Khanuri Border News : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 10ਵੇਂ ਦਿਨ ਵੀ ਜਾਰੀ
ਚੰਡੀਗੜ੍ਹ, 5ਦਸੰਬਰ(ਵਿਸ਼ਵ ਵਾਰਤਾ) ਕੇਂਦਰ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਅਤੇ ਕੀਤੇ ਗਏ ਵਾਅਦਿਆਂ ਨੂੰ ਲਾਗੂ ਕਰਵਾਉਣ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 10ਵਾਂ ਦਿਨ ਹੈ ਅਤੇ ਖਨੌਰੀ ਮੋਰਚੇ ਉੱਪਰ ਕਿਸਾਨਾਂ ਦੀ ਗਿਣਤੀ ਦਿਨੋ-ਦਿਨ ਵੱਧ ਰਹੀ ਹੈ। ਡੱਲੇਵਾਲ ਦੀ ਸਿਹਤ ਵੀ ਵਿਗੜਣ ਲੱਗੀ ਹੈ। ਉਧਰ, ਕਿਸਾਨ ਆਗੂਆਂ ਦਾ ਸਪੱਸ਼ਟ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣਦੀ, ਉਦੋਂ ਤੱਕ ਮਰਨ ਵਰਤ ਇਸੇ ਤਰ੍ਹਾਂ ਜਾਰੀ ਰਹੇਗਾ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅਸੀਂ ਮਾਣਯੋਗ ਉਪ ਰਾਸ਼ਟਰਪਤੀ ਦੇ ਬਿਆਨਾਂ ਦਾ ਸਨਮਾਨ ਅਤੇ ਸਵਾਗਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਮਾਣਯੋਗ ਉਪ ਰਾਸ਼ਟਰਪਤੀ ਨੇ ਸਾਡੀਆਂ ਮੰਗਾਂ ਉੱਪਰ ਮੋਹਰ ਲਗਾਉਂਦੇ ਹੋਏ ਕਿਹਾ ਹੈ ਕਿ ਕਈ ਅਰਥ ਸ਼ਾਸਤਰੀਆਂ ਨਾਲ ਹੋਈ ਗੱਲਬਾਤ ਦੇ ਆਧਾਰ ‘ਤੇ ਮੈਂ ਇਹ ਕਹਿ ਰਿਹਾ ਹਾਂ ਕਿ ਐਮ.ਐਸ.ਪੀ ਗਾਰੰਟੀ ਕਾਨੂੰਨ ਬਣਾਉਣ ਨਾਲ ਦੇਸ਼ ਦੀ ਆਰਥਿਕਤਾ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਬਹੁਤ ਫਾਇਦਾ ਹੋਵੇਗਾ।
ਕਿਸਾਨ ਆਗੂਆਂ ਨੇ ਕਿਹਾ ਕਿ ਖਨੌਰੀ ਮੋਰਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ਤੋਂ ਨੌਜਵਾਨਾਂ ਦਾ ਇੱਕ ਵੱਡਾ ਜੱਥਾ ਵੀਰਵਾਰ ਨੂੰ ਖਨੌਰੀ ਮੋਰਚੇ ਉੱਪਰ ਪਹੁੰਚੇਗਾ। ਇਸ ਤੋਂ ਬਾਅਦ 7 ਦਸੰਬਰ ਤੋਂ ਹਰ ਰੋਜ ਵੱਡੇ ਜੱਥੇ ਖਨੌਰੀ ਮੋਰਚੇ ‘ਤੇ ਪਹੁੰਚਣਗੇ। ਉਨ੍ਹਾਂ ਕਿਹਾ ਕਿ 6 ਦਸੰਬਰ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ਚ, ਕਰਨਾਟਕ ਅਤੇ ਤੇਲੰਗਾਨਾ ਦੀਆਂ ਰਾਜਧਾਨੀਆਂ ’ਚ ਹਰ ਰੋਜ਼ 100 ਕਿਸਾਨ ਅੰਸ਼ਕ ਤੌਰ ’ਤੇ ਮਰਨ ਵਰਤ ਉੱਪਰ ਬੈਠਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/