ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ) ਅੱਜ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲਿਆਂ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਸਾਂਝੀ ਕੀਤੀ ਹੈ। ਸਰਕਾਰ ਵੱਲੋਂ ਬੀਬੀਐਮਬੀ (BBMB) ਵਿੱਚ ਪੰਜਾਬ ਨਾਲ ਸਬੰਧਤ ਖਾਲੀ ਅਸਾਮੀਆਂ ਨੂੰ ਭਰਨ ਲਈ ਨਿਯਮਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤੋਂ ਬਾਅਦ 2452 ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਮੀਟਿੰਗ ਵਿੱਚ ਸਮਗੋਲੀ ਵਿੱਚ ਗਿੱਲੇ ਕੂੜੇ ਦੇ ਨਿਪਟਾਰੇ ਲਈ ਬਾਇਓਗੈਸ ਪਲਾਂਟ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਪ੍ਰੋਜੈਕਟ ਰਾਹੀਂ ਗਿੱਲੇ ਕੂੜੇ ਦਾ ਵਿਗਿਆਨਕ ਤਰੀਕੇ ਨਾਲ ਨਿਪਟਾਰਾ ਕਰਨ ਦੇ ਨਾਲ-ਨਾਲ ਹਰੀ ਊਰਜਾ ਪੈਦਾ ਕਰਨ ਵਿੱਚ ਵੀ ਮਦਦ ਮਿਲੇਗੀ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਮਾਮਲਿਆਂ ਦੀ ਤੇਜ਼ੀ ਨਾਲ ਸੁਣਵਾਈ ਲਈ ਵੱਡਾ ਫੈਸਲਾ ਲਿਆ ਗਿਆ ਹੈ। ਸਰਕਾਰ ਵੱਲੋਂ 35 ਨਵੀਆਂ NDPS ਅਦਾਲਤਾਂ ਬਣਾਉਣ ਦਾ ਪ੍ਰਬੰਧ ਕੀਤਾ ਗਿਆ ਹੈ। ਇਨ੍ਹਾਂ ਅਦਾਲਤਾਂ ਦਾ ਮੁੱਖ ਉਦੇਸ਼ NDPS ਐਕਟ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਨੂੰ ਤੇਜ਼ ਕਰਨਾ ਅਤੇ ਲੰਬੇ ਸਮੇਂ ਤੋਂ ਲੰਬਿਤ ਕੇਸਾਂ ਦਾ ਨਿਪਟਾਰਾ ਕਰਨਾ ਹੈ। ਇਸ ਦੇ ਨਾਲ 215 ਸਹਾਇਕ ਵਕੀਲਾਂ ਅਤੇ 385 ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਵਿੱਚ ਜੱਜਾਂ ਨਾਲ ਸਬੰਧਤ ਅਸਾਮੀਆਂ ਵੀ ਸ਼ਾਮਲ ਹਨ। ਇਸ ਦੇ ਨਾਲ ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਈਰਾਨ-ਅਮਰੀਕਾ ਯੁੱਧ ਕਾਰਨ LPG ਅਤੇ ਬਿਟੂਮਨ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇਸ ਦੇ ਪ੍ਰਭਾਵ ਨੂੰ ਦੇਖਦੇ ਹੋਏ ਸਰਕਾਰ ਨੇ ਸੰਬੰਧਤ ਰਕਮ ਵਿੱਚ ਵਾਧਾ ਕੀਤਾ ਹੈ। ਇਸ ਤਹਿਤ ਪਹਿਲਾਂ 1,095 ਕਰੋੜ ਰੁਪਏ ਦੀ ਰਕਮ ਰੱਖੀ ਗਈ ਸੀ, ਜਿਸ ਨੂੰ ਵਧਾ ਕੇ 1,333 ਕਰੋੜ ਰੁਪਏ ਕਰ ਦਿੱਤਾ ਗਿਆ ਹੈ।























