Jalandhar : ਮੰਡੀਆਂ ਵਿੱਚੋਂ ਝੋਨਾ ਚੁੱਕਣ ਦੀ ਸਮੱਸਿਆ ਨੂੰ ਲੈਕੇ ਡੀਸੀ ਦਫ਼ਤਰ ਦਾ ਘਿਰਾਓ ਕਰਨਗੇ ਕਿਸਾਨ
ਚੰਡੀਗੜ੍ਹ, 29ਅਕਤੂਬਰ(ਵਿਸ਼ਵ ਵਾਰਤਾ) ਅੱਜ ਕਿਸਾਨਾਂ ਵੱਲੋਂ ਮੰਡੀਆਂ ਵਿੱਚੋਂ ਝੋਨਾ ਚੁੱਕਣ ਦੀ ਸਮੱਸਿਆਂ ਨੂੰ ਲੈ ਕੇ ਜਲੰਧਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਇਹ ਘੇਰਾਬੰਦੀ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕੀਤੀ ਜਾਵੇਗੀ। ਇਹ ਐਲਾਨ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਕਿਸਾਨ ਮੋਰਚੇ ਦੇ ਸੱਦੇ ’ਤੇ ਕੀਤਾ ਗਿਆ। ਪਿਛਲੇ ਦਿਨੀਂ ਕਿਸਾਨ ਜੱਥੇਬੰਦੀ ਸੰਯੁਕਤ ਕਿਸਾਨ ਮੋਰਚਾ ਵੱਲੋਂ ਹੰਗਾਮੀ ਮੀਟਿੰਗ ਸੱਦੀ ਗਈ ਸੀ। ਉਕਤ ਹੰਗਾਮੀ ਆਨਲਾਈਨ ਮੀਟਿੰਗ ਵਿੱਚ ਝੋਨੇ ਦੀ ਲਿਫਟਿੰਗ ਅਤੇ ਇਸ ਦੀ ਖਰੀਦ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਮੰਡੀਆਂ ਦੀ ਹਾਲਤ ਅਤੇ ਲਿਫਟਿੰਗ ਦੇ ਹਾਲਾਤ ਦੇਖ ਕੇ ਲੱਗਦਾ ਹੈ ਕਿ ਝੋਨਾ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਰੇਟ ‘ਤੇ ਵੇਚਣਾ ਪਵੇਗਾ। ਨਾਲ ਹੀ ਕਾਲਾਬਾਜ਼ਾਰੀ ਕਾਰਨ ਉਨ੍ਹਾਂ ਨੂੰ ਡੀਏਪੀ ਖਾਦ ਨਹੀਂ ਮਿਲ ਰਹੀ। ਇਸ ਕਾਰਨ ਅੱਜ ਕਿਸਾਨਾਂ ਵੱਲੋਂ ਜਲੰਧਰ ਦੇ ਡੀਸੀ ਦਫਤਰ ਦਾ ਘਿਰਾਓ ਕੀਤਾ ਜਾਵੇਗਾ।