Kisan Andolan : ਡੱਲੇਵਾਲ ਇਕ ਸ਼ਰਤ ‘ਤੇ ਮਰਨ ਵਰਤ ਕਰਨਗੇ ਖਤਮ : ਮਹਾਪੰਚਾਇਤ 4 ਜਨਵਰੀ ਨੂੰ
ਲਿਵਰ ਅਤੇ ਕਿਡਨੀ ਫੰਕਸ਼ਨ ਟੈਸਟ ਦੀ ਰਿਪੋਰਟ ਨੇ ਵਧਾਈ ਚਿੰਤਾ
ਚੰਡੀਗੜ੍ਹ,1ਜਨਵਰੀ (ਵਿਸ਼ਵ ਵਾਰਤਾ) ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਮੰਗਲਵਾਰ ਨੂੰ 37ਵੇਂ ਦਿਨ ਵੀ ਜਾਰੀ ਰਿਹਾ। ਉਹਨਾਂ ਦੀ ਜਾਂਚ ਕਰ ਰਹੇ ਡਾਕਟਰ ਸਵੈਮਾਨ ਸਿੰਘ ਨੇ ਵੀਡੀਓ ਜਾਰੀ ਕਰਕੇ ਦੱਸਿਆ ਕਿ ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਸਮੇਂ ਉਹ ਆਪਣੀ ਮਜ਼ਬੂਤ ਇੱਛਾ ਸ਼ਕਤੀ ਦੇ ਬਲ ‘ਤੇ ਹੀ ਜੀਅ ਰਹੇ ਹਨ। GFR ਟੈਸਟ ਤੋਂ ਇਲਾਵਾ ਜੋ ਕਿ ਕਿਡਨੀ ਫੰਕਸ਼ਨ ਨੂੰ ਮਾਪਦਾ ਹੈ, ਲੀਵਰ ਅਤੇ ਕਿਡਨੀ ਫੰਕਸ਼ਨ ਟੈਸਟ ਵੀ ਖਰਾਬ ਆਏ।
ਡਾ: ਸਵੈਮਾਨ ਸਿੰਘ ਨੇ ਕਿਹਾ ਕਿ ਇਸ ਦੇ ਮੱਦੇਨਜ਼ਰ ਉਹ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਬਿਨਾਂ ਸਮਾਂ ਬਰਬਾਦ ਕੀਤੇ ਕਿਸਾਨਾਂ ਦੀਆਂ ਮੰਗਾਂ ‘ਤੇ ਤੁਰੰਤ ਗੌਰ ਕੀਤਾ ਜਾਵੇ | ਸਿਹਤ ਖ਼ਰਾਬ ਹੋਣ ਦੇ ਬਾਵਜੂਦ ਡੱਲੇਵਾਲ ਨੇ ਇੱਕ ਵੀਡੀਓ ਜਾਰੀ ਕਰਕੇ ਕਿਸਾਨਾਂ ਨੂੰ 4 ਜਨਵਰੀ ਨੂੰ ਖਨੌਰੀ ਸਰਹੱਦ ਵਿਖੇ ਹੋਣ ਵਾਲੀ ਮਹਾਂਪੰਚਾਇਤ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।
ਡੱਲੇਵਾਲ ਨੇ ਕਿਹਾ ਕਿ ਉਹ ਕਿਸਾਨਾਂ ਨੂੰ ਅਹਿਮ ਸੰਦੇਸ਼ ਦੇਣਾ ਚਾਹੁੰਦੇ ਹਨ। ਇਹ ਕਿਸਾਨ ਮਹਾਂਪੰਚਾਇਤ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗੀ, ਜਿਸ ਵਿੱਚ ਪੰਜਾਬ, ਹਰਿਆਣਾ ਤੋਂ ਇਲਾਵਾ ਦੇਸ਼ ਦੇ ਹੋਰਨਾਂ ਸੂਬਿਆਂ ਤੋਂ ਵੀ ਕਿਸਾਨਾਂ ਦੇ ਪਹੁੰਚਣ ਦੀ ਸੰਭਾਵਨਾ ਹੈ।
ਦੂਜੇ ਪਾਸੇ ਇਸ ਪੂਰੇ ਮਾਮਲੇ ‘ਤੇ ਮੰਗਲਵਾਰ ਨੂੰ ਸੁਪਰੀਮ ਕੋਰਟ ‘ਚ ਮੁੜ ਸੁਣਵਾਈ ਹੋਈ। ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਆਗੂ ਅਭਿਮੰਨਿਊ ਕੋਹਾੜ, ਕਾਕਾ ਸਿੰਘ ਕੋਟੜਾ, ਸੁਰਜੀਤ ਸਿੰਘ ਫੂਲ ਨੇ ਕਿਹਾ ਕਿ ਅਦਾਲਤ ਵਿੱਚ ਹੋਈ ਸਾਰੀ ਕਾਰਵਾਈ ਦਾ ਵਿਸ਼ਲੇਸ਼ਣ ਕੀਤਾ ਗਿਆ ਹੈ। ਸੁਪਰੀਮ ਕੋਰਟ ਦਾ ਰਵੱਈਆ ਪਹਿਲਾਂ ਦੇ ਮੁਕਾਬਲੇ ਬਦਲ ਗਿਆ ਹੈ। ਨਾਲ ਹੀ ਕਿਹਾ ਕਿ ਜੇਕਰ ਕੇਂਦਰ ਸਰਕਾਰ ਮੰਗਾਂ ਸਬੰਧੀ ਗੱਲਬਾਤ ਦਾ ਸੱਦਾ ਦਿੰਦੀ ਹੈ ਤਾਂ ਡੱਲੇਵਾਲ ਆਪਣਾ ਮਰਨ ਵਰਤ ਖਤਮ ਕਰਨ ਬਾਰੇ ਵਿਚਾਰ ਕਰ ਸਕਦੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/