Latest News: ਪੀ.ਏ.ਯੂ ਦੀਆਂ ਸਿਫਾਰਿਸ਼ਾਂ ਵਾਲੇ ਹੀ ਡੀ.ਏ.ਪੀ.ਦੇ ਬਦਲਵੇ ਪ੍ਰਬੰਧ ਵਰਤੇ ਜਾਣ – ਮੁੱਖ ਖੇਤੀਬਾੜੀ ਅਫਸਰ
ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵਲੋਂ ਖਾਦ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ ਜਾਰੀ
ਖਾਦ ਨਾਲ ਕਿਸੇ ਵੀ ਤਰ੍ਹਾਂ ਦੀ ਟੈਗਿੰਗ ਪਾਏ ਜਾਣ ’ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ
ਕਪੂਰਥਲਾ, 13 ਨਵੰਬਰ (ਵਿਸ਼ਵ ਵਾਰਤਾ) ਮੁੱਖ ਖੇਤੀਬਾੜੀ ਅਫਸਰ ਡਾ.ਬਲਬੀਰ ਚੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਏ.ਪੀ. ਖਾਦ ਦੇ ਬਦਲ ਵਜੋਂ ਪੀ.ਏ.ਯੂ ਲੁਧਿਆਣਾ ਵੱਲੋਂ ਸ਼ਿਫਾਰਿਸ਼ ਹੋਰ ਵੀ ਫਾਸਫੇਟਿਕ ਖਾਦਾਂ (ਸਿੰਗਲ ਸੁਪਰ ਫਾਸਫੇਟ, ਐਨ.ਪੀ.ਕੇ., ਟਰਿਪਲ ਸੁਪਰ ਫਾਸਫੇਟ) ਮੌਜੂਦ ਹਨ ਅਤੇ ਕਣਕ ਦੀ ਬਿਜਾਈ ਸਮੇਂ ਇਹਨਾਂ ਖਾਦਾਂ ਦੀ ਵਰਤੋਂ ਕਰਕੇ ਵੀ ਫਾਸਫੋਰਸ ਤੱਤ ਦੀ ਪੂਰਤੀ ਕੀਤੀ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਖੇਤ ਦੀ ਮਿੱਟੀ ਦੀ ਪਰਖ ਜ਼ਰੂਰ ਕਰਵਾਉਣ ਅਤੇ ਮਿੱਟੀ ਪਰਖ ਦੀ ਰਿਪੋਰਟ ਦੇ ਅਧਾਰ ’ਤੇ ਹੀ ਡੀ. ਏ. ਪੀ ਅਤੇ ਹੋਰ ਖਾਦਾਂ ਦੀ ਵਰਤੋਂ ਕੀਤੀ ਜਾਵੇ, ਤਾਂ ਜੋ ਬੇਲੋੜੇ ਖ਼ਰਚੇ ਘਟਾਏ ਜਾ ਸਕਣ।
ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਕਣਕ ਦੀ ਬੀਜਾਈ ਦਾ ਕੰਮ ਪੂਰੇ ਜ਼ੋਰਾਂ ’ਤੇ ਚੱਲ ਰਿਹਾ ਹੈ ਅਤੇ ਕਿਸਾਨਾਂ ਨੂੰ ਸਿਖਲਾਈ ਕੈਪਾਂ ਅਤੇ ਨੁੱਕੜ ਮੀਟਿੰਗਾਂ ਰਾਹੀਂ ਕਣਕ ਦੀ ਬਿਜਾਈ ਝੋਨੇ ਦੀ ਨਾੜ ਨੂੰ ਬਿਨ੍ਹਾਂ ਅੱਗ ਲਗਾਏ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਗਿਆ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵਲੋਂ ਖਾਦ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਨ ਦੇ ਨਾਲ-ਨਾਲ ਕਿਸਾਨਾਂ ਦੀ ਮੰਗ ਅਨੁਸਾਰ ਫਾਸਫੇਟਿਕ ਖਾਦਾਂ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਖਾਦ ਨਾਲ ਕਿਸੇ ਵੀ ਤਰ੍ਹਾਂ ਦੀ ਟੈਗਿੰਗ ਪਾਏ ਜਾਣ ’ਤੇ ਸਬੰਧਿਤ ਵਿਰੁੱਧ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।