Latest News : ਦਿੱਲੀ ਹਾਈਕੋਰਟ ਤੋਂ ਕੇਜਰੀਵਾਲ ਨੂੰ ਵੱਡਾ ਝਟਕਾ ; ਸੀਬੀਆਈ ਕੇਸ ਵਿੱਚ ਨਹੀਂ ਮਿਲੀ ਜ਼ਮਾਨਤ
ਨਵੀਂ ਦਿੱਲੀ ,5ਅਗਸਤ (ਵਿਸ਼ਵ ਵਾਰਤਾ)Latest News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਸੀਬੀਆਈ ਨੇ 26 ਜੂਨ ਨੂੰ ਦਿੱਲੀ ਦੀ ਆਬਕਾਰੀ ਨੀਤੀ ਤਹਿਤ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਸੀਬੀਆਈ ਦੀ ਗ੍ਰਿਫਤਾਰੀ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ ਅਤੇ ਰੈਗੂਲਰ ਜ਼ਮਾਨਤ ਪਟੀਸ਼ਨ ਵੀ ਦਾਇਰ ਕੀਤੀ ਸੀ। ਅਦਾਲਤ ਨੇ 17 ਜੁਲਾਈ ਨੂੰ ਸੀਬੀਆਈ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਅਤੇ 29 ਜੁਲਾਈ ਨੂੰ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਦਿੱਲੀ ਹਾਈ ਕੋਰਟ ਦੀ ਜੱਜ ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੀ ਅਦਾਲਤ ਨੇ ਕੇਜਰੀਵਾਲ ਦੀਆਂ ਦੋਵੇਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 21 ਮਾਰਚ ਨੂੰ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਐਕਸਾਈਜ਼ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਪਰ ਈਡੀ ਕੇਸ ਵਿੱਚ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ, ਜਦੋਂ ਕਿ ਅੱਜ ਸੀਬੀਆਈ ਕੇਸ ਵਿੱਚ ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲ ਸਕੀ। ਜੇਕਰ ਇਸ ਮਾਮਲੇ ਵਿੱਚ ਵੀ ਜ਼ਮਾਨਤ ਹੋ ਗਈ ਹੁੰਦੀ ਤਾਂ ਅੱਜ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਬਾਹਰ ਹੁੰਦੇ। ਪਰ ਉਨ੍ਹਾਂ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ ਨਹੀਂ ਮਿਲ ਸਕੀ ।