Kisan Andolan : ਹੁਣ 14 ਦਸੰਬਰ ਨੂੰ ਦਿੱਲੀ ਕੂਚ ਕਰਨਗੇ ਕਿਸਾਨ
ਚੰਡੀਗੜ੍ਹ, 10ਦਸੰਬਰ(ਵਿਸ਼ਵ ਵਾਰਤਾ) ਪੰਜਾਬ–ਹਰਿਆਣਾ ਸਰਹੱਦ ਤੇ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਡਟੇ ਕਿਸਾਨ ਹੁਣ 14 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਕੂਚ ਕਰਨਗੇ। ਇਹ ਫੈਸਲਾ ਅੱਜ ਸ਼ੰਭੂ ਸਰਹੱਦ ‘ਤੇ ਹੋਈ ਬੈਠਕ ‘ਚ ਲਿਆ ਗਿਆ। ਇਸ ਮਗਰੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਸਾਂਝੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦਿੱਲੀ ਮਾਰਚ ਅਤੇ ਜਗਜੀਤ ਸਿੰਘ ਡੱਲੇਵਾਲ ਦੀ ਤੰਦਰੁਸਤੀ ਦੀ ਕਾਮਨਾ ਕਰਨ ਲਈ ਕੱਲ੍ਹ ਨੂੰ ਅਰਦਾਸ ਦਿਵਸ ਮਨਾਇਆ ਜਾਵੇਗਾ। ਸਮੂਹ ਸੰਗਤਾਂ ਧਾਰਮਿਕ ਸਥਾਨਾਂ ‘ਤੇ ਜਾ ਕੇ ਅਰਦਾਸ ਕਰਨਗੀਆਂ।
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਕਿਸਾਨ 6 ਅਤੇ 8ਦਸੰਬਰ ਨੂੰ ਦਿੱਲੀ ਜਾਣ ਦੀ ਕੋਸ਼ਿਸ਼ ਕਰ ਚੁੱਕੇ ਹਨ, ਪਰ ਦੋਵੇਂ ਕੋਸ਼ਿਸ਼ਾਂ ਵਿੱਚ ਅਸਫ਼ਲ ਹੋਏ ਹਨ। ਹੁਣ ਕਿਸਾਨਾਂ ਨੇ ਇੱਕ ਵਾਰ ਫਿਰ ਤੋਂ ਨਵੀਂ ਰਣਨੀਤੀ ਤਿਆਰ ਕਰਦਿਆਂ 14 ਦਸੰਬਰ ਨੂੰ ਦਿੱਲੀ ਕੂਚ ਦਾ ਐਲਾਨ ਕੀਤਾ ਹੈ।
ਜ਼ਿਕਰਯੋਗ ਹੈ ਕਿ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤਾ ਜਾ ਰਿਹਾ ਮਰਨ ਵਰਤ ਅੱਜ 15ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਬੀਤੇ ਕੱਲ੍ਹ ਸਿਹਤ ਠੀਕ ਨਾ ਹੋਣ ਕਰਕੇ ਜਗਜੀਤ ਸਿੰਘ ਡੱਲੇਵਾਲ ਸਟੇਜ ਉੱਪਰ ਨਹੀਂ ਆ ਸਕੇ। ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਬਲੱਡ ਪ੍ਰੈਸ਼ਰ 124/95, ਸ਼ੂਗਰ 93, ਪਲਸ 87 ਹੈ ਅਤੇ ਉਹਨਾਂ ਦਾ ਭਾਰ 11 ਕਿਲੋ ਘੱਟ ਗਿਆ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਇਹ ਆਰ-ਪਾਰ ਦੀ ਲੜਾਈ ਹੈ ਅਤੇ ਉਨ੍ਹਾਂ ਦਾ ਮਰਨ ਵਰਤ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ MSP ਗਾਰੰਟੀ ਕਾਨੂੰਨ ਨਹੀਂ ਬਣ ਜਾਂਦਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/