ਹੋਲੇ ਮਹੱਲੇ ਦਾ ਕੀ ਅਰਥ ਹੈ ? ਕਦੋਂ ਹੋਈ ਸੀ ਇਸ ਦੀ ਸ਼ੁਰੂਆਤ
ਚੰਡੀਗੜ੍ਹ, 4 ਮਾਰਚ(ਵਿਸ਼ਵ ਵਾਰਤਾ) ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ ‘ਚ ਰੰਗਿਆ ਜਾਂਦਾ ਹੈ।
ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿੱਚ ਕੇਸਗੜ੍ਹ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਸਥਾਨ ਉਤੇ, ਇੱਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ ਕਹਿੰਦੇ ਹਨ

ਹੋਲੇ-ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੀ ਫੁੱਲਾਂ ਅਤੇ ਲਾਈਟਿੰਗ ਨਾਲ ਸਜਾਵਟ ਕੀਤੀ ਜਾਂਦੀ ਹੈ। ਦੂਰ-ਦੂਰ ਤੋਂ ਸੰਗਤਾਂ ਇੱਥੇ ਨਤਮਸਤਕ ਹੋਣ ਲਈ ਆਉਂਦੀਆਂ ਨੇ ਇਸ ਮਗਰੋਂ ਹੋਲੇ-ਮਹੱਲੇ ਵਾਲੇ ਦਿਨ ਗੱਤਕਾ ਪਾਰਟੀਆਂ ਅਤੇ ਘੋੜ ਸਵਾਰਾਂ ਵੱਲੋਂ ਕਰਤੱਬ ਦਿਖਾਏ ਜਾਂਦੇ ਹਨ। ਇਹ ਮੁਕਾਬਲੇ ਕਾਫੀ ਖਿੱਚ ਦਾ ਕੇਂਦਰ ਹੁੰਦੇ ਹਨ। ਸੰਗਤਾਂ ਵੀ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਹੋਲਾ ਮੁਹੱਲਾ ਦੇਖਣ ਜਾਂਦੀਆਂ ਨੇ ਹੋਲੇ-ਮਹੱਲੇ ਦਾ ਅਰਥ ਹੋਲੇ ਮਹੱਲੇ ਦੇ ਸ਼ਬਦੀ ਅਰਥਾਂ ਨੂੰ ਲੈ ਕੇ ਵਿਦਵਾਨਾਂ ਦਾ ਕਹਿਣਾ ਹੈ ਕਿ ‘ਹੋਲਾ’ ਅਰਬੀ ਭਾਸ਼ਾ ਦੇ ਸ਼ਬਦ ਹੂਲ ਤੋਂ ਬਣਿਆ ਹੈ, ਜਿਸਦੇ ਅਰਥ ਭਲੇ ਕੰਮਾਂ ਲਈ ਜੂਝਣਾ, ਸੀਸ ਤਲੀ ‘ਤੇ ਧਰ ਕੇ ਲੜਨਾ, ਤਲਵਾਰ ਦੀ ਧਾਰ ‘ਤੇ ਚੱਲਣਾ ਕੀਤੇ ਗਏ ਹਨ। ਮਹੱਲਾ ਸ਼ਬਦ ਦੇ ਅਰਥ ਹਨ ਉਹ ਅਸਥਾਨ, ਜਿੱਥੇ ਫ਼ਤਹਿ ਕਰਨ ਤੋਂ ਬਾਅਦ ਟਿਕਾਣਾ ਕੀਤਾ ਜਾਵੇ। ਮਹਾਰਾਸ਼ਟਰ ਵਿਚ ਸਥਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਵੀ ਹੋਲੇ ਮਹੱਲੇ ਵਾਲੇ ਦਿਨ ਵੱਡਾ ਜਲੂਸ ਕੱਢਿਆ ਜਾਂਦਾ ਹੈ, ਜਿਸ ਦੇ ਅੱਗੇ ਇੱਕ ਸ਼ਿੰਗਾਰਿਆ ਹੋਇਆ ਨੀਲਾ ਘੋੜਾ ਚੱਲਦਾ ਹੈ ਅਤੇ ਪਿੱਛੇ-ਪਿੱਛੇ ਵਾਹਿਗੁਰੂ ਦਾ ਜਾਪ ਕਰਦੀਆਂ ਸੰਗਤਾਂ।
ਹੋਲੇ-ਮਹੱਲੇ ਦਾ ਇਤਿਹਾਸ ਕਾਫੀ ਪੁਰਾਣਾ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਇਸ ਪਰੰਪਰਾ ਦੀ ਸ਼ੁਰੂਆਤ ਕੀਤੀ ਗਈ ਸੀ ਜੋ ਕਿ ਸਿੱਖ ਭਾਈਚਾਰੇ ਦੀ ਅਮੀਰ ਵਿਰਾਸਤ ਬਣੀ। ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹਰ ਸਾਲ ਵਿਸ਼ਵ ਪ੍ਰਸਿੱਧ ਹੋਲਾ ਮੁਹੱਲਾ ਧੂਮਧਾਮ ਨਾਲ ਮਨਾਇਆ ਜਾਂਦਾ ਹੈ।
ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਜਾਬਰ ਤੇ ਜ਼ਾਲਮ ਹਾਕਮਾਂ ਖ਼ਿਲਾਫ਼ ਸੰਘਰਸ਼ ਕਰਨ ਤੇ ਕੌਮ ‘ਚ ਜੋਸ਼ ਪੈਦਾ ਕਰਨ ਲਈ ਪੁਰਾਤਨ ਹੋਲੀ ਦੇ ਤਿਉਹਾਰ ਨੂੰ ਨਵਾਂ ਰੂਪ ਦੇ ਕੇ 1701 ਈ: ‘ਚ ਹੋਲੇ ਮਹੱਲੇ ਦੀ ਪਰੰਪਰਾ ਆਰੰਭ ਕੀਤੀ ਗਈ ਸੀ। ਉਨ੍ਹਾਂ ਵੱਲੋਂ ਖ਼ਾਲਸਾਈ ਫ਼ੌਜਾਂ ਸਾਸ਼ਤਰ ਵਿਦਿਆ ਦੇ ਜੰਗੀ ਮੁਕਾਬਲੇ ਕਰਵਾਏ ਜਾਂਦੇ ਸਨ ਤੇ ਚੰਗਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਿਰੋਪਾਓ ਦੀ ਬਖ਼ਸ਼ਿਸ਼ ਕੀਤੀ ਜਾਂਦੀ ਸੀ।
ਅੱਜ ਵੀ ਉਸੇ ਰਵਾਇਤ ਅਨੁਸਾਰ ਹੋਲਾ ਮਹੱਲਾ ਮਨਾਇਆ ਜਾਂਦਾ ਹੈ। ਖ਼ਾਲਸੇ ਵਲੋਂ ਹੋਲਾ ਤਲਵਾਰਾਂ, ਬਰਛਿਆਂ ਅਤੇ ਨੇਜ਼ਿਆਂ ਨਾਲ ਖੇਡਿਆ ਜਾਂਦਾ ਹੈ। ਇਸ ਤੋਂ ਬਾਅਦ ਸਿੱਖ ਭਾਈਚਾਰੇ ਵੱਲੋਂ ਵੱਡੇ ਪੱਧਰ ਉਤੇ ਹੋਲਾ-ਮਹੱਲਾ ਮਨਾਇਆ ਜਾਂਦਾ ਹੈ। ਦੇਸ਼ਾਂ-ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਸੰਗਤ ਇਤਿਹਾਸਕ ਨਗਰੀ ਵਿੱਚ ਦਰਸ਼ਨ ਕਰਨ ਲਈ ਪੁੱਜਦੀ ਹੈ।
ਨਗਰ ਕੀਰਤਨ ਸਜਾਇਆ ਜਾਂਦਾ ਇਸ ਦਿਨ ਨਗਾਰਿਆਂ ਦੀ ਗੂੰਜ ਵਿਚ, ਸਜ-ਧਜ ਕੇ ਇਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਇੱਕ ਵੱਡਾ ਨਗਰ ਕੀਰਤਨ ਸਜਾਇਆ ਜਾਂਦਾ ਹੈ, ਜਿਸ ਨੂੰ ‘ਮਹੱਲਾ’ ਕਿਹਾ ਜਾਂਦਾ ਹੈ। ਇਸ ਮਹੱਲੇ ਵਿਚ ਨਿਹੰਗ ਸਿੰਘ ਅਤੇ ਹੋਰ ਸਿੱਖ ਸੰਗਤ ਵੱਡੀ ਪੱਧਰ ‘ਤੇ ਸ਼ਾਮਲ ਹੁੰਦੀ ਹੈ, ਜਿੱਥੇ ਸ਼ਸਤਰਾਂ ਦੇ ਕਰਤੱਬ ਦਿਖਾਏ ਜਾਂਦੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

























