Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ
ਗੁਰਦਾਸਪੁਰ 10 ਨਵੰਬਰ 2026 (ਵਿਸ਼ਵ ਵਾਰਤਾ): ਸਰਹੱਦੀ ਕਸਬਾ ਦੌਰਾਂਗਲਾ ਵਿਖੇ ਦਿਨ-ਦਿਹਾੜੇ ਚੋਰਾਂ ਨੇ ਇੱਕ ਘਰ ਨੂੰ ਆਪਣਾ ਨਿਸ਼ਾਨਾ ਬਣਾਉਂਦਿਆਂ ਸੋਨੇ ਦੇ ਗਹਿਣਿਆਂ ਅਤੇ ਨਕਦੀ ‘ਤੇ ਹੱਥ ਸਾਫ਼ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ।
ਮਿਲੀ ਜਾਣਕਾਰੀ ਅਨੁਸਾਰ ਘਰ ਦੇ ਸਾਰੇ ਪਰਿਵਾਰਕ ਮੈਂਬਰ ਕਿਸੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਗਏ ਹੋਏ ਸਨ। ਇਸ ਦੌਰਾਨ ਘਰ ਨੂੰ ਸੁੰਨਸਾਨ ਦੇਖ ਕੇ ਚੋਰਾਂ ਨੇ ਮੌਕੇ ਦਾ ਫਾਇਦਾ ਉਠਾਇਆ ਅਤੇ ਘਰ ਵਿੱਚ ਦਾਖਲ ਹੋ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਜਦੋਂ ਪਰਿਵਾਰਕ ਮੈਂਬਰ ਵਾਪਸ ਘਰ ਪਹੁੰਚੇ ਤਾਂ ਘਰ ਦਾ ਸਾਮਾਨ ਖਿਲਰਿਆ ਦੇਖ ਕੇ ਉਨ੍ਹਾਂ ਦੇ ਹੋਸ਼ ਉੱਡ ਗਏ। ਜਾਂਚ ਕਰਨ ‘ਤੇ ਘਰ ਵਿੱਚੋਂ ਕਰੀਬ 8 ਤੋਂ 10 ਤੋਲੇ ਸੋਨੇ ਦੇ ਗਹਿਣੇ ਅਤੇ 20 ਤੋਂ 25 ਹਜ਼ਾਰ ਰੁਪਏ ਦੀ ਨਕਦੀ ਗਾਇਬ ਪਾਈ ਗਈ।
ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਘਰ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਚੋਰਾਂ ਦੀ ਪਛਾਣ ਕਰਨ ਲਈ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਦਿਨ-ਦਿਹਾੜੇ ਹੋਈ ਇਸ ਚੋਰੀ ਦੀ ਘਟਨਾ ਕਾਰਨ ਇਲਾਕੇ ਦੇ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।























