Heavy Rain: ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਆਮ ਜਨਜੀਵਨ ਬੁਰੀ ਪ੍ਰਭਾਵਿਤ
ਜਾਣੋ ਅੱਜ ਪੰਜਾਬ ਸਣੇ ਕਿਹੜੇ ਕਿਹੜੇ ਸੂਬਿਆਂ ‘ਚ ਸਕੂਲ ਰਹਿਣਗੇ ਬੰਦ
ਨਵੀ ਦਿੱਲੀ, 1 ਸਤੰਬਰ 2025 (ਵਿਸ਼ਵ ਵਾਰਤਾ): ਦੇਸ਼ ਦੇ ਕਈ ਰਾਜਾਂ ਵਿੱਚ ਲਗਾਤਾਰ ਭਾਰੀ ਬਾਰਿਸ਼ ਅਤੇ ਹੜ੍ਹਾਂ ਨੇ ਆਮ ਜਨਜੀਵਨ ਬੁਰੀ ਪ੍ਰਭਾਵਿਤ ਕੀਤਾ ਹੈ। ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਸ਼ਾਸਨ ਵੱਲੋਂ ਵੱਖ-ਵੱਖ ਰਾਜਾਂ ਵਿੱਚ ਜਾਰੀ ਹੁਕਮਾਂ ਅਨੁਸਾਰ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ, ਜੰਮੂ-ਕਸ਼ਮੀਰ, ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦੇ ਪੀਲੀਭੀਤ ਅਤੇ ਬਰੇਲੀ ਵਿੱਚ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਹੈ।
ਪੰਜਾਬ ਚ ਕਈ ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਜਾਰੀ ਹੈ ਇਸ ਸਮੇਂ ਪੰਜਾਬ ਦੇ 9 ਜ਼ਿਲੇ ਹੜ੍ਹਾਂ ਨਾਲ ਜੂਝ ਰਹੇ ਹਨ। ਸਥਿਤੀ ਨੂੰ ਦੇਖਦੇ ਹੋਏ, ਸੂਬਾ ਸਰਕਾਰ ਨੇ ਇੱਕ ਵੱਡਾ ਕਦਮ ਚੁੱਕਿਆ ਹੈ ਅਤੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ 3 ਸਤੰਬਰ 2025 ਤੱਕ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਹੈ।
ਉੱਤਰ ਪ੍ਰਦੇਸ਼ ਦੇ ਪੀਲੀਭੀਤ ਜ਼ਿਲ੍ਹੇ ਵਿੱਚ ਪਿਛਲੇ ਚਾਰ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਸ਼ਹਿਰ ਦੇ ਕਈ ਇਲਾਕੇ ਪਾਣੀ ਵਿੱਚ ਡੁੱਬੇ ਹੋਏ ਹਨ। ਸਥਿਤੀ ਨੂੰ ਦੇਖਦੇ ਹੋਏ, ਜ਼ਿਲ੍ਹਾ ਮੈਜਿਸਟਰੇਟ ਨੇ 1 ਅਤੇ 2 ਸਤੰਬਰ, ਸੋਮਵਾਰ ਨੂੰ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਦੇ ਸਾਹਮਣੇ ਆਉਣ ਕਾਰਨ ਜੰਮੂ ਡਿਵੀਜ਼ਨ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਸੋਮਵਾਰ, 1 ਸਤੰਬਰ ਨੂੰ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਹਿਮਾਚਲ ਪ੍ਰਦੇਸ਼ ਵਿੱਚ ਵੀ ਖਰਾਬ ਮੌਸਮ ਅਤੇ ਭਾਰੀ ਬਾਰਿਸ਼ ਦਾ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ 1 ਸਤੰਬਰ ਨੂੰ ਭਾਰੀ ਬਾਰਿਸ਼ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਮੱਦੇਨਜ਼ਰ, ਸੋਮਵਾਰ ਨੂੰ ਸ਼ਿਮਲਾ, ਸੋਲਨ, ਸਿਰਮੌਰ ਅਤੇ ਕੁੱਲੂ ਦੇ ਬੰਜਾਰ, ਕੁੱਲੂ ਅਤੇ ਮਨਾਲੀ ਸਬ-ਡਿਵੀਜ਼ਨਾਂ ਦੇ ਸਾਰੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।






















