Guru Nanak’s Birth Anniversary : ‘ਆਪ’ ਵਰਕਿੰਗ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਸਮੂਹ ਸੰਗਤਾਂ ਨੂੰ ਦਿੱਤੀ ਵਧਾਈ
ਚੰਡੀਗੜ੍ਹ, 15ਨਵੰਬਰ(ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ‘ਤੇ ਸਮੂਹ ਸਿੱਖ ਸੰਗਤਾਂ ਤੇ ਦੇਸ਼-ਵਿਦੇਸ਼ ‘ਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਆਪਣੇ ਸੰਦੇਸ਼ ਵਿਚ ਸਾਰਿਆਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਜੀ ਇੱਕ ਮਹਾਨ ਅਧਿਆਤਮਕ ਗੁਰੂ ਸਨ, ਜਿਨ੍ਹਾਂ ਨੇ ਮਨੁੱਖਤਾ ਨੂੰ ਪਰਮਾਤਮਾ ਦੀ ਭਗਤੀ ਰਾਹੀਂ ਮੁਕਤੀ ਪ੍ਰਾਪਤ ਕਰਨ ਦਾ ਰਾਹ ਦਿਖਾਇਆ। ਗੁਰੂ ਸਾਹਿਬ ਜੀ ਦੀਆਂ ਸਿਖਿਆਵਾਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਸਮਾਜ ਵਿੱਚ ਅੱਜ ਵੀ ਸਾਰਥਕ ਹਨ। ਸ੍ਰੀ ਗੁਰੂ ਨਾਨਕ ਜੀ ਨੇ ਕਿਰਤੀ ਲੋਕਾਂ ਦਾ ਸਤਿਕਾਰ ਕੀਤਾ ਅਤੇ ਮਨੁੱਖਤਾ ਨੂੰ ਨਵੇਂ ਵਿਚਾਰਾਂ, ਆਦਰਸ਼ਾਂ ਨਾਲ ਪ੍ਰੇਰਿਤ ਕੀਤਾ ਅਤੇ ਝੂਠ, ਪਾਖੰਡ ਅਤੇ ਜਾਤ-ਪਾਤ ਵਰਗੀਆਂ ਬੁਰਾਈਆਂ ਤੋਂ ਬਚਣ ਦਾ ਸੁਨੇਹਾ ਦਿੱਤਾ। ਸਮਾਜ ਵਿੱਚ ਪ੍ਰੇਮ, ਏਕਤਾ ਅਤੇ ਭਾਈਚਾਰੇ ਨਾਲ ਰਹਿਣ ਦੀ ਪ੍ਰੇਰਣਾ ਦਿੱਤੀ। ਪ੍ਰਿੰਸੀਪਲ ਬੁੱਧ ਰਾਮ ਨੇ ਅਰਦਾਸ ਕੀਤੀ ਕਿ ਸੂਬੇ ਵਿੱਚ ਸਾਂਝ, ਸ਼ਾਂਤੀ ਅਤੇ ਭਾਈਚਾਰਾ ਹੋਰ ਮਜ਼ਬੂਤ ਹੋਵੇ ਅਤੇ ਪੰਜਾਬ ਹਰ ਖੇਤਰ ਵਿੱਚ ਮੋਢੀ ਰਹੇ।
ਉਹਨਾਂ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸੇਵਾ ਅਤੇ ਨਿਮਰਤਾ ਦੇ ਦਿਖਾਏ ਮਾਰਗ ਉਤੇ ਚੱਲਣ ਅਤੇ ਗੁਰੂ ਸਾਹਿਬ ਜੀ ਦੀਆਂ ਮਹਾਨ ਸਿੱਖਿਆਵਾਂ ਦੇ ਮੁਤਾਬਕ ਸ਼ਾਂਤਮਈ, ਖੁਸ਼ਹਾਲ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਗੁਰਪੁਰਬ ਦੇ ਪਵਿੱਤਰ ਮੌਕੇ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਸ਼ਰਧਾ ਤੇ ਸਮਰਪਣ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/