Jalandhar ‘ਚ 13 ਸਾਲਾਂ ਬੱਚੀ ਦੇ ਕਤਲ ਮਾਮਲੇ ‘ਚ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ
ਚੰਡੀਗੜ੍ਹ, 29 ਨਵੰਬਰ 2025 (ਵਿਸ਼ਵ ਵਾਰਤਾ): ਬੀਤੇ ਦਿਨੀ ਜਲੰਧਰ ‘ਚ ਵਾਪਰੀ 13 ਸਾਲਾ ਨਾਬਾਲਗ ਲੜਕੀ ਦੇ ਕਤਲ ਦੀ ਘਟਨਾ (Jalandhar) ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ਨੂੰ ਲੈ ਕੇ ਆਪਣਾ ਪਹਿਲਾ ਬਿਆਨ ਜਾਰੀ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਘਟਨਾ ਅਣਮਨੁੱਖੀ ਘਟਨਾ ਸੀ। ਅੱਜ ਦੇ ਸਮੇਂ ਵਿੱਚ ਅਜਿਹੀਆਂ ਘਟਨਾਵਾਂ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਅਜਿਹੇ ਲੋਕਾਂ ਦੇ ਮਨਾਂ ਵਿੱਚ ਅਜਿਹੀ ਬੇਰਹਿਮੀ ਕਿਵੇਂ ਭਰ ਜਾਂਦੀ ਹੈ।
ਉਨ੍ਹਾਂ ਪੁਲਿਸ ਨੂੰ ਦੋਸ਼ੀ ਵਿਰੁੱਧ ਸਖ਼ਤ ਰਿਪੋਰਟ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਫਾਸਟ-ਟਰੈਕ ਅਦਾਲਤ ਵਿੱਚ ਕੀਤੀ ਜਾਵੇਗੀ, ਤਾਂ ਜੋ ਦੋਸ਼ੀ ਨੂੰ ਜਲਦੀ ਤੋਂ ਜਲਦੀ ਸਜਾ ਦਿੱਤੀ ਜਾ ਸਕੇ ਅਤੇ ਕੋਈ ਵੀ ਦੁਬਾਰਾ ਅਜਿਹਾ ਕੁਝ ਕਰਨ ਬਾਰੇ ਸੋਚ ਵੀ ਨਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲੇ ਦਿਨ ਤੋਂ ਹੀ ਇਸ ਮਾਮਲੇ ਤੇ ਨਜ਼ਰ ਰੱਖ ਰਹੇ ਹਨ। ਉਨ੍ਹਾਂ ਨੇ ਲੜਕੀ ਦੀ ਮਾਂ ਲਈ ਸਰਕਾਰੀ ਨੌਕਰੀ ਦਾ ਐਲਾਨ ਕੀਤਾ ਤਾਂ ਜੋ ਉਸਨੂੰ ਕਿਸੇ ‘ਤੇ ਨਿਰਭਰ ਨਾ ਰਹਿਣਾ ਪਵੇ। ਇਸ ਦੇ ਨਾਲ ਹੀ ਕੁੜੀ ਦੇ ਭਰਾ ਨੂੰ ਵੀ ਜਲੰਧਰ ਤਬਦੀਲ ਕਰ ਦਿੱਤਾ ਗਿਆ ਹੈ ਤਾਂ ਜੋ ਉਹ ਇਸ ਮੁਸ਼ਕਲ ਸਮੇਂ ਦੌਰਾਨ ਆਪਣੀ ਮਾਂ ਦੀ ਦੇਖਭਾਲ ਕਰ ਸਕੇ। ਸਰਕਾਰ ਨੇ ਪੁਲਿਸ ਨੂੰ ਸਖ਼ਤ ਹੁਕਮ ਜਾਰੀ ਕੀਤੇ ਹਨ ਕਿ ਦੋਸ਼ੀ ਨੂੰ, ਅਤੇ ਨਾਲ ਹੀ ਉਸ ਦੀ ਮਦਦ ਕਰਨ ਵਾਲੇ ਹਰ ਵਿਅਕਤੀ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























