Kapurthala News: ‘ਯੁੱਧ ਨਸ਼ਿਆਂ ਵਿਰੁੱਧ’; ਸਕੂਲ ਆਫ ਐਮੀਨੈਂਸ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਪੇਂਟਿੰਗ ਮੁਕਾਬਲੇ
ਕਪੂਰਥਲਾ, 05 ਮਾਰਚ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ‘ਯੁੱਧ ਨਸ਼ਿਆਂ ਵਿਰੁੱਧ’ ਜਾਗਰੂਕਤਾ ਮੁਹਿੰਮ ਤਹਿਤ ਸਕੂਲ ਆਫ ਐਮੀਨੈਂਸ ਕਪੂਰਥਲਾ ਵਿਖੇ ਕਰਵਾਏ ਗਏ ਪੇਂਟਿੰਗ ਮੁਕਾਬਲਿਆਂ ਵਿਚ ਐਸ.ਡੀ.ਐਮ ਮੇਜਰ ਡਾ. ਇਰਵਿਨ ਕੌਰ ਤੇ ਡੀ.ਐਸ.ਪੀ ਦੀਪ ਕਰਨ ਸਿੰਘ ਵੱਲੋਂ ਸ਼ਿਰਕਤ ਕੀਤੀ ਗਈ।
ਐਸ.ਡੀ.ਐਮ. ਮੇਜਰ ਡਾ.ਇਰਵਿਨ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਪੂਰਥਲਾ ਦੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਵਿਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਇਸ ਮੁਹਿੰਮ ਤਹਿਤ ਸਮੂਹ ਪ੍ਰਿੰਸੀਪਲ ਤੇ ਸਕੂਲ ਮੁਖੀਆਂ ਨੂੰ ਕਿਹਾ ਗਿਆ ਹੈ ਕਿ ਉਹ ਬੱਚਿਆਂ ਨੂੰ ਸਵੇਰ ਦੀ ਸਭਾ ਵਿਚ ਨਸ਼ੇ ਵਿਰੁੱਧ ਜਾਗਰੂਕ ਕਰਨ ਤੇ ਰੋਜ਼ਾਨਾ ਦੇ ਆਧਾਰ ’ਤੇ ਸਕੂਲਾਂ ਵਿਚ ਨਸ਼ਾ ਵਿਰੋਧੀ ਸੈਮੀਨਾਰ, ਪੇਂਟਿੰਗ ਤੇ ਭਾਸ਼ਣ ਮੁਕਾਬਲੇ ਕਰਵਾਏ ਜਾਣ ਤਾਂ ਜੋ ਵਿਦਿਆਰਥੀਆਂ ਨੂੰ ਇਨ੍ਹਾਂ ਪੇਂਟਿੰਗ ਮੁਕਾਬਲੇ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਈਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਤੋਂ ਬਾਅਦ ਵਿਦਿਆਰਥੀਆਂ ਦੇ ਉਪ ਮੰਡਲ ਪੱਧਰ ’ਤੇ ਮੁਕਾਬਲੇ ਕਰਵਾਏ ਜਾਣਗੇ ਤਾਂ ਜੋ ਬੱਚੇ ਨਸ਼ਾ ਵਿਰੋਧੀ ਮੁਹਿੰਮ ਵਿਚ ਇਕ ਦੂਤ ਦੀ ਭੂਮਿਕਾ ਨਿਭਾ ਸਕਣ।