Jalandhar ਦੇ ਪਿੰਡ ਮਹਿਲ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਘਟਨਾ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ
ਜਲੰਧਰ 22 ਜਨਵਰੀ 2026 – ਜਲੰਧਰ (Jalandhar) ਦਿਹਾਤੀ ਪੁਲਿਸ ਨੇ ਥਾਣਾ ਗੁਰਾਇਆ ਅਧੀਨ ਪੈਂਦੇ ਪਿੰਡ ਮਹਿਲ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਹਾਲ ਹੀ ਵਿੱਚ ਹੋਈ ਬੇਅਦਬੀ ਘਟਨਾ ਦੇ ਸਬੰਧ ਵਿੱਚ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਇਸ ਘਟਨਾ ਵਿੱਚ ਸ਼ਾਮਲ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਜਾਣਕਾਰੀ ਜਲੰਧਰ ਦਿਹਾਤੀ ਦੇ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਸਾਂਝੀ ਕੀਤੀ ਜਿਨ੍ਹਾਂ ਨੇ ਕਿਹਾ ਕਿ ਪੁਲਿਸ ਨੇ ਸੂਚਨਾ ਮਿਲਣ ‘ਤੇ ਤੁਰੰਤ ਕਾਰਵਾਈ ਕੀਤੀ ਅਤੇ ਬੇਅਦਬੀ ਦੇ ਮੁੱਖ ਮੁਲਜ਼ਮ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ। ਐਸਐਸਪੀ ਜਲੰਧਰ ਦਿਹਾਤੀ ਨੇ ਅੱਗੇ ਦੱਸਿਆ ਕਿ ਕਾਨੂੰਨ ਅਨੁਸਾਰ ਜ਼ਰੂਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਅਤੇ ਮਾਮਲੇ ਦੇ ਸਾਰੇ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਐਸਐਸਪੀ ਜਲੰਧਰ (Jalandhar) ਦਿਹਾਤੀ ਨੇ ਇਹ ਵੀ ਭਰੋਸਾ ਦਿੱਤਾ ਕਿ ਇਲਾਕੇ ਵਿੱਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ ਅਤੇ ਕਾਬੂ ਹੇਠ ਹੈ, ਅਤੇ ਜਲੰਧਰ ਦਿਹਾਤੀ ਪੁਲਿਸ ਫਿਰਕੂ ਸਦਭਾਵਨਾ ਅਤੇ ਜਨਤਕ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਚੌਕਸੀ ਰੱਖ ਰਹੀ ਹੈ।
ਦੱਸ ਦਈਏ ਕਿ ਇਹ ਘਟਨਾ 21 ਜਨਵਰੀ ਨੂੰ ਸਵੇਰੇ 6 ਵਜੇ ਜਲੰਧਰ ਦੇ ਪਿੰਡ ਮਹਿਲ ਕਲਾਂ ਦੇ ਗੁਰਦੁਆਰਾ ਵਿੱਚ ਵਾਪਰੀ, ਜਿਥੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ। ਸ਼ਰਾਰਤੀ ਅਨਸਰ ਵੱਲੋਂ ਪਵਿੱਤਰ ਗੁਰੂ ਗ੍ਰੰਥ ਸਾਹਿਬ ਦੇ ਛੇ ਪੰਨੇ ਪਾੜ ਦਿੱਤੇ ਗਏ ਸਨ। ਜਿਸ ਤੋਂ ਬਾਅਦ ਗੁੱਸੇ ‘ਚ ਆਈ ਸਿੱਖ ਸੰਗਤ ਅਤੇ ਜਥੇਬੰਦੀਆਂ ਨੇ ਇਲਾਕੇ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























