Kisan Andolan : ਕੇਂਦਰ ਅਤੇ ਕਿਸਾਨਾਂ ਵਿਚਾਲੇ ਪੰਜਵੇਂ ਦੌਰ ਦੀ ਮੀਟਿੰਗ ਅੱਜ ਚੰਡੀਗੜ੍ਹ ‘ਚ
ਜਗਜੀਤ ਸਿੰਘ ਡੱਲੇਵਾਲ ਸਮੇਤ 28 ਕਿਸਾਨ ਆਗੂ ਲੈਣਗੇ ਹਿੱਸਾ
ਚੰਡੀਗੜ੍ਹ, 14ਫਰਵਰੀ(ਵਿਸ਼ਵ ਵਾਰਤਾ) Kisan Andolan : ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਕਿਸਾਨਾਂ ਦਾ ਅੰਦੋਲਨ ਪਿਛਲੇ ਸਾਲ ਦੀ 13 ਫਰਵਰੀ ਨੂੰ ਸ਼ੁਰੂ ਹੋਇਆ ਸੀ, ਜਿਸ ਨੂੰ ਇੱਕ ਸਾਲ ਪੂਰਾ ਹੋ ਚੁੱਕਾ ਹੈ।
ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪੰਜਾਬ-ਹਰਿਆਣਾ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ (14 ਫਰਵਰੀ) ਨੂੰ ਚੰਡੀਗੜ੍ਹ ਵਿੱਚ ਕੇਂਦਰ ਨਾਲ ਪੰਜਵੇਂ ਦੌਰ ਦੀ ਗੱਲਬਾਤ ਕਰਨਗੇ। ਕਿਸਾਨਾਂ ਵੱਲੋਂ ਇਸ ਮੀਟਿੰਗ ਵਿੱਚ 28 ਕਿਸਾਨ ਆਗੂ ਹਿੱਸਾ ਲੈਣਗੇ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਤੋਂ ਜਗਜੀਤ ਸਿੰਘ ਡੱਲੇਵਾਲ(Jagjit Singh Dallewal) ਅਤੇ ਕਿਸਾਨ ਮਜ਼ਦੂਰ ਮੋਰਚਾ ਤੋਂ ਸਰਵਣ ਪੰਧੇਰ ਉਨ੍ਹਾਂ ਦੀ ਅਗਵਾਈ ਕਰਨਗੇ। ਕਿਸਾਨ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦੀ ਮੰਗ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿੱਚ ਅੰਦੋਲਨਕਾਰੀ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਇਸ ਤੋਂ ਪਹਿਲਾਂ ਚਾਰ ਮੀਟਿੰਗਾਂ ਹੋਈਆਂ ਜੋ ਬੇਸਿੱਟਾ ਰਹੀਆਂ।
ਜਗਜੀਤ ਸਿੰਘ ਡੱਲੇਵਾਲ(Jagjit Singh Dallewal), ਜੋ 81 ਦਿਨਾਂ ਤੋਂ ਮਰਨ ਵਰਤ ‘ਤੇ ਹਨ, ਸਵੇਰੇ 11 ਵਜੇ ਖਨੌਰੀ ਸਰਹੱਦ ਤੋਂ ਚੰਡੀਗੜ੍ਹ ਲਈ ਰਵਾਨਾ ਹੋਣਗੇ। ਕੇਂਦਰ ਵੱਲੋਂ ਮੀਟਿੰਗ ਵਿੱਚ ਕੌਣ-ਕੌਣ ਸ਼ਾਮਲ ਹੋਣਗੇ, ਇਸ ਬਾਰੇ ਜਾਣਕਾਰੀ ਅਜੇ ਨਹੀਂ ਦਿੱਤੀ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਦੇ ਸੈਕਟਰ 26 ਸਥਿਤ ਇੱਕ ਦਫ਼ਤਰ ਵਿੱਚ ਸ਼ਾਮ 5.30 ਵਜੇ ਹੋਵੇਗੀ। ਸਰਵਣ ਪੰਧੇਰ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲਿਆ ਤਾਂ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/