Jalandhar ‘ਚ ਮਾਂ ਬੋਲੀ ਪੰਜਾਬੀ ਮਾਰਚ ਦੌਰਾਨ ਆਇਆ ਜਨ ਸੈਲਾਬ
ਚੰਡੀਗੜ੍ਹ, 26 ਫਰਵਰੀ (ਵਿਸ਼ਵ ਵਾਰਤਾ): ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਦੇ ਮੌਕੇ ‘ਤੇ, ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਦੀ ਅਗਵਾਈ ਹੇਠ ਪੰਜਾਬੀ ਜਾਗ੍ਰਿਤੀ ਮੰਚ ਵੱਲੋਂ ਵੀਰਵਾਰ ਨੂੰ ਸ਼ਹਿਰ ਵਿੱਚ ਇੱਕ ਵਿਸ਼ਾਲ ‘ਮਾਂ ਬੋਲੀ ਪੰਜਾਬੀ ਮਾਰਚ’ ਕੱਢਿਆ ਗਿਆ। ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੇ ਪ੍ਰਚਾਰ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਣ ਅਤੇ ਜਸ਼ਨ ਮਨਾਉਣ ਲਈ ਦੁਨੀਆ ਭਰ ਤੋਂ ਲੋਕਾਂ ਦਾ ਇੱਕ ਵੱਡਾ ਸੈਲਾਬ ਉਮੜਿਆ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਹੁੰਦਾ ਹੋਇਆ ਇਹ ਮਾਰਚ ਦੇਸ਼ ਭਗਤ ਯਾਦਗਾਰ ਹਾਲ ਵਿਖੇ ਜਾ ਕੇ ਸਮਾਪਤ ਹੋਇਆ।
ਇਕੱਠ ਨੂੰ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਾਂ ਬੋਲੀ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ ਲਈ ਇਸ ਸਮਾਗਮ ਦਾ ਆਯੋਜਨ ਕਰਨ ਲਈ ਦੀਪਕ ਬਾਲੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਨੌਜਵਾਨਾਂ ਨੂੰ ਪੰਜਾਬੀ ਮਾਂ ਬੋਲੀ ਦਾ ਸੰਦੇਸ਼ ਦੁਨੀਆ ਭਰ ਵਿੱਚ ਪਹੁੰਚਾਉਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁਨੀਆ ਦੇ ਕੋਨੇ-ਕੋਨੇ ਵਿੱਚ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ।
ਇਸ ਦੌਰਾਨ ਦੀਪਕ ਬਾਲੀ ਨੇ ਪੰਜਾਬੀ ਦੇ ਵੱਡੇ ਪੱਧਰ ‘ਤੇ ਪ੍ਰਚਾਰ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਸਾਰੇ ਵਿੱਦਿਅਕ ਅਦਾਰਿਆਂ ਵਿੱਚ ਇਸ ਦੀ ਪੜ੍ਹਾਈ ਲਾਜ਼ਮੀ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ki ਮਾਤ ਭਾਸ਼ਾ ਦਿਵਸ ਨੂੰ ਮਾਣ ਨਾਲ ਮਨਾਇਆ ਜਾਣਾ ਚਾਹੀਦਾ ਹੈ ਅਤੇ ਕਿਹਾ ਕਿ ਕਿਸੇ ਵੀ ਵਿਅਕਤੀ ਦੀ ਪਛਾਣ ਉਸ ਦੀ ਮਾਂ ਬੋਲੀ ਨਾਲ ਡੂੰਘੇ ਰੂਪ ਵਿੱਚ ਜੁੜੀ ਹੁੰਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























