁਲਿਸ ਨੇ ਛੇ ਘੰਟਿਆਂ ‘ਚ ਸੁਲਝਾਇਆ! ਮੁੱਖ ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ, 2 ਜੂਨ 2026 (ਵਿਸ਼ਵ ਵਾਰਤਾ): ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਕਲਾਨੌਰ ਸਥਿਤ ਇਕ ਨਿੱਜੀ ਹਸਪਤਾਲ ‘ਤੇ ਅੱਜ ਹਮਲਾ ਹੋਇਆ। ਅਣਪਛਾਤੇ ਹਮਲਾਵਰਾਂ ਵੱਲੋਂ ਮੁਲਤਾਨੀ ਹਸਪਤਾਲ ‘ਤੇ ਜ਼ੋਰਦਾਰ ਧਮਾਕਾ ਕੀਤਾ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਹਸਪਤਾਲ ਦੀਆਂ ਖਿੜਕੀਆਂ ਅਤੇ ਦਰਵਾਜ਼ਿਆਂ ਦੇ ਸ਼ੀਸ਼ੇ ਚਕਨਾਚੂਰ ਹੋ ਗਏ।ਘਟਨਾ ਤੋਂ ਤੁਰੰਤ ਬਾਅਦ ਪੂਰੇ ਇਲਾਕੇ ਵਿੱਚ ਹਫੜਾ ਦਫੜੀ ਦਾ ਮਾਹੌਲ ਬਣ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਅਤੇ ਘਟਨਾ ਦੇ ਛੇ ਘੰਟਿਆਂ ਦੇ ਅੰਦਰ-ਅੰਦਰ ਹੀ ਮਾਮਲਾ ਸੁਲਝਾ ਲਿਆ ਗਿਆ।ਇਸ ਹਮਲੇ ਲਈ ਜ਼ਿੰਮੇਵਾਰ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਪੰਜਾਬ ਡੀਜੀਪੀ ਨੇ ਇਸ ਸੰਬੰਧੀ ਇਕ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ ਉਨ੍ਹਾਂ ਕਿਹਾ ਕਿ “ਵੱਡੀ ਸਫ਼ਲਤਾ ਹਾਸਲ ਕਰਦੇ ਹੋਏ, ਗੁਰਦਾਸਪੁਰ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਸਾਂਝੇ ਤੌਰ ‘ਤੇ ਕਲਾਨੌਰ (ਗੁਰਦਾਸਪੁਰ) ਵਿਖੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਘਟਨਾ ਦੇ ਛੇ ਘੰਟਿਆਂ ਦੇ ਅੰਦਰ-ਅੰਦਰ ਸੁਲਝਾ ਲਿਆ ਹੈ।ਤਕਨੀਕੀ ਅਤੇ ਹਿਊਮਨ ਇੰਟੈਲੀਜੈਂਸ ਇਨਪੁਟਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਇਸ ਹਮਲੇ ਲਈ ਜ਼ਿੰਮੇਵਾਰ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਵਿੱਚ ਵਿਦੇਸ਼ ਸਥਿਤ ਇੱਕ ਹੈਂਡਲਰ ਦੀ ਸ਼ਮੂਲੀਅਤ ਹੈ। ਮਾਮਲੇ ਦੀ ਅਗਲੀ ਜਾਂਚ ਜਾਰੀ ਹੈ, ਅਤੇ ਇਸ ਹਮਲੇ ਦੇ ਪਿੱਛੇ ਮੌਜੂਦ ਪੂਰੇ ਨੈੱਟਵਰਕ ਦੀ ਪਛਾਣ ਕਰਨ ਅਤੇ ਉਸ ਨੂੰ ਖਤਮ ਕਰਨ ਲਈ ਅਗਲੇ-ਪਿਛਲੇ ਸਾਰੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























