- ਚੌਥੇ ਸੀਜ਼ਨ ਵਿੱਚ 7 ਲੱਖ ਖਿਡਾਰੀਆਂ ਨੂੰ 12.50 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਵੰਡੀ-ਭਗਵੰਤ ਸਿੰਘ ਮਾਨ
- ਹੁਣ ਤੱਕ ਸਮਾਪਤ ਹੋਏ ਚਾਰੋਂ ਸੀਜ਼ਨਾਂ ਵਿੱਚ 38 ਕਰੋੜ 1 ਲੱਖ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ-ਭਗਵੰਤ ਸਿੰਘ ਮਾਨ
- ਪਿੰਡਾਂ ਵਿੱਚ ਛੁਪੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਵੱਡਾ ਮੰਚ ਦਿੱਤਾ-ਭਗਵੰਤ ਸਿੰਘ ਮਾਨ
- ਸਰਕਾਰ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਖ਼ਿਲਾਫ਼ ਜੰਗ ਹੋਰ ਮਜ਼ਬੂਤ ਕੀਤੀ-ਭਗਵੰਤ ਸਿੰਘ ਮਾਨ
- ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਤਿੰਨ ਪੀੜ੍ਹੀਆਂ ਨੇ ਇੱਕੋ ਮੈਦਾਨ ਵਿੱਚ ਆਪਣੀ ਖੇਡ ਕਲਾ ਪ੍ਰਦਰਸ਼ਨ ਕੀਤਾ-ਭਗਵੰਤ ਸਿੰਘ ਮਾਨ
- ਮੌਜੂਦਾ ਸਾਲ ਖੇਡਾਂ ਦਾ ਸਾਮਾਨ ਖਰੀਦਣ ਲਈ 9,501 ਖਿਡਾਰੀਆਂ ਦੇ ਖਾਤਿਆਂ ਵਿੱਚ 12.49 ਕਰੋੜ ਰੁਪਏ ਟਰਾਂਸਫਰ ਕੀਤੇ-ਭਗਵੰਤ ਸਿੰਘ ਮਾਨ
- ਸਾਡੀ ਸਰਕਾਰ ਦੇ ਯਤਨਾਂ ਸਦਕਾ ਪਹਿਲੀ ਵਾਰ ਪੰਜਾਬ ਵਿੱਚ ਏਸ਼ੀਅਨ ਚੈਂਪੀਅਨਜ਼ ਟਰਾਫੀ ਹੋਈ-ਭਗਵੰਤ ਸਿੰਘ ਮਾਨ
- ਪੂਰੇ ਪੰਜਾਬ ਵਿੱਚ ਬਣ ਰਹੇ 3148 ਪੇਂਡੂ ਖੇਡ ਮੈਦਾਨਾਂ ਵਿੱਚੋਂ 1750 ਮੈਦਾਨ ਸਮਰਪਿਤ ਕੀਤੇ ਜਾ ਚੁੱਕੇ ਹਨ-ਭਗਵੰਤ ਸਿੰਘ ਮਾਨ
ਹੁਸ਼ਿਆਰਪੁਰ, 29 ਨਵੰਬਰ (ਵਿਸ਼ਵ ਵਾਰਤਾ) ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਅੱਜ 7 ਲੱਖ ਤੋਂ ਵੱਧ ਖਿਡਾਰੀਆਂ ਦੀ ਰਿਕਾਰਡ ਸ਼ਮੂਲੀਅਤ ਨਾਲ ਸਮਾਪਤ ਹੋ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੇਤੂ ਟੀਮ ਨੂੰ ਟਰਾਫੀ ਨਾਲ ਸਨਮਾਨਿਤ ਕੀਤਾ ਅਤੇ ਪੂਰੇ ਪੰਜਾਬ ਵਿੱਚ ਖੇਡਾਂ ਨੂੰ ਲੋਕ ਲਹਿਰ ਬਣਾਉਣ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
‘ਯੁੱਧ ਨਸ਼ਿਆਂ ਵਿਰੁੱਧ’ ਦੇ ਵੱਡੇ ਉਦੇਸ਼ ਨਾਲ ਇਸ ਖੇਡ ਮਹਾਂਕੁੰਭ ਦੀ ਭੂਮਿਕਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀ ਸਿਰਫ਼ ਮੁਕਾਬਲਿਆਂ ਅਤੇ ਤਗ਼ਮਿਆਂ ਤੱਕ ਸੀਮਤ ਨਹੀਂ ਹੈ, ਸਗੋਂ ਇਸ ਦਾ ਮਕਸਦ ਜ਼ਮੀਨੀ ਪੱਧਰ ਦੀ ਪ੍ਰਤਿਭਾ ਦੀ ਪਛਾਣ ਕਰਨਾ, ਵੱਖ-ਵੱਖ ਪੀੜ੍ਹੀਆਂ ਨੂੰ ਇੱਕੋ ਖੇਡ ਮੈਦਾਨ ਵਿੱਚ ਇਕੱਠਾ ਕਰਨਾ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਰਾਹੀਂ ਪੰਜਾਬ ਦੀ ਜਵਾਨੀ ਨੂੰ ਖੇਡਾਂ ਵੱਲ ਮੋੜਨਾ ਹੈ।
ਚਾਰ ਸੀਜ਼ਨਾਂ ਦੌਰਾਨ 38.01 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡਣ, 1,750 ਪੇਂਡੂ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰਨ ਅਤੇ ਪੰਜਾਬ ਵੱਲੋਂ ਐੱਫ.ਆਈ.ਐੱਚ. ਜੂਨੀਅਰ ਪੁਰਸ਼ ਹਾਕੀ ਵਿਸ਼ਵ ਕੱਪ-2027 ਦੀ ਮੇਜ਼ਬਾਨੀ ਦੀਆਂ ਤਿਆਰੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਡ ਨਕਸ਼ੇ ‘ਤੇ ਲਿਆਉਣ ਦੇ ਆਪਣੇ ਦ੍ਰਿੜ ਇਰਾਦੇ ਨੂੰ ਮੁੜ ਦੁਹਰਾਇਆ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖੇਡਾਂ ਵਤਨ ਪੰਜਾਬ ਦੀਆਂ ਦਾ ਚੌਥਾ ਸੀਜ਼ਨ ਅੱਜ ਸਮਾਪਤ ਹੋ ਰਿਹਾ ਹੈ। ਇਨ੍ਹਾਂ ਖੇਡਾਂ ਦਾ ਉਦਘਾਟਨ 5 ਸਤੰਬਰ ਨੂੰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕੀਤਾ ਗਿਆ ਸੀ। ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸ ਸਾਲ ਦੇ ਸੀਜ਼ਨ ਵਿੱਚ 7 ਲੱਖ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ। ਇਹ ਇੱਕ ਰਿਕਾਰਡ ਹੈ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਚਾਰੋਂ ਸੀਜ਼ਨ ਦੌਰਾਨ ਕੁੱਲ 38.01 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ ਹੈ।”
ਮੁੱਖ ਮੰਤਰੀ ਨੇ ਦੱਸਿਆ, “ਇਸ ਸੀਜ਼ਨ ਵਿੱਚ 7 ਲੱਖ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ ਅਤੇ ਉਨ੍ਹਾਂ ਨੂੰ 12.50 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਜਾ ਰਹੀ ਹੈ। ਸੀਜ਼ਨ-3 ਵਿੱਚ ਲਗਭਗ 4.35 ਲੱਖ ਖਿਡਾਰੀਆਂ ਨੇ ਭਾਗ ਲਿਆ ਸੀ, ਜਿਨ੍ਹਾਂ ਵਿੱਚੋਂ 14,500 ਖਿਡਾਰੀਆਂ ਨੇ ਤਗ਼ਮੇ ਜਿੱਤੇ ਅਤੇ ਉਨ੍ਹਾਂ ਨੂੰ 9.76 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ ਸੀ। ਇਸੇ ਤਰ੍ਹਾਂ ਸੀਜ਼ਨ-2 ਵਿੱਚ 4 ਲੱਖ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ, 12,500 ਖਿਡਾਰੀਆਂ ਨੇ ਤਗ਼ਮੇ ਜਿੱਤੇ ਅਤੇ 8.87 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ ਸੀ।”
ਉਨ੍ਹਾਂ ਅੱਗੇ ਕਿਹਾ, “ਪਹਿਲੇ ਸੀਜ਼ਨ ਵਿੱਚ ਲਗਭਗ 3.50 ਲੱਖ ਖਿਡਾਰੀਆਂ ਨੇ ਹਿੱਸਾ ਲਿਆ ਸੀ। ਉਸ ਸਮੇਂ 9,688 ਖਿਡਾਰੀਆਂ ਨੇ ਤਗ਼ਮੇ ਜਿੱਤੇ ਸਨ ਅਤੇ ਉਨ੍ਹਾਂ ਨੂੰ 6.88 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ ਸੀ। ਹੜ੍ਹਾਂ ਕਾਰਨ 2025 ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਨਹੀਂ ਕਰਵਾਈਆਂ ਜਾ ਸਕੀਆਂ। ਇਹ ਖੇਡਾਂ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਹਰ ਕੋਨੇ ਵਿੱਚੋਂ ਛੁਪੀ ਹੋਈ ਖੇਡ ਪ੍ਰਤਿਭਾ ਦੀ ਪਛਾਣ ਕਰਨ, ਉਸ ਨੂੰ ਉਤਸ਼ਾਹਿਤ ਕਰਨ ਅਤੇ ਨਿਖਾਰਨ ਲਈ ਸਭ ਤੋਂ ਵਧੀਆ ਮੰਚ ਹਨ। ਖੇਡਾਂ ਰਾਹੀਂ ਸਾਡਾ ਟੀਚਾ ਆਪਣੇ ਬੱਚਿਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨਾ ਹੈ। ਇਨ੍ਹਾਂ ਖੇਡਾਂ ਦੀ ਇੱਕ ਵਿਲੱਖਣ ਵਿਸ਼ੇਸ਼ਤਾ ਇਹ ਹੈ ਕਿ ਇਹ ਵੱਖ-ਵੱਖ ਪੀੜ੍ਹੀਆਂ ਨੂੰ ਇੱਕ ਥਾਂ ਇਕੱਠਾ ਕਰਦੀਆਂ ਹਨ।”
ਇਸ ਖੇਡ ਮਹਾਂਕੁੰਭ ਦੀ ਵਿਲੱਖਣਤਾ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਰੇ ਸੀਜ਼ਨਾਂ ਵਿੱਚ ਇੱਕੋ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ-ਦਾਦਾ, ਪੁੱਤਰ ਅਤੇ ਪੋਤਰੇ-ਨੇ ਖੇਡਾਂ ਵਿੱਚ ਹਿੱਸਾ ਲਿਆ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਖੇਡਾਂ ਸਾਡਾ ਸਭ ਤੋਂ ਮਜ਼ਬੂਤ ਹਥਿਆਰ ਹਨ, ਕਿਉਂਕਿ ਇਹ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਰਹੀਆਂ ਹਨ। ਇਸ ਸਾਲ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਖਿਡਾਰੀਆਂ ਨੇ ਇਨ੍ਹਾਂ ਖੇਡਾਂ ਵਿੱਚ ਭਾਗ ਲਿਆ ਅਤੇ 38 ਖੇਡ ਵੰਨਗੀਆਂ ਵਿੱਚ ਮੁਕਾਬਲੇ ਕਰਵਾਏ ਗਏ।”
ਮੁੱਖ ਮੰਤਰੀ ਨੇ ਦੱਸਿਆ, “ਇਸ ਵਾਰ ਪੈਰਾ-ਐਥਲੈਟਿਕਸ, ਪੈਰਾ-ਪਾਵਰਲਿਫਟਿੰਗ, ਪੈਰਾ-ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ ਸਮੇਤ ਚਾਰ ਪੈਰਾ-ਸਪੋਰਟਸ ਖੇਡਾਂ ਨੂੰ ਸ਼ਾਮਲ ਕੀਤਾ ਗਿਆ। ਪਹਿਲੀ ਵਾਰ ਡੈੱਫ ਖਿਡਾਰੀਆਂ ਲਈ ਜੂਡੋ ਅਤੇ ਸ਼ੂਟਿੰਗ ਸਮੇਤ ਤਿੰਨ ਮੁਕਾਬਲੇ ਕਰਵਾਏ ਗਏ। ਖਿਡਾਰੀਆਂ ਦੀ ਮੰਗ ‘ਤੇ ਲੜਕਿਆਂ ਅਤੇ ਲੜਕੀਆਂ, ਦੋਵਾਂ ਲਈ ਟੈਨਿਸ ਬਾਲ ਕ੍ਰਿਕਟ ਦੇ ਪ੍ਰਦਰਸ਼ਨੀ ਮੈਚ ਵੀ ਕਰਵਾਏ ਗਏ।”
ਤਗ਼ਮਾ ਜੇਤੂਆਂ ਨੂੰ ਦਿੱਤੇ ਜਾਣ ਵਾਲੇ ਇਨਾਮਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਸੂਬਾ ਪੱਧਰ ‘ਤੇ ਸੋਨ ਤਗ਼ਮਾ ਜੇਤੂਆਂ ਨੂੰ 10,000 ਰੁਪਏ, ਚਾਂਦੀ ਦਾ ਤਗ਼ਮਾ ਜੇਤੂਆਂ ਨੂੰ 7,000 ਰੁਪਏ ਅਤੇ ਕਾਂਸੀ ਦਾ ਤਗ਼ਮਾ ਜੇਤੂਆਂ ਨੂੰ 5,000 ਰੁਪਏ ਨਕਦ ਇਨਾਮ ਦਿੱਤੇ ਜਾ ਰਹੇ ਹਨ। 40 ਸਾਲ ਤੱਕ ਦੀ ਉਮਰ ਦੇ ਤਗ਼ਮਾ ਜੇਤੂ ਖਿਡਾਰੀਆਂ ਨੂੰ ਗ੍ਰੇਡੇਸ਼ਨ ਸਰਟੀਫਿਕੇਟ ਵੀ ਦਿੱਤੇ ਜਾ ਰਹੇ ਹਨ, ਜੋ ਉਨ੍ਹਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਖੇਡ ਕੋਟੇ ਦਾ ਲਾਭ ਲੈਣ ਦੇ ਯੋਗ ਬਣਾਉਣਗੇ। ਪਹਿਲੀ ਵਾਰ ਵੈਟਰਨ ਖਿਡਾਰੀਆਂ ਨੂੰ ਵੀ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ ਖੇਡਾਂ ਲਈ 1,744 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਖੇਡਾਂ ਲਈ ਵਿਸ਼ੇਸ਼ ਤੌਰ ‘ਤੇ 1,744 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ। ਪਿਛਲੇ ਸਾਢੇ ਚਾਰ ਸਾਲਾਂ ਵਿੱਚ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਵਾਲੇ 40,415 ਖਿਡਾਰੀਆਂ ਵਿੱਚ 135 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ ਹੈ। ਇਸ ਤੋਂ ਇਲਾਵਾ ਖੇਡ ਸਮੱਗਰੀ ਖਰੀਦਣ ਲਈ 12.49 ਕਰੋੜ ਰੁਪਏ ਜਾਰੀ ਕੀਤੇ ਗਏ ਹਨ।”
ਖੇਡ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਨੂੰ ਸਰਕਾਰ ਵੱਲੋਂ ਦਿੱਤੇ ਜਾ ਰਹੇ ਮਾਣ-ਸਨਮਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਨੇ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਵੀ ਸਨਮਾਨਿਤ ਕੀਤਾ ਹੈ। ਹਾਲ ਹੀ ਵਿੱਚ ਮਹਿਲਾ ਕ੍ਰਿਕਟ ਵਿਸ਼ਵ ਕੱਪ ਜੇਤੂ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਸਮੇਤ ਹਰਲੀਨ ਦਿਓਲ ਅਤੇ ਅਮਨਜੋਤ ਕੌਰ ਨੂੰ ਡੇਢ-ਡਢੇ ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ।”
ਉਨ੍ਹਾਂ ਕਿਹਾ, “ਹਾਲ ਹੀ ਵਿੱਚ ਰਾਸ਼ਟਰਮੰਡਲ ਖੇਡਾਂ-2026 ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੇ ਹਰਜਿੰਦਰ ਕੌਰ ਅਤੇ ਲਵਪ੍ਰੀਤ ਸਿੰਘ ਨੂੰ 50-50 ਲੱਖ ਰੁਪਏ ਦੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਪੈਰਿਸ ਓਲੰਪਿਕ ਵਿੱਚ ਹਿੱਸਾ ਲੈਣ ਵਾਲੇ 20 ਪੰਜਾਬੀ ਖਿਡਾਰੀਆਂ ਨੂੰ ਕੁੱਲ 9.80 ਕਰੋੜ ਰੁਪਏ ਦਿੱਤੇ ਗਏ। ਕਾਂਸੀ ਦਾ ਤਗ਼ਮਾ ਜਿੱਤਣ ਵਾਲੇ ਅੱਠ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਪੰਜਾਬ ਨੇ 2023 ਦੀਆਂ ਏਸ਼ੀਅਨ ਖੇਡਾਂ ਵਿੱਚ ਹੁਣ ਤੱਕ ਦੇ ਸਭ ਤੋਂ ਵੱਧ 20 ਤਗ਼ਮੇ ਜਿੱਤੇ ਸਨ ਅਤੇ ਪੰਜਾਬ ਦੇ 33 ਤਗ਼ਮਾ ਜੇਤੂ ਖਿਡਾਰੀਆਂ ਵਿੱਚ ਕੁੱਲ 30 ਕਰੋੜ ਰੁਪਏ ਵੰਡੇ ਗਏ ਸਨ।”
ਖਿਡਾਰੀਆਂ ਲਈ ਰੁਜ਼ਗਾਰ ਦੇ ਮੌਕਿਆਂ ਅਤੇ ਵਿੱਤੀ ਸਹਾਇਤਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ 11 ਖਿਡਾਰੀਆਂ ਨੂੰ ਪੀ.ਸੀ.ਐੱਸ./ਡੀ.ਐੱਸ.ਪੀ. ਦੇ ਅਹੁਦਿਆਂ ‘ਤੇ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ 85 ਖਿਡਾਰੀਆਂ ਨੂੰ ਵੱਕਾਰੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਨਵੀਂ ਖੇਡ ਨੀਤੀ ਤਹਿਤ ਖਿਡਾਰੀਆਂ ਨੂੰ ਤਿਆਰੀ ਲਈ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਇਸ ਨੀਤੀ ਅਧੀਨ ਓਲੰਪਿਕ ਦੀ ਤਿਆਰੀ ਲਈ 15 ਲੱਖ ਰੁਪਏ ਅਤੇ ਏਸ਼ੀਅਨ ਤੇ ਰਾਸ਼ਟਰਮੰਡਲ ਖੇਡਾਂ ਦੀ ਤਿਆਰੀ ਲਈ 8 ਲੱਖ ਰੁਪਏ ਦਿੱਤੇ ਜਾ ਰਹੇ ਹਨ।”
ਉਨ੍ਹਾਂ ਕਿਹਾ, “ਹੁਣ ਤੱਕ ਵੱਡੇ ਖੇਡ ਮੁਕਾਬਲਿਆਂ ਦੀ ਤਿਆਰੀ ਵਿੱਚ ਸਹਾਇਤਾ ਲਈ ਖਿਡਾਰੀਆਂ ਨੂੰ 15 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਵਿੱਚ ਇੱਕ ਵੱਡਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਕਰਵਾਇਆ ਗਿਆ। ਅਕਤੂਬਰ-ਨਵੰਬਰ ਦੌਰਾਨ ਮੋਹਾਲੀ ਅਤੇ ਜਲੰਧਰ ਵਿਖੇ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਕਰਵਾਈ ਗਈ, ਜਿਸ ਵਿੱਚ ਛੇ ਦੇਸ਼ਾਂ ਦੀਆਂ ਟੀਮਾਂ ਨੇ ਹਿੱਸਾ ਲਿਆ।”
ਇੱਕ ਹੋਰ ਵੱਡੇ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਵਿੱਚ ਪੰਜਾਬ ਦੀ ਦਿਲਚਸਪੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਐੱਫ.ਆਈ.ਐੱਚ. ਜੂਨੀਅਰ ਪੁਰਸ਼ ਹਾਕੀ ਵਿਸ਼ਵ ਕੱਪ-2027 ਦੀ ਮੇਜ਼ਬਾਨੀ ਕਰਨ ਲਈ ਪੰਜਾਬ ਦੀ ਇੱਛਾ ਪ੍ਰਗਟਾਉਂਦਿਆਂ ਹਾਕੀ ਇੰਡੀਆ ਨੂੰ ਪੱਤਰ ਲਿਖਿਆ ਗਿਆ ਹੈ।”
ਮੁੱਖ ਮੰਤਰੀ ਨੇ ਕਿਹਾ, “ਪੂਰੇ ਸੂਬੇ ਵਿੱਚ 3,148 ‘ਪੇਂਡੂ ਖੇਡ ਮੈਦਾਨ’ ਵਿਕਸਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 1,750 ਦਾ ਉਦਘਾਟਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਹੋਰ 1,000 ਖੇਡ ਮੈਦਾਨ ਮੁਕੰਮਲ ਹੋ ਚੁੱਕੇ ਹਨ ਅਤੇ ਇਨ੍ਹਾਂ ਦਾ ਉਦਘਾਟਨ ਵੀ ਜਲਦੀ ਹੀ ਕੀਤਾ ਜਾਵੇਗਾ।”
ਉਨ੍ਹਾਂ ਅੱਗੇ ਕਿਹਾ, “ਖਿਡਾਰੀਆਂ ਦੀ ਫਿੱਟਨੈੱਸ ਵਿੱਚ ਸੁਧਾਰ ਕਰਨ ਅਤੇ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ 1,000 ਜਿੰਮ ਤਿਆਰ ਕੀਤੇ ਗਏ ਹਨ। ਇਨ੍ਹਾਂ ਵਿੱਚੋਂ 500 ਜਿੰਮ ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ, ਜਦਕਿ ਬਾਕੀ 500 ਵੀ ਜਲਦੀ ਹੀ ਸਮਰਪਿਤ ਕਰ ਦਿੱਤੇ ਜਾਣਗੇ।”
ਬੱਚਿਆਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਲਈ ਮਾਪਿਆਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪੰਜਾਬ ਦੇ ਸਾਰੇ ਮਾਪਿਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਬੱਚਿਆਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਨ। ਇਹ ਜ਼ਰੂਰੀ ਨਹੀਂ ਕਿ ਹਰ ਬੱਚਾ ਤਗ਼ਮਾ ਜਿੱਤੇ, ਪਰ ਖੇਡਾਂ ਯਕੀਨੀ ਤੌਰ ‘ਤੇ ਸਰੀਰਕ ਤੰਦਰੁਸਤੀ, ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਜ਼ਿੰਦਗੀ ਵਿੱਚ ਅੱਗੇ ਵਧਣ ਦਾ ਹੌਸਲਾ ਪੈਦਾ ਕਰਦੀਆਂ ਹਨ।”
ਮੁੱਖ ਮੰਤਰੀ ਨੇ ਕਿਹਾ, “ਜਦੋਂ ਸਾਡੇ ਨੌਜਵਾਨਾਂ ਦੇ ਹੱਥਾਂ ਵਿੱਚ ਹਾਕੀਆਂ, ਕ੍ਰਿਕਟ ਬੈਟ ਅਤੇ ਫੁੱਟਬਾਲ ਹੋਣਗੇ ਤਾਂ ਨਸ਼ਿਆਂ ਦੀ ਅਲਾਮਤ ਆਪਣੇ ਆਪ ਖ਼ਤਮ ਹੋ ਜਾਵੇਗੀ। ਸੂਬਾ ਸਰਕਾਰ ਪੰਜਾਬ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।”
ਪੰਜਾਬ ਦੇ ਸਰਬਪੱਖੀ ਵਿਕਾਸ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ, “ਸਾਡੀ ਸਰਕਾਰ ਪੰਜਾਬ ਨੂੰ ਹਰ ਖੇਤਰ-ਭਾਵੇਂ ਉਹ ਖੇਡਾਂ ਹੋਣ, ਖੇਤੀਬਾੜੀ ਹੋਵੇ ਜਾਂ ਵਪਾਰ-ਵਿੱਚ ਨੰਬਰ ਇੱਕ ਸੂਬਾ ਬਣਾਉਣ ਲਈ ਵਚਨਬੱਧ ਹੈ। ਲੋਕਾਂ ਨੇ ਮੈਨੂੰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਮੈਂ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਦਿਨ-ਰਾਤ ਕੰਮ ਕਰ ਰਿਹਾ ਹਾਂ। ਸਾਨੂੰ ਪੰਜਾਬ ਨੂੰ ਲੰਡਨ ਜਾਂ ਕੈਲੀਫੋਰਨੀਆ ਬਣਾਉਣ ਦੀ ਲੋੜ ਨਹੀਂ ਹੈ, ਸਾਨੂੰ ਖੁਸ਼ਹਾਲ ਅਤੇ ਰੰਗਲਾ ਪੰਜਾਬ ਸਿਰਜਣ ਲਈ ਕੰਮ ਕਰਨਾ ਚਾਹੀਦਾ ਹੈ।”
ਖੇਤੀਬਾੜੀ ਖੇਤਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਹਿਰੀ ਪਾਣੀ ਹੇਠ ਸਿੰਚਾਈ ਵਧਣ ਨਾਲ ਇਸ ਸਾਲ ਸੂਬੇ ਵਿੱਚ ਬੰਪਰ ਫ਼ਸਲ ਹੋਈ ਹੈ ਜੋ ਕਿਸਾਨਾਂ ਲਈ ਬੇਹੱਦ ਲਾਹੇਵੰਦ ਸਾਬਤ ਹੋਈ ਹੈ। ਨਹਿਰੀ ਪਾਣੀ ਖੇਤਾਂ ਲਈ ਦੇਸੀ ਘਿਓ ਵਾਂਗ ਹੈ ਅਤੇ ਸਰਕਾਰ ਨੇ ਇਸ ਦੀ ਵਰਤੋਂ ਵਿੱਚ ਵੱਡਾ ਵਾਧਾ ਕੀਤਾ ਹੈ। ਹੁਣ ਸੂਬੇ ਦੇ ਖੇਤੀਬਾੜੀ ਜਲ ਸਪਲਾਈ ਯਤਨਾਂ ਦਾ 80 ਫ਼ੀਸਦੀ ਤੋਂ ਵੱਧ ਹਿੱਸਾ ਨਹਿਰੀ ਸਿੰਚਾਈ ਵੱਲ ਲਾਇਆ ਜਾ ਰਿਹਾ ਹੈ।”
ਮੁੱਖ ਮੰਤਰੀ ਨੇ ਕਿਹਾ, “ਸਰਕਾਰ ਸਿੱਖਿਆ ਖੇਤਰ ਵਿੱਚ ਵੀ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਹੈ, ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਵਿਦਿਆਰਥੀ ਲਗਾਤਾਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ।”
ਮੈਰਿਟ ਦੇ ਆਧਾਰ ‘ਤੇ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ, “ਬਿਨਾਂ ਕਿਸੇ ਰਿਸ਼ਵਤ ਜਾਂ ਵਿਤਕਰੇ ਦੇ ਨਿਰੋਲ ਮੈਰਿਟ ਦੇ ਆਧਾਰ ‘ਤੇ ਕੁੱਲ 71,777 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।”
ਆਪਣੇ ਸੰਬੋਧਨ ਦੀ ਸਮਾਪਤੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸੰਤਾਂ, ਮਹਾਨ ਗੁਰੂਆਂ ਅਤੇ ਸੂਰਬੀਰਾਂ ਦੀ ਅਮੀਰ ਵਿਰਾਸਤ ਵਾਲੀ ਧਰਤੀ ਹੈ। ਸਾਨੂੰ ਸਾਰਿਆਂ ਨੂੰ ਮਿਲ ਕੇ ਪੰਜਾਬ ਨੂੰ ਇੱਕ ਖੁਸ਼ਹਾਲ, ਅਗਾਂਹਵਧੂ ਅਤੇ ਰੰਗਲਾ ਸੂਬਾ ਬਣਾਉਣ ਲਈ ਕੰਮ ਕਰਨਾ ਚਾਹੀਦਾ ਹੈ। ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਸਾਨੂੰ ਸਾਰਿਆਂ ਨੂੰ ਕੁਦਰਤ, ਧਰਤੀ ਅਤੇ ਵਾਤਾਵਰਣ ਪ੍ਰਤੀ ਸਾਡੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਂਦੀਆਂ ਹਨ।”
ਮੀਕਾ ਸਿੰਘ ਨੇ ਰੰਗ ਬੰਨ੍ਹਿਆ, ਗਿੱਧੇ ਅਤੇ ਭੰਗੜੇ ਨੇ ਸਮਾਰੋਹ ਵਿੱਚ ਭਰੇ ਪੰਜਾਬੀ ਸੱਭਿਆਚਾਰ ਦੇ ਰੰਗ
ਸਮਾਪਤੀ ਸਮਾਰੋਹ ਪੰਜਾਬ ਦੀਆਂ ਮਹਾਨ ਖੇਡ ਪ੍ਰਾਪਤੀਆਂ, ਅਮੀਰ ਸੱਭਿਆਚਾਰ ਅਤੇ ਸ਼ਾਨਦਾਰ ਰਵਾਇਤਾਂ ਦੇ ਜਸ਼ਨ ਨਾਲ ਲਬਰੇਜ਼ ਹੋ ਗਿਆ, ਜਿੱਥੇ ਪ੍ਰਸਿੱਧ ਪੰਜਾਬੀ ਗਾਇਕ ਮੀਕਾ ਸਿੰਘ ਨੇ ਆਪਣੀ ਦਮਦਾਰ ਪੇਸ਼ਕਾਰੀ ਨਾਲ ਦਰਸ਼ਕਾਂ ਨੂੰ ਝੂਮਣ ਲਾ ਦਿੱਤਾ। ਸ਼ਾਮ ਵੇਲੇ ਪੰਜਾਬ ਦੇ ਲੋਕ ਵਿਰਸੇ ਨੂੰ ਦਰਸਾਉਂਦੀਆਂ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ ਨੇ ਸਮਾਂ ਬੰਨ੍ਹ ਦਿੱਤਾ, ਜਿੱਥੇ ਕਲਾਕਾਰਾਂ ਨੇ ਰਵਾਇਤੀ ਗਿੱਧਾ ਅਤੇ ਭੰਗੜਾ ਪਾ ਕੇ ਪੂਰੇ ਮਾਹੌਲ ਨੂੰ ਪੰਜਾਬੀ ਸੰਗੀਤ, ਨਾਚ ਅਤੇ ਜੋਸ਼ ਨਾਲ ਭਰ ਦਿੱਤਾ।
ਇਸ ਮੌਕੇ ਦੀ ਮਹੱਤਤਾ ਨੂੰ ਵਧਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨ ਖਿਡਾਰੀਆਂ ਨੂੰ ਉਨ੍ਹਾਂ ਦੀਆਂ ਖੇਡ ਪ੍ਰਾਪਤੀਆਂ ਲਈ ਖੁਦ ਇਨਾਮ ਵੰਡੇ ਅਤੇ ਉਨ੍ਹਾਂ ਨੂੰ ਸੂਬੇ ਦਾ ਨਾਮ ਰੌਸ਼ਨ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚਾਰੋਂ ਸੀਜ਼ਨਾਂ ਦੀ ਸਫ਼ਲਤਾ ਲਈ ਖੇਡ ਵਿਭਾਗ ਦੇ ਅਧਿਕਾਰੀਆਂ ਦਾ ਵੀ ਸਨਮਾਨ ਕੀਤਾ। ਇਸ ਸਮਾਰੋਹ ਨੇ ਖਿਡਾਰੀਆਂ, ਕਲਾਕਾਰਾਂ, ਅਧਿਕਾਰੀਆਂ ਅਤੇ ਦਰਸ਼ਕਾਂ ਨੂੰ ਪੰਜਾਬ ਦੀ ਖੇਡ ਭਾਵਨਾ, ਸੱਭਿਆਚਾਰਕ ਵਿਲੱਖਣਤਾ ਅਤੇ ਮਾਣਮੱਤੀ ਸਾਂਝ ਦੇ ਮੰਚ ‘ਤੇ ਇਕੱਠਾ ਕੀਤਾ।