International: ਪਾਕਿਸਤਾਨ ’ਚ ਸਕੂਲ ਦੀ ਛੱਤ ਡਿੱਗਣ ਨਾਲ 21 ਮੌਤਾਂ, 40 ਤੋਂ ਵੱਧ ਜ਼ਖ਼ਮੀ
– ਮ੍ਰਿਤਕਾਂ ਵਿੱਚ 20 ਵਿਦਿਆਰਥੀ ਅਤੇ ਇੱਕ ਮਹਿਲਾ ਅਧਿਆਪਕਾ ਸ਼ਾਮਲ
ਚੰਡੀਗੜ੍ਹ, 15 ਅਕਤੂਬਰ 2026 (ਵਿਸ਼ਵ ਵਾਰਤਾ): ਪਾਕਿਸਤਾਨ ਦੇ ਪੇਸ਼ਾਵਰ ਸਥਿਤ ਦੀਰ ਕਲੋਨੀ ਇਲਾਕੇ ਵਿੱਚ ਵੀਰਵਾਰ ਨੂੰ ਇੱਕ ਨਿੱਜੀ ਸਕੂਲ ਦੀ ਛੱਤ ਡਿੱਗਣ ਕਾਰਨ 21 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ 20 ਵਿਦਿਆਰਥੀ ਅਤੇ ਇੱਕ ਮਹਿਲਾ ਅਧਿਆਪਕਾ ਸ਼ਾਮਲ ਹਨ। ਸਾਰੇ ਬੱਚਿਆਂ ਦੀ ਉਮਰ 13 ਸਾਲ ਜਾਂ ਇਸ ਤੋਂ ਘੱਟ ਦੱਸੀ ਗਈ ਹੈ।
ਇਸ ਹਾਦਸੇ ਵਿੱਚ 40 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਐਮਰਜੈਂਸੀ ਐਲਾਨ ਦਿੱਤੀ ਗਈ ਹੈ। ਹਸਪਤਾਲ ਦੇ ਟਰੌਮਾ ਵਾਰਡ ਵਿੱਚ ਡਾਕਟਰਾਂ ਅਤੇ ਹੋਰ ਸਿਹਤ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ, ਤਾਂ ਜੋ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਮੁਹੱਈਆ ਕਰਵਾਇਆ ਜਾ ਸਕੇ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਇਸ ਹਾਦਸੇ ਵਿੱਚ ਹੋਈਆਂ ਮੌਤਾਂ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਉਂਦਿਆਂ ਇਸ ਮੁਸ਼ਕਲ ਘੜੀ ਵਿੱਚ ਉਨ੍ਹਾਂ ਨੂੰ ਹੌਸਲਾ ਮਿਲਣ ਦੀ ਅਰਦਾਸ ਕੀਤੀ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਜ਼ਖ਼ਮੀਆਂ ਲਈ ਬਿਹਤਰ ਤੋਂ ਬਿਹਤਰ ਇਲਾਜ ਦੇ ਪ੍ਰਬੰਧ ਕਰਨ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/




















