ਬਜ਼ੁਰਗ ਨੂੰ ਸਟੇਜ ਤੋਂ ਧੱਕਾ ਦੇਣ ਦੇ ਮਾਮਲੇ ‘ਚ ਘਿਰੇ ਵਿਧਾਇਕ ਦੇਵ ਮਾਨ ਨੇ ਵੀਡੀਓ ਵਾਇਰਲ ਹੋਣ ‘ਤੇ ਦਿੱਤਾ ਸਪੱਸ਼ਟੀਕਰਨ
ਚੰਡੀਗੜ੍ਹ,22 ਮਾਰਚ(ਵਿਸ਼ਵ ਵਾਰਤਾ) ਪੰਜਾਬ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਿਵਾਦਾਂ ਦੇ ਕੇਂਦਰ ਵਿੱਚ ਹਨ। ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਇੱਕ ਵੀਡੀਓ ਨੇ ਸਿਆਸੀ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ, ਜਿਸ ਵਿੱਚ ਵਿਧਾਇਕ ਇੱਕ ਜਨਤਕ ਸਮਾਗਮ ਦੌਰਾਨ ਇੱਕ ਬਜ਼ੁਰਗ ਵਿਅਕਤੀ ਨੂੰ ਸਟੇਜ ਤੋਂ ਲੱਤ ਮਾਰ ਕੇ ਧੱਕਾ ਦਿੰਦੇ ਹੋਏ ਦਿਖਾਈ ਦੇ ਰਹੇ ਹਨ। ਇਸ ਘਟਨਾ ਤੋਂ ਬਾਅਦ ਵਿਰੋਧੀ ਧਿਰਾਂ ਅਤੇ ਆਮ ਲੋਕਾਂ ਵੱਲੋਂ ਵਿਧਾਇਕ ਦੇ ਵਤੀਰੇ ਦੀ ਸਖ਼ਤ ਨਿਖੇਧੀ ਕੀਤੀ ਜਾ ਰਹੀ ਹੈ।
ਵੀਡੀਓ ਵਾਇਰਲ ਹੋਣ ਤੇ ਵਿਧਾਇਕ ਦੇਵ ਮਾਨ ਨੇ ਆਪਣਾ ਪੱਖ ਰੱਖਦਿਆਂ ਸਪੱਸ਼ਟ ਕੀਤਾ ਕਿ ਵੀਡੀਓ ਨੂੰ ਗਲਤ ਸੰਦਰਭ ਵਿੱਚ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਮੁਤਾਬਕ ਉਕਤ ਬਜ਼ੁਰਗ ਨੇ ਬਹੁਤ ਜ਼ਿਆਦਾ ਸ਼ਰਾਬ ਪੀਤੀ ਹੋਈ ਸੀ ਅਤੇ ਉਹ ਵਾਰ-ਵਾਰ ਸਟੇਜ ‘ਤੇ ਚੜ੍ਹ ਕੇ ਪ੍ਰੋਗਰਾਮ ਵਿੱਚ ਖਲਲ ਪਾ ਰਿਹਾ ਸੀ। ਵਿਧਾਇਕ ਨੇ ਦਾਅਵਾ ਕੀਤਾ ਕਿ ਬਜ਼ੁਰਗ ਨੂੰ ਕਈ ਵਾਰ ਨਿਮਰਤਾ ਨਾਲ ਹੇਠਾਂ ਉਤਰਨ ਲਈ ਕਿਹਾ ਗਿਆ ਸੀ। ਉਨ੍ਹਾਂ ਅੱਗੇ ਕਿਹਾ, “ਮੇਰਾ ਇਰਾਦਾ ਕਿਸੇ ਬਜ਼ੁਰਗ ਦਾ ਅਪਮਾਨ ਕਰਨਾ ਨਹੀਂ ਸੀ, ਪਰ ਜੇਕਰ ਮੇਰੇ ਕਾਰਜ ਨਾਲ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮੁਆਫ਼ੀ ਮੰਗਦਾ ਹਾਂ।”
ਇਹ ਮਾਮਲਾ 8 ਮਾਰਚ ਦਾ ਦੱਸਿਆ ਜਾ ਰਿਹਾ ਹੈ, ਜਦੋਂ ਲੁਧਿਆਣਾ ਦੇ ਦੁੱਗਰੀ ਇਲਾਕੇ ਵਿੱਚ ਮਰਹੂਮ ਪੰਜਾਬੀ ਗਾਇਕ ਜੋੜੀ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਕੌਰ ਦੀ 38ਵੀਂ ਬਰਸੀ ਮੌਕੇ ਇੱਕ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ ਸੀ। ਵਿਧਾਇਕ ਦੇਵ ਮਾਨ ਇਸ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























