ਕਿਹਾ, ਜ਼ਿਲ੍ਹੇ ’ਚ 11.20 ਲੱਖ ਮੀਟ੍ਰਿਕ ਟਨ ਤੋਂ ਵੱਧ ਫ਼ਸਲ ਦੀ ਆਮਦ ਹੋਣ ਦੀ ਉਮੀਦ
ਪੰਜਾਬ ਸਰਕਾਰ ਮੰਡੀਆਂ ’ਚ ਆਈ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ
ਜਲੰਧਰ, 8 ਅਕਤੂਬਰ (ਵਿਸ਼ਵ ਵਾਰਤਾ ): ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਇਥੇ ਨਵੀਂ ਅਨਾਜ ਮੰਡੀ ਵਿਖੇ ਇਸ ਸੀਜ਼ਨ ਲਈ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਸਹੂਲਤ ਲਈ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਪ੍ਰਕਿਰਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਦੇ ਸਮੁੱਚੇ 79 ਖ਼ਰੀਦ ਕੇਂਦਰਾਂ ‘ਤੇ 11.20 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ ਅਤੇ ਕਿਸਾਨਾਂ ਦੀ ਜਿਣਸ ਦੇ ਦਾਣੇ-ਦਾਣੇ ਦੀ ਖ਼ਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਇਸੇ ਤਰ੍ਹਾਂ ਖ਼ਰੀਦ ਕੀਤੀ ਫ਼ਸਲ ਦੀ ਸਮੇਂ ਸਿਰ ਚੁਕਾਈ ਅਤੇ ਅਦਾਇਗੀ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਕਿਸਮ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 8739 ਮੀਟ੍ਰਿਕ ਟਨ ਝੋਨੇ ਦੀ ਫ਼ਸਲ ਦੀ ਆਮਦ ਹੋ ਚੁੱਕੀ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਫ਼ਸਲ ਦਾ ਇੱਕ-ਇੱਕ ਦਾਣਾ ਮਿੱਥੇ ਸਮੇਂ ਦੇ ਅੰਦਰ ਖ਼ਰੀਦਣ ਲਈ ਵਚਨਬੱਧ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਅਧਿਕਾਰੀਆਂ ਵੱਲੋਂ ਪੀਣ ਵਾਲੇ ਪਾਣੀ ਦੀ ਉਪਲਬਧਤਾ, ਸਾਫ਼-ਸਫ਼ਾਈ, ਛਾਂ, ਤਰਪਾਲਾਂ, ਬਾਰਦਾਨੇ ਤੋਂ ਇਲਾਵਾ ਹੋਰ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਲਿਫ਼ਟਿੰਗ ਅਤੇ ਅਦਾਇਗੀ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ ਅਤੇ ਸਾਰੀਆਂ ਅਦਾਇਗੀਆਂ ਤੁਰੰਤ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਲ਼ੋੜੀਂਦੀ ਉਪਲਬਧਤਾ ਹੈ, ਜਿਸ ਕਰਕੇ ਕਿਸਾਨਾਂ ਨੂੰ ਸੀਜ਼ਨ ਦੌਰਾਨ ਕੋਈ ਦਿੱਕਤ ਪੇਸ਼ ਨਹੀਂ ਆਵੇਗੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਮੌਕੇ ’ਤੇ ਹਾਜ਼ਰ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਅਤੇ ਅਧਿਕਾਰੀਆਂ ਵੱਲੋਂ ਅਨਾਜ ਮੰਡੀਆਂ ਵਿੱਚ ਕੀਤੇ ਪ੍ਰਬੰਧਾਂ ਬਾਰੇ ਉਨ੍ਹਾਂ ਦੀ ਪ੍ਰਤੀਕਿਰਿਆ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਲੇਬਰ ਅਤੇ ਟਰਾਂਸਪੋਰਟ ਸਬੰਧੀ ਠੇਕੇ ਪਹਿਲਾਂ ਕੀਤੇ ਜਾ ਚੁੱਕੇ ਹਨ ਅਤੇ ਲਿਫ਼ਟਿੰਗ ਦਾ ਕੰਮ ਤੇਜ਼ੀ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ ਅਤੇ ਕਿਸੇ ਵੀ ਕਿਸਮ ਦੀ ਅਣਗਹਿਲੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਸਿਰਫ਼ ਸੁੱਕੀ ਫ਼ਸਲ ਹੀ ਲੈ ਕੇ ਆਉਣ ਅਤੇ ਰਾਤ ਸਮੇਂ ਵਾਢੀ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਪਿੰਡ ਸਹਿਝੰਗੀ ਦੇ ਕਿਸਾਨ ਜਰਨੈਲ ਸਿੰਘ ਨੇ ਦੱਸਿਆ ਕਿ ਮੰਡੀ ਵਿੱਚ ਪਹੁੰਚਣ ਤੋਂ ਤੁਰੰਤ ਬਾਅਦ ਹੀ ਉਸ ਦੀ ਫ਼ਸਲ ਖ਼ਰੀਦ ਲਈ ਗਈ । ਉਨ੍ਹਾਂ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜਲੰਧਰ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ।
ਗਾਖਲ ਪਿੰਡ ਦੇ ਇਕ ਹੋਰ ਕਿਸਾਨ ਹਰੀ ਸਿੰਘ ਨੇ ਨਵੀਂ ਅਨਾਜ ਮੰਡੀ ਵਿਖੇ ਆਪਣੇ ਨਵਾਂ ਤਜਰਬਾ ਸਾਂਝਾ ਕਰਦਿਆਂ ਦੱਸਿਆ ਕਿ ਮੰਡੀ ਵਿੱਚ ਪਹੁੰਚਣ ’ਤੇ ਨਾਲ ਦੀ ਨਾਲ ਉਸ ਦੀ ਫ਼ਸਲ ਖ਼ਰੀਦ ਕਰ ਲਈ ਗਈ। ਉਨ੍ਹਾਂ ਦੱਸਿਆ ਕਿ ਮਾਰਕਿਟ ਕਮੇਟੀ ਵੱਲੋਂ ਅਨਾਜ ਮੰਡੀ ਵਿੱਚ ਪੀਣ ਵਾਲੇ ਪਾਣੀ ਅਤੇ ਬੈਠਣ ਲਈ ਕੁਰਸੀਆਂ ਆਦਿ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਬੋਲਦਿਆਂ ਆੜ੍ਹਤੀ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਕਿਸਾਨਾਂ ਵੱਲੋਂ ਸਮੁੱਚੀ ਖ਼ਰੀਦ ਪ੍ਰਕਿਰਿਆ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਜਲੰਧਰ ਪ੍ਰਸ਼ਾਸਨ ਦਾ ਖ਼ਰੀਦ ਸੀਜ਼ਨ ਨੂੰ ਤਰਜੀਹ ਦੇਣ ਲਈ ਧੰਨਵਾਦ ਕੀਤਾ।ਇਸ ਮੌਕੇ ਮੰਡੀ ਅਫ਼ਸਰ ਮੁਕੇਸ਼ ਕੈਲੇ, ਡੀ.ਐਫ.ਐਸ.ਸੀ. ਨਰਿੰਦਰ ਸਿੰਘ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦੇ ਵੀ ਮੌਜੂਦ ਸਨ।